April 23, 2026 9:43 pm

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 30 ਨਵੰਬਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ, ਜਦਕਿ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ। ਸਕੂਲੀ ਵਿਦਿਆਰਥੀਆਂ ਦੇ ਬੈਂਡ ਅਤੇ ਗਤਕਾ ਪਾਰਟੀਆਂ ਵੱਲੋਂ ਸਿੱਖ ਸ਼ਸਤਰ ਕਲਾ ਦਾ ਪ੍ਰਦਰਸ਼ਨ ਵੀ ਖਿੱਚ ਦਾ ਕੇਂਦਰ ਬਣੇ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਨੇ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੁ ਉਪਦੇਸ਼ਾਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਨੌਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਨਿਵੇਕਲੇ ਸੁਨੇਹੇ ਵਜੋਂ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਹਿੰਦੂ ਧਰਮ ਖ਼ਾਤਰ ਆਪਣੀ ਸ਼ਹਾਦਤ ਦੇ ਕੇ ਸਦਭਾਵਨਾ ਅਤੇ ਸਾਂਝੀਵਾਲਤਾ ਦੇ ਸੰਦੇਸ਼ ਨੂੰ ਰੂਪਮਾਨ ਕੀਤਾ। ਉਨ੍ਹਾਂ ਕਿਹਾ ਕਿ ਬੇਸ਼ੱਕ ਗੁਰੂ ਸਾਹਿਬ ਦੀ ਵਿਚਾਰਧਾਰਾ ਬਿਲਕੁਲ ਮੌਲਿਕ ਅਤੇ ਹਿੰਦੂ ਰੀਤੀ ਰਿਵਾਜ਼ਾਂ ਤੋਂ ਵੱਖਰੀ ਸੀ, ਪਰੰਤੂ ਉਨ੍ਹਾਂ ਨੇ ਸਿਧਾਂਤਕ ਸਾਂਝ ਤੋਂ ਪਰ੍ਹੇ ਜਾ ਕੇ ਮਨੁੱਖਤਾ ਖਾਤਰ ਆਪਣਾ ਆਪ ਕੁਰਬਾਨ ਕੀਤਾ। ਇਸ ਤੋਂ ਸਾਨੂੰ ਆਪਣੇ ਧਰਮ ਦੇ ਸਿਧਾਂਤਾਂ ’ਤੇ ਪ੍ਰਪੱਕ ਰਹਿੰਦਿਆਂ ਦੂਸਰੇ ਧਰਮਾਂ ਦੇ ਸਤਿਕਾਰ ਖਾਤਰ ਤੱਤਪਰ ਰਹਿਣ ਸੀ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ।ਨਗਰ ਕੀਰਤਨ ਦੌਰਾਨ ਸ਼ਹਿਰ ਦੀਆਂ ਸੰਗਤਾਂ, ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਅਤੇ ਵਿਦਿਆਰਥੀਆਂ ਤੋਂ ਇਲਾਵਾ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲ੍ਹਾ ਪ੍ਰਧਾਨ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਮੀਤ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ, ਸ. ਨਿਰਵੈਲ ਸਿੰਘ, ਸ. ਪਲਵਿੰਦਰ ਸਿੰਘ, ਪ੍ਰੋ. ਸੁਖਦੇਵ ਸਿੰਘ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਲਖਬੀਰ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਮੈਨੇਜਰ ਸ. ਜਸਪਾਲ ਸਿੰਘ ਢੱਡੇ ਤੇ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

Send this to a friend