ਮੁਹਾਲੀ/ਚੰਡੀਗੜ, 10 ਜੁਲਾਈ (ਪੀ. ਟੀ)- ਵਿਦਿਆਰਥੀਆਂ ਵਿੱਚ ਜਿਣਸੀ ਅਪਰਾਧਾਂ ਦੀ ਬਿਰਤੀ ਨੂੰ ਰੋਕਣ ਅਤੇ ਔਰਤਾਂ ਖਿਲਾਫ ਵਾਪਰਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਿੱਖਿਆ ਵਿਭਾਗ ਸੂਬੇ ਦੇ ਸਮੂਹ ਸਕੂਲਾਂ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗਾ ਜਿਸ ਤਹਿਤ ਵਿਦਿਆਰਥੀਆਂ ਨੂੰ ਇਨ੍ਹਾਂ ਅਪਰਾਧਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਜਿਹੀਆਂ ਅਪਰਾਧਕ ਘਟਨਾਵਾਂ ਰੋਕਣ ਲਈ ਬਣੇ ਕਾਨੂੰਨਾਂ ਬਾਰੇ ਪੂਰੀ ਜਾਣੂੰ ਕਰਵਾਇਆ ਜਾਵੇਗਾ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾ ਸਕੇ। ਇਹ ਗੱਲ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਮੁਹਾਲੀ ਸਥਿਤ ਮਾਨਵ ਮੰਗਲ ਸਮਾਰਟ ਸਕੂਲ ਵਿਖੇ ਰਾਸ਼ਟਰੀ ਮਾਧਿਆਮਕ ਸਿਕਸ਼ਾ ਅਭਿਆਨ (ਰਮਸਾ) ਪੰਜਾਬ ਵੱਲੋਂ ਜਿਣਸੀ ਅਪਰਾਧਾਂ ਤੋਂ ਵਿਦਿਆਰਥੀਆਂ
ਦੀ ਸੁਰੱਖਿਆ (ਪੋਕਸੋ) ਸਬੰਧੀ ਸਕੂਲੀ ਅਧਿਆਪਕਾਂ ਨੂੰ ਸਿੱਖਿਆ ਦੇਣ ਲਈ ਕਰਵਾਈ ਗਈ ਇਕ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਉਦਘਾਟਨ ਕਰਦਿਆਂ ਕਹੀ। ਲੁਧਿਆਣਾ ਵਿਖੇ ਬੀਤੇ ਦਿਨੀਂ ਸਕੂਲ ਵਿੱਚ ਵਾਪਰੀ ਘਟਨਾ ਨੂੰ ਸੱਭਿਅਕ ਸਮਾਜ ਲਈ ਸ਼ਰਮਨਾਕ ਕਾਰਾ ਐਲਾਨਦਿਆਂ ਡਾ.ਚੀਮਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਿੱਖਿਆ ਵਿਭਾਗ ਸਕੂਲਾਂ ਵਿੱਚ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਖਿਲਾਫ ਵਧਦੀਆਂ ਜਿਣਸੀ ਘਟਨਾਵਾਂ ਨੂੰ ਰੋਕਣ ਲਈ ਪ੍ਰੋਟੋਕਸ਼ਨ ਆਫ ਚਿਲਡਰਵ ਫਰੌਮ ਸੈਕਸੂਅਲ ਓਫੈਂਸ (ਪੋਕਸੋ) ਬਣਿਆ ਹੋਇਆ ਹੈ ਪਰ ਕਾਨੂੰਨ ਬਾਰੇ ਲੋਕਾਂ ਨੂੰ ਜਾਗਰੂਕਤਾ ਨਾ ਹੋਣ ਕਾਰਨ ਅਜਿਹੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਇਸ ਦੀ ਸਿਖਲਾਈ ਵਰਕਸ਼ਾਪ ਵਿੱਚ ਸੂਬੇ ਦੇ 280 ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਇਸ ਕਾਨੂੰਨ ਅਤੇ ਬੱਚਿਆ ਤੇ ਔਰਤਾਂ ਖਿਲਾਫ ਹੁੰਦੇ ਅਪਰਾਧਾਂ ਤੋਂ ਬਚਾਅ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਵਿਧੀ ਬਾਰੇ ਜਾਣੂੰ ਕਰਵਾਇਆ ਜਾਵੇਗਾ। ਡਾ. ਚੀਮਾ ਨੇ ਕਿਹਾ ਕਿ ਸਿਖਲਾਈ ਹਾਸਲ ਕਰਨ ਤੋਂ ਬਾਅਦ ਇਹ ਅਧਿਕਾਰੀ ਤੇ ਅਧਿਆਪਕ ਆਪੋ-ਆਪਣੇ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਗੇ।



