ਕੁੱਪ ਕਲਾਂ, 31 ਮਈ (ਪੀ.ਟੀ.)-ਕੇਂਦਰ ਸਰਕਾਰ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਮੇਨਿਕਾ ਗਾਂਧੀ ਨੇ ਹਲਕਾ ਅਮਰਗੜ੍ਹ ਦੇ ਪਿੰਡ ਦੁੱਗਰੀ ਵਿਖੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਭਾਰਤ ਸਰਕਾਰ ਹਿੰਸਾ ਦੀਆਂ ਸ਼ਿਕਾਰ ਔਰਤਾਂ ਦੀ ਭਲਾਈ ਲਈ ਦੇਸ਼ ਪੱਧਰ ਤੇ ਵਿਸ਼ੇਸ ਹੈਲਪ ਲਾਈਨ ਨੰਬਰ ਜਾਰੀ ਕਰੇਗੀ ਅਤੇ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ ਕੇਂਦਰ ਵੀ ਸਥਾਪਿਤ ਕੀਤੇ ਜਾਣਗੇ ਜਿੱਥੇ ਅਜਿਹੀਆਂ ਔਰਤਾਂ ਨੂੰ ਪਹਿਲ ਦੇ ਅਧਾਰ ਤੇ ਇਨਸਾਫ ਦਿੱਤਾ ਜਾਵੇਗਾ। ਸ੍ਰੀਮਤੀ ਗਾਂਧੀ ਨੇ ਕਿਹਾ ਕਿ ਭਾਰਤ ਸਰਕਾਰ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਆਪਕ ਕਦਮ ਚੁੱਕੇਗੀ ਅਤੇ ਕਿਸੇ ਵੀ ਪੱਖੋਂ ਪੀੜ੍ਹਤ ਔਰਤਾਂ ਦੇ ਮਾਮਲਿਆਂ ਸਬੰਧੀ ਸਖ਼ਤ ਰੁਖ ਅਪਣਾਇਆ ਜਾਵੇਗਾ। ਉਨ੍ਹਾਂ ਉੱਤਰ ਪ੍ਰਦੇਸ਼ ਦੇ ਬਦਾਯੂੰ
’ਚ ਵਾਪਰੀ ਦਰਦਨਾਕ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਰਾਜ ਸਰਕਾਰਾਂ ਨੂੰ ਵੀ ਸਖ਼ਤ ਕਦਮ ਚੁੱਕਣੇ ਪੈਣਗੇ। ਸ੍ਰੀਮਤੀ ਗਾਂਧੀ ਪਿੰਡ ਦੁੱਗਰੀ ਵਿਖੇ ਧਾਰਮਿਕ ਆਗੂ ਨਿਰਮਲ ਸਿੰਘ ਦੇ ਬਰਸੀ ਸਮਾਗਮ ’ਚ ਸ਼ਮੂਲੀਅਤ ਕਰਨ ਲਈ ਦਿੱਲੀ ਤੋਂ ਵਿਸ਼ੇਸ਼ ਤੌਰ ‘ਤੇ ਪੁੱਜੇ ਸਨ।



