ਚੰਡੀਗੜ੍ਹ, 13 ਅਗਸਤ (ਪੀ.ਟੀ.)-ਵਿਦਿਆਰਥੀਆਂ ਨੂੰ ਮਿਆਰੀ ਉਚ ਸਿੱਖਿਆ ਮੁੱਹਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬੇ ਭਰ ਦੇ ਸਾਰੀ ਸਰਕਾਰੀ ਕਾਲਜਾਂ ਵਿੱਚ ਸਮਾਰਟ ਕਲਾਸਾਂ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਮੰਗਲਵਾਰ ਸ਼ਾਮ ਨੂੰ ਆਪਣੇ ਨਿਵਾਸ ਸਥਾਨ ’ਤੇ ਉਚ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਲਿਆ ਗਿਆ। ਵਿਚਾਰ ਚਰਚਾ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿਚ ਉਚ ਸਿੱਖਿਆ ਸੈਕਟਰ ਦਾ ਪੱਧਰ ਉਚਾ ਚੁਕਣ ਅਤੇ ਇਸ ਨੂੰ ਮਜ਼ਬੂਤ ਬਣਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸਮਾਰਟ ਕਲਾਸਾਂ ਰਾਜ ਭਰ ਦੇ ਸਾਰੀ ਸਰਕਾਰੀ ਕਾਲਜਾਂ ਵਿਚ ਲਾਜ਼ਮੀ ਤੌਰ ’ਤੇ ਸ਼ੁਰੂ ਕੀਤੀਆਂ ਜਾਣ ਅਤੇ ਵਿਦਿਆਰਥੀਆਂ ਨੂੰ ਉਚ ਤਕਨਾਲੌਜੀ ਨਾਲ ਲੈਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਹੇਠ ਸਾਰੇ ਕਾਲਜਾਂ ਵਿਚ ਅਤਿ ਆਧੁਨਿਕ ਲਾਈਬਰੇਰੀਆਂ ਅਤੇ ਲੈਬੋਰਟਰੀਆਂ ਸਥਾਪਿਤ ਕੀਤੀਆਂ ਜਾਣ ਤਾਂ ਜੋ ਇਨ੍ਹਾਂ ਦਾ ਵਿਦਿਆਰਥੀਆਂ ਨੂੰ ਪੂਰਾ ਲਾਭ ਮਿਲ ਸਕੇ। ਸ. ਬਾਦਲ ਦੇ ਇਸ ਪ੍ਰਾਜੈਕਟ ਦੇ ਹੇਠ ਸੂਬੇ ਭਰ ਦੇ ਸਾਰੇ ਸਰਕਾਰੀ ਕਾਲਜਾਂ ਨੂੰ 5-5 ਲੱਖ ਰੁਪਏ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।



