ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ, ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਗੈਂਗਸਟਰ-ਅੱਤਵਾਦੀ ਗਠਜੋੜ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਗੈਂਗਸਟਰ ਜਗਦੀਪ ਸਿੰਘ ਉਰਫ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ, ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਗੈਂਗਸਟਰ-ਅੱਤਵਾਦੀ ਗਠਜੋੜ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਉਕਤ ਗੈਂਗਸਟਰ ਨਾਲ ਸਬੰਧਤ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ ਵੱਖ-ਵੱਖ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਕੀਤੀ ਗਈ ਇਹ ਚੌਥੀ ਛਾਪੇਮਾਰੀ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅਰਸ਼ ਡੱਲਾ, ਲਖਬੀਰ ਲੰਡਾ, ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ 409 ਟੀਮਾਂ, ਜਿਸ ਵਿੱਚ ਸੂਬੇ ਭਰ ਦੇ 2863 ਪੁਲਿਸ ਮੁਲਾਜ਼ਮ ਸ਼ਾਮਲ ਸਨ, ਵੱਲੋਂ ਚਲਾਈ ਇੱਕ ਰੋਜ਼ਾ ਮੁਹਿੰਮ ਦੌਰਾਨ ਜੱਗੂ ਭਗਵਾਨਪੁਰੀਆ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 2371 ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਭਗਵਾਨਪੁਰੀਆ ਦੇ ਸਮਰਥਨ ਵਾਲੇ ਫੜੇ ਗਏ ਮੋਡਿਊਲਾਂ ਵਿੱਚ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਇਸ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।
ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਭਗਵਾਨਪੁਰੀਆ ਨਾਲ ਸਬੰਧਿਤਾਂ ਰਿਹਾਇਸ਼ਾਂ ਅਤੇ ਹੋਰ ਥਾਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਰੇਲੀ ਪੜਤਾਲ ਲਈ ਕਈ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਇਹਨਾਂ ਵਿਅਕਤੀਆਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।