ਜਲੰਧਰ, 20 ਜੁਲਾਈ (ਪੀ. ਟੀ)- ਘੱਟ ਗਿਣਤੀ ਕੌਮਾਂ ਨੂੰ ਵੰਡਣ ਲਈ ਕਾਂਗਰਸ ਨੇ ਹਮੇਸ਼ਾ ਸਾਜ਼ਿਸ਼ਾਂ ਰਚ ਕੇ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਈ ਹੈ। ਇਹ ਦੋਸ਼ ਅੱਜ ਇੱਥੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਨੀਲਾ ਮਹਿਲ ਨੇ ਲਗਾਏ। ਉਨ੍ਹਾਂ ਹਰਿਆਣਾ ਦੀ ਹੁੱਡਾ ਸਰਕਾਰ ਵਲੋਂ ਹਰਿਆਣਾ ਵਿਖੇ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਹੁੱਡਾ ਸਰਕਾਰ ਨੇ ਸਿੱਖਾਂ ਨੂੰ ਵੰਡਣ ਲਈ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਹੁੱਡਾ ਸਰਕਾਰ ਦੇ ਇਸ ਕਦਮ ਨੂੰ ਸਿੱਖ ਵਿਰੋਧੀ ਕਰਾਰ ਦਿੰਦੇ ਹੋਏ ਉਨ੍ਹਾਂ ਦੀ ਸਿਆਸੀ ਤਾਕਤ ਵੀ ਇਸ ਕਾਰਜ ਤੋਂ ਬਾਅਦ ਖਤਮ ਹੋਣ ਦਾ ਖਦਸ਼ਾ ਪ੍ਰਗਟਾਇਆ।ਉਨ੍ਹਾਂ ਕਿਹਾ ਕਿ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨਾ ਕੌਮ ਦੇ ਸ਼ਹੀਦਾਂ ਦਾ ਅਪਮਾਨ ਹੈ, ਕਿਉਂਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਸਿੱਖਾਂ ਨੇ ਬਹੁਤ ਕੁਰਬਾਨੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਗੁਰਧਾਮਾਂ ਦੇ ਪ੍ਰਬੰਧ ਵਿਚ ਕਿਸੇ ਸਰਕਾਰ ਦੀ ਦਖਲ ਅੰਦਾਜ਼ੀ ਸਿੱਖਾਂ ਵਲੋਂ ਸ਼ਹੀਦੀਆਂ ਦੇ ਕੇ ਬਣਾਈ ਗਈ ਸ਼੍ਰੋਮਣੀ ਕਮੇਟੀ ਦੇ ਵੱਕਾਰ ਨੂੰ ਸੱਟ ਲਗਾਉਣ ਦੇ ਬਰਾਬਰ ਹੈ। ਉਨ੍ਹਾਂ ਹਰਿਆਣਾ ਸਰਕਾਰ ਵਲੋਂ ਅਜੇ ਤਕ ਹਰਿਆਣਾ ਵਿਚ ਵਸਦੇ ਘੱਟ ਗਿਣਤੀ ਭਾਈਚਾਰੇ ਲਈ ਘੱਟ ਗਿਣਤੀ ਕਮਿਸ਼ਨ ਨਾ ਬਣਾਉਣ ਦੀ ਨਿੰਦਾ ਕਰਦਿਆਂ ਕਿਹਾ ਕਿ ਹੁੱਡਾ ਸਰਕਾਰ ਹਰਿਆਣਾ ਦੇ ਸਿੱਖਾਂ ਨੂੰ ਸੰਵਿਧਾਨਕ ਤੌਰ ‘ਤੇ ਆਪਣੇ ਮਸਲਿਆਂ ਦੇ ਹੱਲ ਲਈ ਘੱਟ ਗਿਣਤੀ ਕਮਿਸ਼ਨ ਤਾਂ ਬਣਾਉਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਗੁਰਧਾਮਾਂ ਦੀ ਰਾਖੀ ਲਈ ਤੇ ਵੱਖਰੀ ਕਮੇਟੀ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ 27 ਜੁਲਾਈ ਨੂੰ ਬੁਲਾਏ ਪੰਥਕ ਇੱਕਠ ਵਿਚ ਵੱਧ ਤੋਂ ਵੱਧ ਸਿੱਖ ਸੰਗਤਾਂ ਨੂੰ ਪੁੱਜਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਵੀ ਫੈਸਲਾ ਲਏਗਾ, ਉਸ ਉੱਪਰ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ ਜਾਵੇਗਾ।



