ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਾਦਲਾਂ ਅਤੇ ਢੀਂਡਸਾ ਪਰਿਵਾਰ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਆਖਿਆ ਕਿ ਇਨ੍ਹਾਂ ਦੋਵਾਂ ਪਰਿਵਾਰਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਖਾਤਰ ਸੰਗਰੂਰ ਦੇ ਮੈਡੀਕਲ ਕਾਲਜ ਦੇ ਕੰਮ ਵਿਚ ਅੜਿੱਕਾ ਡਾਹਿਆ ਹੋਇਆ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅਜਿਹੇ ਕੋਝੇ ਹੱਥਕੰਡੇ ਅਪਣਾਉਣ ਨਾਲ ਇਨ੍ਹਾਂ ਦੋਵਾਂ ਪਰਿਵਾਰਾਂ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ ਕਿਉਂਕਿ ਇਹ ਪਰਿਵਾਰ ਨਹੀਂ ਚਾਹੁੰਦੇ ਕਿ ਆਮ ਲੋਕਾਂ ਨੂੰ ਇੱਥੇ ਬਣਨ ਵਾਲੇ ਮੈਡੀਕਲ ਕਾਲਜ ਨਾਲ ਬਿਹਤਰ ਇਲਾਜ ਅਤੇ ਸਿੱਖਿਆ ਮੁਹੱਈਆ ਹੋਵੇ ਜਿਸ ਕਰਕੇ ਇਲਾਕੇ ਲਈ ਇਸ ਵੱਕਾਰੀ ਪ੍ਰਾਜੈਕਟ ਦੇ ਰਾਹ ਵਿਚ ਅੜਿੱਕੇ ਡਾਹੁਣ ਲਈ ਮਿਲੀਭੁਗਤ ਨਾਲ ਸਾਜ਼ਿਸ਼ਾਂ ਰਚੀਆਂ ਗਈਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਗਰੂਰ ਨੇੜੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਜੀ ਦੀ ਯਾਦ ਵਿਚ ਉਚ ਦਰਜੇ ਦਾ ਮੈਡੀਕਲ ਕਾਲਜ ਸਥਾਪਤ ਕਰਨ ਦਾ ਫੈਸਲਾ ਕੀਤਾ ਸੀ ਜਿਸ ਲਈ 407 ਕਰੋੜ ਰੁਪਏ ਦੇ ਫੰਡ ਰੱਖੇ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਕੰਮ ਸ਼ੁਰੂ ਕਰਨ ਲਈ ਸੂਬਾ ਸਰਕਾਰ ਨੇ 407 ਕਰੋੜ ਰੁਪਏ ਵਿੱਚੋਂ ਬਹੁਤ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਪਹਿਲਾ ਅਕਾਦਮਿਕ ਸੈਸ਼ਨ ਇਸ ਸਾਲ ਮਾਰਚ ਮਹੀਨੇ ਤੋਂ ਸ਼ੁਰੂ ਹੋਣਾ ਸੀ ਜਿਸ ਨਾਲ ਸਮੁੱਚੇ ਮਾਲਵਾ ਖਿੱਤੇ ਨੂੰ ਬਿਹਤਰ ਮੈਡੀਕਲ ਸਹੂਲਤਾਂ ਹਾਸਲ ਹੋਣੀਆਂ ਸਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਨੂੰ ਉਚੇਰੀ ਮੈਡੀਕਲ ਸਿੱਖਿਆ ਦੇ ਬਿਹਤਰ ਮੌਕੇ ਇੱਥੇ ਹੀ ਮਿਲਣੇ ਸ਼ੁਰੂ ਹੋਣੇ ਸਨ ਅਤੇ ਇਨ੍ਹਾਂ ਨੌਜਵਾਨਾਂ ਨੂੰ ਮੈਡੀਕਲ ਸਿੱਖਿਆ ਲਈ ਮਜਬੂਰੀਵੱਸ ਯੂਕਰੇਨ ਤੇ ਹੋਰ ਵਿਦੇਸ਼ੀ ਮੁਲਕਾਂ ਵਿਚ ਨਾ ਜਾਣਾ ਪੈਂਦਾ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਮੈਡੀਕਲ ਕਾਲਜ ਨੇ ਜਿੱਥੇ ਇਲਾਕੇ ਦੇ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ਉਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣੇ ਸਨ, ਉਥੇ ਹੀ ਮਾਲਵਾ ਪੱਟੀ ਦੀ ਵਿਕਾਸ ਵਿਚ ਵੱਡਾ ਯੋਗਦਾਨ ਪਾਉਣਾ ਸੀ।