April 22, 2026 12:16 am

ਬਾਗ਼ਬਾਨੀ ਵਿਭਾਗ ਦੇ ਸਾਲ ਅੰਤ : ਮਾਨ ਸਰਕਾਰ ਨੇ ਕਿਸਾਨ-ਪੱਖੀ ਵਿਭਿੰਨਤਾ ਦਾ ਮੁੱਢ ਬੰਨਿਆ

ਚੰਡੀਗੜ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਦੀਆਂ ਯੋਜਨਾਵਾਂ ਨੂੰ ਅਮਲੀ ਜਾਮਾ ਪਵਾਉਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ ਸੈਂਟਰ ਆਫ ਐਕਸੀਲੈਂਸ ਰਾਹੀਂ ਰਾਜ ਦਾ ਦੁੱਗਣਾ ਰਕਬਾ ਬਾਗ਼ਬਾਨੀ ਹੇਠ ਲਿਆਉਣ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ।

ਪੋਸ਼ਣ ਸੁਰੱਖਿਆ ਨੂੰ ਜ਼ਮੀਨੀ ਪੱਧਰ ‘ਤੇ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਅਹਿਮ ਤੇ ਅਭਿਲਾਸ਼ੀ ਮੁਹਿੰਮ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਲੀ ਲਹਿਰ ਦੇ ਹਿੱਸੇ ਵਜੋਂ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 1.25 ਲੱਖ ਤੋਂ ਵੱਧ ਫਲਦਾਰ ਬੂਟੇ ਲਗਾਏ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਤੋਂ ਇਲਾਵਾ ਸੂਬੇ ਦੇ 10 ਫੀਸਦੀ ਜੰਗਲਾਤ ਅਧੀਨ ਖੇਤਰ ਨੂੰ ਫਲਾਂ ਦੇ ਬਾਗਾਂ ਵਿੱਚ ਤਬਦੀਲ ਕਰੇਗੀ। ਉਨਾਂ ਕਿਹਾ ਕਿ ਫਲ਼ਦਾਰ ਰੁੱਖ ਲਗਾਉਣ ਨਾਲ ਨਾ ਕੇਵਲ ਸੂਬੇ ਵਿੱਚ ਹਰਿਆਲੀ ਵਧਾਉਣ ਵਿੱਚ ਮਦਦ ਮਿਲੇਗੀ ਸਗੋਂ ਇਹ ਲੋਕਾਂ ਖਾਸ ਕਰਕੇ ਬੱਚਿਆਂ, ਜੋ ਫਲ ਖਰੀਦਣ ਵਿੱਚ ਅਸਮਰੱਥ ਹਨ, ਲਈ ਪੋਸ਼ਣ ਸੁਰੱਖਿਆ ਨੂੰ ਵੀ ਯਕੀਨੀ ਬਣਾਏਗਾ।

Send this to a friend