May 29, 2026 6:11 am

ਕਰਜ਼ਾ ਰਾਹਤ ਸਕੀਮ ਤਹਿਤ 14.5 ਕਰੋੜ ਰੁਪਏ ਦਾ ਲਾਭ ਦੇਣ ਲਈ ਕੀਤੀ 2,700 ਹੋਰ ਕਿਸਾਨਾਂ ਦੀ ਪਛਾਣ : ਡੀ.ਸੀ. ਸੰਗਰੂਰ

ਸੰਗਰੂਰ, 5 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਦਾ ਲਾਭ ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਤੱਕ ਪੁੱਜਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਹਰ ਯੋਗ ਲਾਭਪਾਤਰੀ ਕਿਸਾਨ ਨੂੰ ਇਸ ਸਕੀਮ ਦਾ ਲਾਭ ਜ਼ਰੂਰ ਪੁੱਜਦਾ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਤੇ ਭਲਾਈ ਸਕੀਮਾਂ ਲਈ ਰੱਖੀ ਗਈ ਸਮੀਖਿਆ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰਜ਼ਾ ਰਾਹਤ ਸਕੀਮ ਤਹਿਤ ਹੁਣ ਤੱਕ ਲਗਭਗ 50,000 ਕਿਸਾਨਾਂ ਨੂੰ 244.71 ਕਰੋੜ ਰੁਪਏ ਤੋਂ ਵਧੇਰੇ ਦੀ ਸਹਾਇਤਾ ਰਾਸ਼ੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਤਕਰੀਬਨ 2,700 ਹੋਰ ਯੋਗ ਕਿਸਾਨਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਨੂੰ 16 ਮਾਰਚ ਨੂੰ ਪਟਿਆਲਾ ਵਿਖੇ ਹੋਣ ਵਾਲੇ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 2 ਲੱਖ ਰੁਪਏ ਤੱਕ ਦੀ ਕਰਜ਼ਾ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ 14.5 ਕਰੋੜ ਰੁਪਏ ਤੋਂ ਵਧੇਰੇ ਦੀ ਕਰਜ਼ਾ ਰਾਹਤ ਪ੍ਰਦਾਨ ਕੀਤੀ ਜਾਣੀ ਹੈ। ਸ੍ਰੀ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ਗਏ ‘ਡੇਪੋ’ ਪ੍ਰੋਗਰਾਮ ਨੂੰ ਜ਼ਿੰਮੇਵਾਰੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਵਿਚ ਪੈਣ ਵਾਲੇ ‘ਓਟ’ ਤੇ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾ ਕਰਨ ਅਤੇ ਨਸ਼ਿਆਂ ਸਬੰਧੀ ਸਹੀ ਜਾਣਕਾਰੀ ਹਾਸਿਲ ਕਰਨ ਲਈ ਉੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਤੋਂ ਫੀਡਬੈਕ ਲੈ ਕੇ ਸਰਕਾਰ ਤੱਕ ਪੁੱਜਦੀ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਸਮਾਜ ਵਿਚ ਸੁਧਾਰ ਲਈ ਬੁਨਿਆਦੀ ਖੇਤਰ ਹਨ ਅਤੇ ਪੰਜਾਬ ਸਰਕਾਰ ਵੱਲੋਂ ਵੀ ਇਨ੍ਹਾਂ ਖੇਤਰਾਂ ‘ਤੇ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਲਾਭਪਾਤਰੀ ਨੂੰ ਸ਼ਨਾਖਤੀ ਕਾਰਡ ਜਾਰੀ ਕਰਨ ‘ਤੇ ਜ਼ੋਰ ਦਿੱਤਾ ਜਾਵੇ ਤਾਂ ਜੋ ਸੰਗਰੂਰ ਜ਼ਿਲ੍ਹੇ ਦੇ ਵੱਧ ਤੋਂ ਵੱਧ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਬਿਨਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ (ਵਿ) ਰਾਜਿੰਦਰ ਬੱਤਰਾ, ਸਹਾਇਕ ਕਮਿਸ਼ਨਰ (ਜ) ਅੰਕੁਰ ਮਹਿੰਦਰੂ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਲਤੀਫ਼ ਅਹਿਮਦ, ਐਸ.ਡੀ.ਐਮ. ਸੰਗਰੂਰ ਬਬਨਦੀਪ ਸਿੰਘ, ਐਸ.ਡੀ.ਐਮ. ਸੁਨਾਮ ਮਨਜੀਤ ਕੌਰ, ਐਸ.ਡੀ.ਐਮ. ਮਲੇਰਕੋਟਲਾ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਦਿੜ੍ਹਬਾ ਮਨਜੀਤ ਸਿੰਘ ਚੀਮਾ, ਐਸ.ਡੀ.ਐਮ. ਲਹਿਰਾ ਕਾਲਾ ਰਾਮ ਬਾਂਸਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ ਹਾਜ਼ਰ ਸਨ।

Send this to a friend