ਡੀ.ਜੀ.ਪੀ. ਗੁਪਤਾ ਅਤੇ ਕੈਬਨਿਟ ਮੰਤਰੀ ਆਸ਼ੂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ
ਚੰਡੀਗੜ੍ਹ, 24 ਫਰਵਰੀ- ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਵਿਧਾਇਕਾਂ ਨੇ ਅੱਜ ਚੰਡੀਗੜ੍ਹ ‘ਚ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵੀ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਤੇ ਅਕਾਲੀ ਵਿਧਾਇਕਾਂ ਨੇ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਮੁਅੱਤਲ ਕੀਤੇ ਜਾਣ ਦੀ ਮੰਗ ਕੀਤੀ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਵਿਧਾਇਕਾਂ ਨੇ ਮੰਤਰੀ ਭਾਰਤ ਭੂਸ਼ਨ ਆਸ਼ੂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ। ਸਦਨ ਅੰਦਰ ਵੀ ਦੋਵੇਂ ਵਿਰੋਧੀ ਪਾਰਟੀਆਂ ਨੇ ਡੀ.ਜੀ.ਪੀ. ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਰੌਲੇ–ਰੱਪੇ ਕਾਰਨ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰਨੀ ਪਈ। ਫਿਰ ਜਦੋਂ ਸਦਨ ਦੀ ਕਾਰਵਾਈ ਸ਼ੁਰੂ ਹੋਈ, ਤਦ ਇੱਕਜੁਟ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਨੂੰ ਮੁੜ ਮੁਲਤਵੀ ਕਰਨਾ ਪਿਆ। ਪੰਜਾਬ ਵਿਧਾਨ ਸਭਾ ‘ਚ ਪ੍ਰਸ਼ਨ ਕਾਲ ਸ਼ੁਰੂ ਹੁੰਦਿਆਂ ਹੀ ਆਮ ਆਦਮੀ ਪਾਰਟੀ ਤੇ ਅਕਾਲੀ ਵਿਧਾਇਕ ਸਦਨ ਦੇ ਐਨ ਵਿਚਕਾਰ ਪੁੱਜ ਗਏ ਸਨ। ਉਨ੍ਹਾਂ ਡੀ.ਜੀ.ਪੀ. ਤੇ ਆਸ਼ੂ ਵਿਰੁੱਧ ਨਾਅਰੇਬਾਜ਼ੀ ਕੀਤੀ। ਅਕਾਲੀ ਦਲ ਨੇ ਡੀ.ਜੀ.ਪੀ. ਦੇ ਬਿਆਨ ਬਾਰੇ ਚੇਤਾਵਨੀ ਦਿੱਤੀ ਸੀ ਕਿ ਜਦੋਂ ਤੱਕ ਡੀ.ਜੀ.ਪੀ. ਮੁਆਫ਼ੀ ਨਹੀਂ ਮੰਗਦੇ, ਤਦ ਤੱਕ ਵਿਧਾਨ ਸਭਾ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਦਾ ਵੀ ਇਸ ਮੁੱਦੇ ‘ਤੇ ਇਹੋ ਸਟੈਂਡ ਹੈ।