ਸ਼ਹੀਦ ਭਗਤ ਸਿੰਘ ਨਗਰ, 31 ਜਨਵਰੀ (ਰਮੇਸ ਸਰਮਾ ਬਿਊਰੋ ਚੀਫ, ਲਖਵਿੰਦਰ ਸੋਨੂੰ)- ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਨਵਾਂ ਸ਼ਹਿਰ ਦੇ ਆਰ ਕੇ ਆਰੀਆ ਕਾਲਜ ਵਿੱਚ ਸਵੱਛ ਭਾਰਤ ਅਭਿਆਨ, ਫਿਟ ਇੰਡੀਆ, ਬੇਟੀ ਬਚਾਓ ਬੇਟੀ ਪੜ੍ਹਾਓ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਐੱਸ ਡੀ ਐਮ ਨਵਾਂ ਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਫਿਟ ਇੰਡੀਆ ਉੱਤੇ ਆਧਾਰਿਤ ਇਸ ਪ੍ਰੋਗਰਾਮ ਦਾ ਆਗਾਜ਼ ਬੱਚਿਆਂ ਲਈ ਮੁਫ਼ਤ ਹੈਲਥ ਚੈੱਕ ਅਪ ਅਤੇ ਐਜੂਕੇਸ਼ਨ ਕੈਂਪ ਲਾ ਕੇ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਐੱਸ ਡੀ ਐਮ ਜਗਦੀਸ਼ ਸਿੰਘ ਜੌਹਲ ਨੇ ਕਿਹਾ ਕਿ ਵਿਕਸਿਤ ਮੁਲਕਾਂ ਵੱਲੋਂ ਸਾਫ ਸਫਾਈ ਅਤੇ ਖੇਡਾਂ ਵੱਲ ਵਧੇਰੇ ਧਿਆਨ ਦਿੱਤਾ ਜਾਂਦਾ ਹੈ ਅਤੇ ਸਾਡੇ ਮੁਲਕ ਵਿਚ ਵੀ ਅਜਿਹੀ ਪਹਿਲ ਸਰਕਾਰ ਦੇ ਨਾਲ ਨਾਲ ਲੋਕਾਂ ਨੂੰ ਕਰਨੀ ਹੋਵੇਗੀ। ਕਿਓਂਕਿ ਆਮ ਲੋਕਾਂ ਤੋਂ ਬਿਨਾ ਸਰਕਾਰ ਦੀ ਕੋਈ ਨੀਤੀ ਸਫਲ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਇਸ ਮੁੱਦੇ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਜ਼ਮੀਨੀ ਪੱਧਰ ‘ ਤੇ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਦੀ ਕੋਸ਼ਿਸ਼ ਵੱਡੇ ਪੱਧਰ ‘ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਤਾਂ ਜੋ ਕੌਮਾਂਤਰੀ ਪੱਧਰ ‘ ਤੇ ਭਾਰਤ ਸਾਫ ਸਫਾਈ ਦੇ ਮੱਦਨਜ਼ਰ ਮੋਹਰੀ ਮੁਲਕ ਬਣ ਸਕੇ। ਇਸ ਮੌਕੇ ਮਿਨਿਸਟਰੀ ਆਫ਼ ਆਈ ਐਂਡ ਬੀ ਦੇ ਅਧਿਕਾਰੀ ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।
ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ



