ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖਤ ਦੇ ਜੱਥੇਦਾਰ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਦੇ ਗਠਨ ਸੰਬੰਧੀ ਪਾਸ ਕਾਨੂੰਨ ਨੂੰ ਲੈ ਕੇ ਪੈਦਾ ਹੋਏ ਟਕਰਾਅ ਨੂੰ ਟਾਲਣ ਲਈ ਐਤਵਾਰ ਨੂੰ ਵਿਸ਼ਵ ਸਿੱਖ ਸੰਮੇਲਨ ਦੇ ਦਿੱਤੇ ਨਿਰਦੇਸ਼ਾਂ ਦਾ ਸੁਆਗਤ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਤਣਾਅ ਨੂੰ ਘੱਟ ਕਰਨ ਵਿਚ ਮਦਦ ਮਿਲੇਗੀ। ਕੈਪਟਨ ਅਮਰਿੰਦਰ ਸਿੰਘ ਨੇ ਇਕ ਬਿਆਨ ਵਿਚ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਉਚਿਤ ਸਮੇਂ ‘ਤੇ ਫੈਸਲਾ ਸੁਣਾਇਆ ਹੈ ਅਤੇ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਦੋਵਾਂ ਰਾਜਾਂ ਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ।ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਜ਼ਿਦ ਖੂਨ-ਖਰਾਬਾ
ਕਰਵਾ ਸਕਦੀ ਸੀ ਪਰ ਉਚਿਤ ਸਮੇਂ ‘ਤੇ ਜੱਥੇਦਾਰ ਨੇ ਸੰਘਰਸ਼ ਨੂੰ ਟਾਲਣ ਵਿਚ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਨੀ ਚਾਹੀਦੀ ਹੈ ਕਿਉਂਕਿ ਸੂਬੇ ਦੇ ਸਾਰੇ ਸਿੱਖ ਆਪਣੀ ਵੱਖਰੀ ਕਮੇਟੀ ਚਾਹੁੰਦੇ ਹਨ। ਉਨ੍ਹਾਂ ਦੀਆਂ ਭਾਵਨਾਵਾਂ ਦਾ ਸਨਮਾਨ ਹੋਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਐੱਸ. ਜੀ. ਪੀ. ਸੀ. ਨੂੰ ਆਪਣਾ ਫੈਸਲਾ ਹਰਿਆਣਾ ਦੇ ਸਿੱਖਾਂ ‘ਤੇ ਥੋਪਣਾ ਨਹੀਂ ਚਾਹੀਦਾ।ਉਨ੍ਹਾਂ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਹਰਿਆਣਾ ਵਿਚ ਬਣੀ ਐਡਹਾਕ ਕਮੇਟੀ ਵਲੋਂ ਜਲਦੀ ਹੀ ਗੁਰਦੁਆਰਾ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਹਰਿਆਣਾ ਦੇ ਸਿੱਖਾਂ ਨੂੰ ਆਪਣਾ ਪ੍ਰਤੀਨਿਧੀ ਚੁਣਨ ਦਾ ਮੌਕਾ ਦੇਣਗੇ। ਕੈਪਟਨ ਨੇ ਕਿਹਾ ਕਿ ਹਰਿਆਣਾ ਦੇ ਸਿੱਖਾਂ ਨੇ ਸੰਘਰਸ਼ ਕੀਤਾ ਅਤੇ ਆਪਣੀ ਲੜਾਈ ਨੂੰ ਨਤੀਜੇ ਤੱਕ ਪਹੁੰਚਾਉਣ ਵਿਚ ਮਦਦ ਕੀਤੀ। ਉਨ੍ਹਾਂ ਦੱਸਿਆ ਕਿ ਕਾਂਗਰਸ ਨੇ ਹਰਿਆਣਾ ਦੇ ਸਿੱਖਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ।



