ਚੰਡੀਗੜ੍ਹ, 15 ਅਗਸਤ (ਪੀ. ਟੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਆਮ ਆਦਮੀ ਪਾਰਟੀ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਇਹ ਸੂਬੇ ਵਿਚ ¦ਮੇ ਸੰਘਰਸ਼ ਮਗਰੋਂ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕਾਰਵਾਈਆਂ ਤੋਂ ਬਾਜ ਆਵੇ ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਕਾਡਰ ਨੂੰ ਆਮ ਆਦਮੀ ਪਾਰਟੀ ਵਿਰੁੱਧ ਰੋਕਣਾ ਮੁਸ਼ਕਲ ਹੋ ਜਾਵੇਗਾ। ਈਸੜੂ ਵਿਖੇ ਸ਼ਹੀਦੀ ਕਾਨਫਰੰਸ ਮੌਕੇ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਵਲੋਂ ਕੀਤੀ ਭੜਕਾਹਟ ਵਾਲੀ ਕਾਰਵਾਈ ਦਾ ਤਿੱਖੇ ਸ਼ਬਦਾਂ ਵਿਚ ਵਿਰੋਧ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਭਾਵੇਂ ਲੋਕਤੰਤਰੀ ਢੰਗ ਤਰੀਕਿਆਂ ਨਾਲ ਸਰਕਾਰਾਂ ਦਾ ਵਿਰੋਧ ਕਰਨਾ ਜਾਇਜ਼ ਹੈ ਪਰ ਕਿਸੇ ਵੀ ਸਭਿਅਕ ਸਮਾਜ ਵਿਚ ਅਜਿਹੀਆਂ ਬੇਤੁਕੀਆਂ ਅਤੇ ਅਮਨ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਕਾਰਵਾਈਆਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸ. ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ
ਕਾਰਕੁਨਾਂ ਵਲੋਂ ਈਸੜੂ ਵਿਚੇ ਕੀਤੀ ਗਈ ਕਾਰਵਾਈ ਨਾ ਸਿਰਫ ਨਿੰਦਣਯੋਗ ਹੈ ਸਗੋਂ ਉਨ੍ਹਾਂ ਵਲੋਂ ਆਜ਼ਾਦੀ ਦੇ ਪਰਵਾਨਿਆਂ ਅਤੇ ਸ਼ਹੀਦਾਂ ਦਾ ਨਿਰਾਦਰ ਕੀਤਾ ਗਿਆ ਹੈ। ਸ. ਗਰੇਵਾਲ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਆਜ਼ਾਦੀ ਦੇ ਪਵਿੱਤਰ ਦਿਹਾੜੇ ਤੇ ਇਹ ਨਾਕਾਬਲੇ ਮੁਆਫ ਹਰਕਤ ਕੀਤੀ ਹੈ ਪਰ ਫਿਰ ਵੀ ਸ਼੍ਰੋਮਣੀ ਅਕਾਲੀ ਦਲ ਦੇ ਕਾਡਰ ਨੂੰ ਸੰਜਮ ਬਣਾਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਭਵਿੱਖ ਵਿਚ ਵੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਕਾਰਵਾਈਆਂ ਨੂੰ ਜਾਰੀ ਰੱਖਦੀ ਹੈ ਤਾਂ ਸੰਭਾਵੀ ਤੌਰ ’ਤੇ ਗੁਸੇ ਵਿਚ ਆਇਆ ਅਕਾਲੀ ਦਲ ਦਾ ਕਾਡਰ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਕੋਈ ਰਾਜਸੀ ਕਾਨਫਰੰਸ ਕਰਨ ਦੀ ਇਜਾਜ਼ਤ ਨਾ ਦੇਵੇ। ਅਕਾਲੀ ਨੇਤਾ ਨੇ ਕਿਹਾ ਕਿ ਆਪ ਪਾਰਟੀ ਵਿੱਚ ਉਪਰ ਤੋਂ ਹੇਠਾਂ ਤੱਕ ਨਿਰਾਸ਼ਾ ਹੈ। ਇਸ ਦਾ ਕੌਮੀ ਪੱਧਰ ’ਤੇ ਪਿਛਲੀਆਂ ਆਮ ਚੋਣਾਂ ਵਿੱਚ ਹਸ਼ਰ ਸਭ ਦੇ ਸਾਹਮਣੇ ਹੈ। ਪੰਜਾਬ ਵਿੱਚ ਇਸ ਪਾਰਟੀ ਦੇ ਸੰਸਦ ਮੈਂਬਰਾਂ ਖਿਲਾਫ ਆਮ ਲੋਕਾਂ ਵਿੱਚ ਨਿਰਾਸ਼ਤਾ ਪੈਦਾ ਹੋ ਚੁੱਕੀ ਹੈ ਅਤੇ ਕੁੱਝ ਸੰਸਦ ਮੈਂਬਰਾਂ ਦੇ ਘਟੀਆ ਵਤੀਰੇ ਦੀ ਆਮ ਲੋਕਾਂ ਅਤੇ ਮੀਡੀਆ ਸਮੇਤ ਸਮਾਜਿਕ ਮੀਡੀਆ ਨੇ ਖੁੱਲੇਆਮ ਨਿੰਦਾ ਕੀਤੀ ਹੈ। ਉਨਾਂ ਕਿਹਾ ਕਿ ਆਪ ਪਾਰਟੀ ਦੇ ਕਾਰਕੁੰਨ ਵੱਲੋਂ ਕੀਤਾ ਗਿਆ ਇਹ ਰੋਸ ਪ੍ਰਗਟਾਵਾ ਵੀ ਇਸੇ ਪਾਸੇ ਇੱਕ ਕਦਮ ਹੈ। ਸ੍ਰੀ ਗਰੇਵਾਲ ਨੇ ਕਿਹਾ ਕਿ ਆਪ ਪਾਰਟੀ ਪੰਜਾਬ ਵਿੱਚ ਆਖਰੀ ਸਾਹਾਂ ’ਤੇ ਹੈ ਅਤੇ ਇਸ ਗੱਲ ਦਾ ਨਿਤਾਰਾ ਪਟਿਆਲਾ ਅਤੇ ਤਲਵੰਡੀ ਸਾਬੋ ਵਿਖੇ ਹੋ ਰਹੀਆਂ ਦੋ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਹੋ ਜਾਵੇਗਾ।



