ਬਠਿੰਡਾ, 5 ਜੂਨ (ਬਸੰਤ ਅਗਰੋਈਆ)- ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਭਰ ਦੀਆਂ ਪੰਚਾਇਤਾਂ, ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ‘ਤੇ ਕਾਬੂ ਪਾਉਣ ਤੇ ਨਸ਼ਿਆਂ ਦੀ ਲਪੇਟ ਵਿੱਚ ਆਏ ਲੋਕਾਂ ਨੂੰ ਬਾਹਰ ਕੱਢਣ ਵਾਸਤੇ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਕੁਰਕੀ ਕਿਸੇ ਵੀ ਹਾਲਤ ਵਿੱਚ ਨਾ ਹੋਣ ਦੇਣ ਦਾ ਐਲਾਨ ਕੀਤਾ ਹੈ। ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਦਿਨਾਂ ਸੰਗਤ ਦਰਸ਼ਨ ਪ੍ਰੋਗਰਾਮ ਦੀ ਪਿੰਡ ਭਾਗੀਵਾਂਦਰ ਤੋਂ ਸ਼ੁਰਆਤ ਕਰਦਿਆਂ ਸ. ਬਾਦਲ ਨੇ ਸੂਬੇ ਵਿੱਚ ਨਸ਼ਿਆਂ ਨੂੰ ਸਭ ਤੋਂ ਵੱਡੀ ਸਮੱਸਿਆ ਦੱਸਦੇ ਹੋਏ ਇਸ ਵਿਰੁੱਧ ਜੰਗ ਵਿੱਢਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ੱਈਆਂ ਦੇ ਢੁੱਕਵੇਂ ਇਲਾਜ ਲਈ ਰਾਜ ਸਰਕਾਰ ਨੇ ਕਈ ਨਸ਼ਾ ਛਡਾਉ ਕੇਂਦਰ ਖੋਲ੍ਹੇ ਹਨ ਤੇ
ਇਨ੍ਹਾਂ ਵਿੱਚ ਲੋੜ ਅਨੁਸਾਰ ਮੁਫਤ ਦਿਵਾਈ ਦਿੱਤੀ ਜਾਂਦੀ ਹੈ। ਨਸ਼ਿਆਂ ‘ਤੇ ਕਾਬੂ ਪਾਉਣ ਲਈ ਪੰਚਾਇਤਾਂ ਖਾਸ ਕਰ ਨੌਜਵਾਨਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ।
ਜ਼ਮੀਨ ਕੁਰਕ ਨਹੀ ਹੋਣ ਦਿੱਤੀ ਜਾਵੇਗੀ
ਪੱਤਰਕਾਰਾਂ ਵੱਲੋਂ ਬੈਂਕਾਂ ਦਾ ਕਰਜ਼ਾ ਨਾ ਮੋੜਨ ਵਾਲੇ ਕਿਸਾਨਾਂ ਦੀ ਜ਼ਮੀਨ ਦੀ ਨਿਲਾਮੀ ਦੇ ਸਬੰਧ ਵਿੱਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ। ਸ. ਬਾਦਲ ਨੇ ਕਿਹਾ ਕਿ ਇਸ ਸਮੱਸਿਆ ਦਾ ਕੋਈ ਨਾ ਕੋਈ ਢੁੱਕਵਾਂ ਹੱਲ ਕੱਢ ਲਿਆ ਜਾਵੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਮਾਰਕੇਬਾਜ਼ੀ ਤੇ ਨਾਅਰੇਬਾਜ਼ੀ ਦੀ ਸਿਆਸਤ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੀ ਗੁੰਮਰਾਹਕੁੰਨ ਸਿਅਸਤ ਦੇ ਨਾਲ ਲੋਕਾਂ ਨੂੰ ਭਰਮਾਉਣ ਲੱਗੇ ਹੋਏ ਹਨ ਪਰ ਉਨ੍ਹਾਂ ਦੀ ਇਹ ਸਿਆਸਤ ਜ਼ਿਆਦਾ ਚਿਰ ਨਹੀਂ ਚੱਲਣ ਵਾਲੀ।



