Skip to content
Independent perspectives. Global stories.
BREAKING

ਦਾਗੀ ਨੇਤਾਵਾਂ ਨੂੰ ਟਿਕਟ ਦੇਣ ‘ਤੇ ਰੋਕ ਲੱਗੇ

Share this story

ਸਿਆਸਤ ਦੇ ਅਪਰਾਧੀਕਰਨ ਨੂੰ ਰੋਕਣ ਦਾ ਮੁੱਦਾ ਕਾਫੀ ਗਰਮ ਹੁੰਦਾ ਜਾ ਰਿਹਾ ਹੈ। ਭਾਰਤੀ ਲੋਕਤੰਤਰ ਲਈ ਅਪਰਾਧੀ ਪਿਛੋਕੜ ਵਾਲੇ ਸਿਆਸਤਦਾਨ ਵੱਡਾ ਖਤਰਾ ਬਣੇ ਹੋਏ ਹਨ। ਇਸ ਸਬੰਧ ਵਿੱਚ ਸੁਪਰੀਮ ਕੋਰਟ ਵਿੱਚ ਇਕ ਕੇਸ ਵੀ ਚੱਲ ਰਿਹਾ ਹੈ। ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ‘ਚ ਇਸ ਕੇਸ ਦੀ ਸੁਣਵਾਈ ਦੌਰਾਨ ਸੁਝਾਅ ਦਿੱਤਾ ਹੈ ਕਿ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਚੋਣਾਂ ਤੋਂ ਪਹਿਲਾਂ ਆਪਣੇ ਅਪਰਾਧਕ ਪਿਛੋਕੜ ਦਾ ਮੀਡੀਆ ਕੋਲ ਖੁਲਾਸਾ ਕਰਨ ਦੀ ਹਦਾਇਤ ਜਾਰੀ ਕੀਤੀ ਜਾਵੇ ਤਾਂ ਜੋ ਇਸ ਨਾਲ ਸਿਆਸਤ ਦੇ ਅਪਰਾਧੀਕਰਨ ਨੂੰ ਰੋਕਣ ਵਿੱਚ ਕੁਝ ਮੱਦਦ ਮਿਲ ਸਕੇ। ਚੋਣ ਕਮਿਸ਼ਨ ਨੇ ਇਹ ਵੀ ਆਖਿਆ ਹੈ ਕਿ ਸਿਆਸੀ ਪਾਰਟੀਆਂ ਨੂੰ ਅਪਰਾਧਿਕ ਪਿਛੋਕੜ ਵਾਲੇ ਨੇਤਾਵਾਂ ਨੂੰ ਟਿਕਟ ਨਾ ਦੇਣ ਦੀ ਹਦਾਇਤ ਵੀ ਜਾਰੀ ਹੋਣੀ ਚਾਹੀਦੀ ਹੈ। ਇਹ ਬਦਕਿਸਮਤੀ ਵਾਲੀ ਗੱਲ ਹੈ ਕਿ 2018 ਦੇ ਸਿਖ਼ਰਲੀ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਰਾਜਨੀਤੀ ਦਾ ਅਪਰਾਧੀਕਰਨ ਨਹੀਂ ਰੁਕਿਆ। ਇਸ ਕਾਰਨ ਹੀ ਸਿਆਸਤ ਦੇ ਅਪਰਾਧੀਕਰਨ ਨੂੰ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਕੋਈ ਬਦਲਵਾਂ ਰਾਹ ਲੱਭਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੇ ਮਾਣਯੋਗ ਜੱਜ ਜਸਟਿਸ ਸ਼੍ਰੀ ਆਰ.ਐੱਫ. ਨਰੀਮਨ ਤੇ ਸ਼੍ਰੀ ਐੱਸ. ਰਵਿੰਦਰ ਭੱਟ ਦੇ ਬੈਂਚ ਨੇ ਚੋਣ ਕਮਿਸ਼ਨ ਨੂੰ ਇਕ ਹਫ਼ਤੇ ‘ਚ ਅਜਿਹੀ ਕੋਈ ਪ੍ਰਣਾਲੀ ਸੁਝਾਉਣ ਲਈ ਕਿਹਾ ਹੈ ਜਿਸ ਨਾਲ ਦੇਸ਼ ਹਿੱਤ ਵਿਚ ਇਸ ਵਰਤਾਰੇ ਨੂੰ ਠੱਲ ਪਾਈ ਜਾ ਸਕੇ। ਚੋਣ ਕਮਿਸ਼ਨ ਦਾ ਇਹ ਕਹਿਣਾ ਬਿਲਕੁੱਲ ਜਾਇਜ ਹੈ ਕਿ ਅਦਾਲਤ ਇਸ ਸਬੰਧ ਵਿੱਚ ਸਿਆਸੀ ਧਿਰਾਂ ਨੂੰ ਜ਼ਿੰਮੇਵਾਰ ਬਣਾਵੇ ਤਾਂ ਜੋ ਉਹ ਅਪਰਾਧਿਕ ਪਿਛੋਕੜ ਵਾਲੇ ਦਾਗੀ ਨੇਤਾਵਾਂ ਨੂੰ ਟਿਕਟ ਨਾ ਦੇਣ। ਸਿਆਸੀ ਪਾਰਟੀਆਂ ਦੀ ਸਰਪ੍ਰਸਤੀ ਕਾਰਨ ਹੀ ਦਾਗੀ ਨੇਤਾ ਸੰਸਦ ਅਤੇ ਹੋਰ ਪਾਰਲੀਮਾਨੀ ਸੰਸਥਾਵਾਂ ਵਿੱਚ ਦਾਖਲ ਹੋ ਰਹੇ ਹਨ। ਹਾਲਾਤ ਇਹ ਹਨ ਕਿ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਸਿਆਸਤ ਦੇ ਅਪਰਾਧੀਕਰਨ ਨੂੰ ਰੋਕਣ ਲਈ ਕੋਈ ਨਵਾਂ ਕਾਨੂੰਨ ਪਾਸ ਕਰਵਾਉਣਾ ਹੀ ਮੁਸ਼ਕਿਲ ਬਣਿਆ ਹੋਇਆ ਹੈ। ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਅਪਰਾਧਿਕ ਪਿਛੋਕੜ ਵਾਲੇ ਦਰਜਨਾਂ ਨੇਤਾ ਬੈਠੇ ਹਨ। ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਕਿਸੇ ਵਿੱਚ ਹਿੰਮਤ ਨਹੀਂ ਹੈ। ਮੌਜੂਦਾ ਹਾਲਾਤ ਵਿੱਚ ਤਦ ਹੀ ਬਦਲਾਅ ਹੋ ਸਕਦਾ ਹੈ ਜੇਕਰ ਸਰਵਉੱਚ ਅਦਾਲਤ ਸੁਪਰੀਮ ਕੋਰਟ ਇਸ ਮਾਮਲੇ ਵਿੱਚ ਸਖਤ ਰਵੱਈਆ ਅਖਤਿਆਰ ਕਰੇ। ਅਪਰਾਧਿਕ ਪਿਛੋਕੜ ਵਾਲੇ ਨੇਤਾਵਾਂ ਦਾ ਸੰਸਦ ਅਤੇ ਵਿਧਾਨ ਸਭਾ ਵਿੱਚ ਦਾਖਲਾ ਪੂਰੀ ਤਰ੍ਹਾਂ ਬੰਦ ਹੋਣਾ ਚਾਹੀਦਾ ਹੈ। ਅਪਰਾਧਿਕ ਪਿਛੋਕੜ ਵਾਲੇ ਨੇਤਾਵਾਂ ਨੂੰ ਸਰਪ੍ਰਸਤੀ ਦੇਣ ਵਾਲੀਆਂ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਰੱਦ ਕਰ ਦਿੱਤੀ ਜਾਣੀ ਚਾਹੀਦੀ ਹੈ।
– ਬਲਜੀਤ ਸਿੰਘ ਬਰਾੜ

WRITTEN BY