ਅੰਮ੍ਰਿਤਸਰ, 20 ਜੁਲਾਈ (ਜੋਗਿੰਦਰ ਜੌੜਾ)-ਮੁੱਖ ਸੰਸਦੀ ਸਕੱਤਰ ਸ੍ਰੀ ਕੇ.ਡੀ. ਭੰਡਾਰੀ ਦੀ ਅਗਵਾਈ ‘ਚ ਜਲੰਧਰ ਦੇ ਪ੍ਰਾਪਰਟੀ ਡੀਲਰਾਂ ਅਤੇ ਕਲੋਨਾਈਜ਼ਰਾਂ ਦਾ ਇੱਕ ਵਫਦ ਅੱਜ ਅੰਮ੍ਰਿਤਸਰ ਵਿਖੇ ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਅਨਿਲ ਜੋਸ਼ੀ ਨੂੰ ਮਿਲਿਆ। ਮੀਟਿੰਗ ਦੌਰਾਨ ਵਫਦ ਨੇ ਆਪਣਾ ਮੰਗ ਪੱਤਰ ਉਦਯੋਗ ਮੰਤਰੀ ਸ੍ਰੀ ਅਨਿਲ ਜੋਸ਼ੀ ਨੂੰ ਦਿੱਤਾ ਅਤੇ ਮੰਗ ਕੀਤੀ ਕਿ 23 ਜੁਲਾਈ ਨੂੰ ਚੰਡੀਗੜ੍ਹ ਵਿਖੇ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਸਬੰਧੀ ਹੋ ਰਹੀ ਮੀਟਿੰਗ ਦੌਰਾਨ ਉਹਨਾਂ ਦੀਆਂ ਮੰਗਾਂ ‘ਤੇ ਗੌਰ ਕੀਤਾ ਜਾਵੇ। ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਕੇ.ਡੀ. ਭੰਡਾਰੀ ਸਮੇਤ ਸਾਰੇ ਵਫਦ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਮੀਟਿੰਗ ਦੌਰਾਨ ਉਹਨਾਂ ਦੇ ਪੱਖ ਨੂੰ ਵੀ ਰੱਖਣਗੇ ਅਤੇ ਹਰ ਕਿਸੇ ਦੇ ਹਿੱਤਾਂ ਦਾ ਖਿਆਲ ਰੱਖਿਆ ਜਾਵੇਗਾ। ਇਸ ਮੌਕੇ ਸ੍ਰੀ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਦਾ ਪਾਲਿਸੀ ਬਣਾਈ ਗਈ ਹੈ ਉਸਦਾ ਮਕਸਦ ਇਹੀ ਹੈ ਕਿ ਅਣ-ਅਧਿਕਾਰਤ ਕਾਲੋਨੀਆਂ/ਬਿਲਡਿੰਗਾਂ ਨੂੰ ਇੱਕ ਪਲੈਨਿੰਗ ਫਰੇਮ ਵਰਕ ਅਧੀਨ ਲਿਆਂਦਾ ਜਾ ਸਕੇ ਤਾਂ ਜੋ ਇਨ੍ਹਾਂ ਕਾਲੋਨੀਆਂ ਦੇ ਵਸਨੀਕਾਂ ਨੂੰ ਸਾਰੀਆਂ ਮੱਢਲੀਆਂ ਸਹੂਲਤਾਂ ਦਿੱਤੀਆਂ ਜਾ ਸਕਣ। ਸ੍ਰੀ ਜੋਸ਼ੀ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੀ ਹੈ ਅਤੇ ਹਰ ਫੈਸਲਾ ਲੋਕ ਰਾਏ ਅਨੁਸਾਰ ਹੀ ਲਿਆ ਜਾਵੇਗਾ। ਸ੍ਰੀ ਜੋਸ਼ੀ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਜਾਣਬੁੱਝ ਕੇ ਸਰਕਾਰ ਦੀ ਇਸ ਨੀਤੀ ਸਬੰਧੀ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਜਦਕਿ ਹਕੀਕਤ ਇਹ ਹੈ ਕਿ ਸਰਕਾਰ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਕੇ ਉਥੇ ਸਰਬਪੱਖੀ ਵਿਕਾਸ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕਾਲੋਨਾਈਜ਼ਰਾਂ ਵੱਲੋਂ ਅਣ-ਅਧਿਕਾਰਤ ਕਾਲੋਨੀਆਂ ਕੱਟਣ ਸਮੇਂ ਲੋਕਾਂ ਨੂੰ ਇਨ੍ਹਾਂ ਕਾਲੋਨੀਆਂ ‘ਚ ਸਾਰੀਆਂ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਗਏ ਸਨ ਪਰ ਹਕੀਕਤ ‘ਚ ਕਾਲੋਨਾਈਜ਼ਰਾਂ ਨੇ ਆਪਣੇ ਵਾਅਦੇ ਮੁਤਾਬਕ ਇਨ੍ਹਾਂ ਕਾਲੋਨੀਆਂ ‘ਚ ਕੋਈ ਸਹੂਲਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਮੁਸ਼ਕਿਲ ਨੂੰ ਦੇਖਦੇ ਹੋਏ ਅਜਿਹੀਆਂ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਦਾ ਸੁਨਿਹਰੀ ਮੌਕਾ ਕਾਲੋਨਾਈਜ਼ਰਾਂ ਤੇ ਡੀਲਰਾਂ ਨੂੰ ਦਿੱਤਾ ਤਾਂ ਜੋ ਇਹਨਾਂ ਕਾਲੋਨੀਆਂ ‘ਚ ਵੀ ਵਿਕਾਸ ਕੀਤਾ ਜਾ ਸਕੇ।
ਜਲੰਧਰ ਦੇ ਪ੍ਰਾਪਰਟੀ ਡੀਲਰਾਂ ਦਾ ਵਫਦ ਉਦਯੋਗ ਮੰਤਰੀ ਅਨਿਲ ਜੋਸ਼ੀ ਨੂੰ ਮਿਲਿਆ



