ਰੂਪਨਗਰ, 18 ਅਕਤੂਬਰ (ਲਾਡੀ ਖਾਬੜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਦਾ ਇੱਥੇ ਦਰਿਆ ਸਤਲੁੱਜ ਕਿਨਾਰੇ ਮੁੱਢ ਬੰਨਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਡਿਜ਼ਾਈਨ ਕੀਤੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਅੱਜ ਦੇਰ ਸ਼ਾਮ ਉਦਘਾਟਨ ਕੀਤਾ।ਇਸ ਮੌਕੇ ਤੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਰੂਪਮਾਨ ਕੀਤਾ ਗਿਆ ਹੈ। ਸੂਬੇ ਦੀਆਂ ਵੱਖ ਵੱਖ ਥਾਵਾਂ ਉਤੇ ਚਾਰ ਮਹੀਨਿਆਂ ਤੱਕ ਚੱਲਣ ਬਾਰੇ ਇਸ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਮੌਜੂਦਾ ਧਰੂਵੀਕਰਨ ਦੇ ਮਾਹੌਲ ਵਿੱਚ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਦਾ ਇਹ ਢੁਕਵਾਂ ਯਤਨ ਹੈ। ਬਹੁਤ ਹੀ ਬਾਰੀਕਬੀਨੀ ਨਾਲ ਡਿਜ਼ਾਈਨ ਕੀਤਾ ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰਦਾ ਹੈ। ਸਪੀਕਰ ਕੇ.ਪੀ. ਰਾਣਾ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖ਼ਿਲਾਫ਼ ਹਮੇਸ਼ਾ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ। ਉਨਾਂ ਸਾਰੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਇਨਾਂ ਧਾਰਮਿਕ ਸਮਾਗਮਾਂ ਨੂੰ ਮਿਲ ਕੇ ਮਨਾਉਣ। ਇਸ ਮੌਕੇ ਬੋਲਦਿਆਂ ਸੈਰ ਸਪਾਟਾਂ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਭਰ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਨਿੱਜੀ ਤੌਰ ਉਤੇ ਨਜ਼ਰਸਾਨੀ ਕਰ ਰਹੇ ਹਨ। ਉਨਾਂ ਕਿਹਾ ਕਿ ਇਹ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਨੂੰ ਆਪਣੇ ਜੀਵਨ ਦੌਰਾਨ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।



