ਬਠਿੰਡਾ, 4 ਨਵੰਬਰ (ਗੁਰਮੀਤ ਸੇਮਾ)- ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਬਠਿੰਡਾ ਵਿਖੇ ਜ਼ਿਲ੍ਹਾ ਪ੍ਰਾਸ਼ਸਨ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਵਿੱਤ ਮੰਤਰੀ ਸ.ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ 7 ਨਵੰਬਰ ਤੋਂ 12 ਨਵੰਬਰ ਤੱਕ ਕਰਵਾਏ ਜਾਣ ਵਾਲੇ ਇਨ੍ਹਾਂ ਪ੍ਰੋਗਰਾਮਾਂ ਵਿੱਚ ਧਾਰਮਿਕ, ਸਭਿਆਚਾਰਕ ਅਤੇ ਸੂਫੀ ਸ਼ਾਮ ਤੋਂ ਇਲਾਵਾ ਸਾਈਕਲ ਰੈਲੀ ਅਤੇ ਪੀਸ ਮਾਰਚ ਵੀ ਕੱਢੇ ਜਾਣਗੇ। ਇਹ ਜਾਣਕਾਰੀ ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ਮੁਫਤ ਐਂਟਰੀ ਹੋਵੇਗੀ ਅਤੇ ਕਿਸੇ ਤਰ੍ਹਾਂ ਦੇ ਕੋਈ ਸਪੈਸ਼ਲ ਪਾਸ ਜਾਰੀ ਨਹੀਂ ਕੀਤੇ ਜਾਣਗੇ। ਉਨ੍ਹਾਂ ਆਮ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਵੀ ਅਪੀਲ ਕੀਤੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 7 ਨਵੰਬਰ ਨੂੰ ਕ੍ਰਿਕਟ ਟੂਰਨਾਮੈਂਟ ਨਾਲ ਹੋਵੇਗੀ। ਕ੍ਰਿਕਟ ਟੂਰਨਾਮੈਂਟ ਦੌਰਾਨ 8 ਟੀਮਾਂ ਵੱਲੋਂ ਭਾਗ ਲਿਆ ਜਾਵੇਗਾ। ਚਾਰ ਰੋਜ਼ਾ ਚੱਲਣ ਵਾਲੇ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ 8 ਨਵੰਬਰ ਨੂੰ ਸੈਮੀਫਾਈਨਲ ਅਤੇ 10 ਨਵੰਬਰ ਨੂੰ ਪੁਲਿਸ ਲਾਈਨ ਦੇ ਖੇਡ ਮੈਦਾਨ ਫਾਈਨਲ ਮੁਕਾਬਲੇ ਕਰਵਾਏ ਜਾਣਗੇ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਜ਼ਿਲ੍ਹਾ ਕਾਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਅਰੁਣ ਵਧਾਵਨ, ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਕੇ ਕੇ ਅਗਰਵਾਲ, ਅਤੇ ਐਸ ਡੀ ਐੱਮ, ਬਠਿੰਡਾ ਸ੍ਰੀ ਅਮਰਿੰਦਰ ਸਿੰਘ ਟਿਵਾਣਾ, ਤਹਿਸੀਲਦਾਰ ਸ. ਸੁਖਵੀਰ ਸਿੰਘ ਬਰਾੜ, ਕਾਂਗਰਸੀ ਆਗੂ ਪਵਨ ਮਾਨੀ, ਅਸ਼ੋਕ ਪ੍ਰਧਾਨ, ਜਗਰੂਪ ਗਿੱਲ, ਮੋਹਨ ਲਾਲ ਝੂੰਬਾ, ਬਲਜਿੰਦਰ ਠੇਕੇਦਾਰ, ਮਾਸਟਰ ਹਰਮੰਦਰ, ਜਗਦੀਸ਼ ਖੁਰਾਣਾ ਆਦਿ ਸਖਸ਼ੀਅਤਾਂ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਉਚੇਚੇ ਤੌਰ ਤੇ ਸ਼ਾਮਿਲ ਸਨ।



