ਬਠਿੰਡਾ, 24 ਦਸੰਬਰ (ਗੁਰਮੀਤ ਸੇਮਾ)- ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਡੈਪੋ ਅਤੇ ਬਡੀਜ਼ ਤਹਿਤ ਜ਼ਿਲ੍ਹੇ ਅੰਦਰ ਚੱਲ ਰਹੀਆਂ ਗਤੀਵਿਧੀਆਂ ਦਾ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਖ਼ਾਸ ਹਦਾਇਤ ਕੀਤੀ ਕਿ ਇਨ੍ਹਾਂ ਗਤੀਵਿਧੀਆਂ ਰਾਹੀਂ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਹਿੱਤ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇ। ਇਸ ਮੌਕੇ ਉਨ੍ਹਾਂ ਵਲੋਂ ਇਸ ਮੁਹਿੰਮ ਦੀ ਸਫ਼ਲਤਾ ਲਈ ਅਧਿਕਾਰੀਆਂ ਕੋਲੋ ਲੋੜੀਂਦੇ ਸੁਝਾਅ ਵੀ ਲਏ ਗਏ। ਬੈਠਕ ਦੌਰਾਨ ਸ਼੍ਰੀ ਸਿੱਧੂ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਡੈਪੋ ਪ੍ਰੋਗਰਾਮ ਤਹਿਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਾਲ ਜੋੜਨਾ ਯਕੀਨੀ ਬਣਾਇਆ ਜਾਵੇ ਤੇ ਇਸ ਲਈ ਪੰਚਾਂ ਤੇ ਸਰਪੰਚਾਂ ਨੂੰ ਵੀ ਇਸ ਮੁਹਿੰਮ ਨਾਲ ਜੋੜ ਕੇ ਵੱਧ ਤੋਂ ਵੱਧ ਪਿੰਡ ਪੱਧਰ ‘ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ‘ਚ ਚੱਲ ਰਹੇ ਬਡੀਜ਼ ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇ। ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬਡੀਜ਼ ਪ੍ਰੋਗਰਾਮ ਤਹਿਤ ਚੱਲ ਰਹੀਆਂ ਗਤੀਵਿਧੀਆਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਡੈਪੋ ਤਹਿਤ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਕੈਂਪ ਲਗਾ ਕੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਹਰਜਿੰਦਰ ਸਿੰਘ ਜੱਸਲ, ਪੁਲਿਸ ਵਿਭਾਗ ਤੋਂ ਇਲਾਵਾ ਹੋਰ ਵੱਖ-ਵੱਖ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
ਡੈਪੋ ਪ੍ਰੋਗਰਾਮ ‘ਚ ਸਮਾਜ ਸੇਵੀ ਸੰਸਥਾਵਾਂ ਦਾ ਲਿਆ ਜਾਵੇ ਸਹਿਯੋਗ : ਸੁਖਪ੍ਰੀਤ ਸਿੰਘ ਸਿੱਧੂ



