ਹਰਿਆਣਾ ਗੁਰਦੁਆਰਾ ਕਮੇਟੀ ਦੇ ਮਸਲੇ ਉੱਤੇ ਅਗਲੀ ਰਣਨੀਤੀ ਤਹਿ ਕੀਤੀ ਜਾਵੇਗੀ
ਚੰਡੀਗੜ੍ਹ, 18 ਜੁਲਾਈ (ਪਰਨੀਤ ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੱਲ ਦਿਨ ਦੇ ਗਿਆਰਾਂ ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਉੱਤੇ ਹਰਿਆਣਾ ਸਰਕਾਰ ਵਲੋਂ ਵੱਖਰੀ ਗੁਰਦੁਆਰਾ ਕਮੇਟੀ ਸਥਾਪਤ ਕਰਨ ਲਈ ਬਣਾਏ ਗਏ ਕਾਨੂੰਨ ਕਾਰਨ ਪੈਦਾ ਸਥਿਤੀ ਉੱਤੇ ਵਿਚਾਰ ਵਟਾਂਦਰਾ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਬੁਲਾ ਲਈ ਹੈ। ਪਾਰਟੀ ਦੇ ਜਨਰਲ ਸਕੱਤਰ ਸ਼੍ਰੀ ਹਰਚਰਨ ਬੈਂਸ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਆਪਣੇ ਸੌੜੇ ਰਾਜਸੀ ਹਿੱਤਾਂ ਦੀ ਪੂਰਤੀ ਲਈ ਵਿਧਾਨ ਸਭਾ ਵਿਚ ਇੱਕ ਗੈਰ ਸੰਵਿਧਾਨਕ ਕਾਨੂੰਨ ਪਾਸ ਕਰਵਾ ਕੇ ਜਿੱਥੇ ਇੱਕ ਸੰਵਿਧਾਨਕ ਸੰਕਟ ਖੜਾ ਕਰ ਦਿੱਤਾ ਹੈ, ਉਥੇ ਸਿੱਖ ਜਗਤ ਵਿਚ ਭਰਾ ਮਾਰੂ ਜੰਗ ਦਾ
ਮਾਹੌਲ ਪੈਦਾ ਕਰ ਦਿੱਤਾ ਹੈ।ਉਹਨਾਂ ਕਿਹਾ ਕਿ ਹਰਿਆਣੇ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵਲੋਂ ਖਾਲਸਾ ਪੰਥ ਨਾਲ ਵਿੱਢੀ ਇਸ ਜੰਗ ਵਿਚੋਂ ਪੰਥ ਜੇਤੂ ਹੋ ਕੇ ਨਿਕਲੇਗਾ। ਸ਼੍ਰੀ ਬੈਂਸ ਨੇ ਕਿਹਾ ਕਿ ਹਰਿਆਣਾ ਦੀ ਕਾਂਗਰਸ ਸਰਕਾਰ ਵਲੋਂ ਪਾਸ ਕੀਤੀ ਗਏ ਕਾਨੂੰਨ, ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਹਰਿਆਣਾ ਦੇ ਗਵਰਨਰ ਨੂੰ ਵਿਵਾਦਤ ਬਿਲ ਨੂੰ ਦਿੱਤੀ ਮਨਜ਼ੂਰੀ ਵਾਪਸ ਲੈਣ ਲਈ ਲਿਖੀ ਗਈ ਚਿੱਠੀ ਅਤੇ ਹਰਿਆਣੇ ਦੇ ਮੁੱਖ ਸਕੱਤਰ ਵਲੋਂ ਮੁਲਕ ਦੇ ਸੰਵਿਧਾਨ ਤੇ ਬਹੁਤ ਹੀ ਸੰਜੀਦਾ ਮਸਲੇ ਦਾ ਮਖੌਲ ਉਡਾਉਣ ਕਾਰਨ ਪੈਦਾ ਹੋਈ ਸਥਿਤੀ ਉੱਤੇ ਵਿਚਾਰ ਵਟਾਂਦਰਾ ਕਰ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਅਗਲੀ ਰਣਨੀਤੀ ਘੜੀ ਜਾਵੇਗੀ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰ. ਪਰਕਾਸ਼ ਸਿੰਘ ਬਾਦਲ ਵਲੋਂ ਇਸ ਮਸਲੇ ਉੱਤੇ ਮੁਲਕ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਅਤੇ ਖਜ਼ਾਨਾ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤਾਂ ਕਰਕੇ ਇਸ ਮਸਲੇ ਬਾਰੇ ਵਿਚਾਰ ਵਟਾਂਦਰਾ ਕੀਤਾ।



