ਰਾਂਚੀ, 22 ਅਗਸਤ (ਪੀ. ਟੀ)- ਇਕ ਸਰਕਾਰੀ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ‘ਚ ਝਾਰਖੰਡ ਦੇ ਮੁੱਖ ਮੰਤਰੀ ਹੇਂਮਤ ਸੋਰੇਨ ਦੀ ਹੂਟਿੰਗ ਨੂੰ ਲੈ ਕੇ ਮਾਮਲਾ ਕਾਫ਼ੀ ਗਰਮਾ ਗਿਆ ਹੈ। ਰਾਜ ਦੀ ਸੱਤਾਧਾਰੀ ਪਾਰਟੀ ਝਾਰਖੰਡ ਮੁਕਤੀ ਮੋਰਚਾ ਨੇ ਮੋਦੀ ਸਰਕਾਰ ਨੂੰ ਖੁੱਲ੍ਹੀ ਧਮਕੀ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਦੇ ਲਈ ਦੇਸ਼ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ। ਜੇ ਪ੍ਰਧਾਨ ਮੰਤਰੀ ਇਸ ਤਰ੍ਹਾਂ ਨਹੀਂ ਕਰਦੇ ਤਾਂ ਉਨ੍ਹਾਂ ਦੇ ਕਿਸੇ ਵੀ ਮੰਤਰੀ ਨੂੰ ਝਾਰਖੰਡ ‘ਚ ਖੁੱਲ੍ਹੇਆਮ ਘੁੰਮਣ ਨਹੀਂ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਦਾ ਸਮਾਗਮ ਖ਼ਤਮ ਹੋਣ ਦੇ ਕੁਝ ਹੀ ਦੇਰ ਬਾਅਦ ਜੇ.ਐਮ.ਐਮ. ਨੇਤਾਵਾਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਆਪਣੇ ਨੇਤਾ ਅਤੇ ਮੁੱਖ ਮੰਤਰੀ ਦੀ ਹੂਟਿੰਗ ‘ਤੇ ਨਾਰਾਜ਼ਗੀ ਜਤਾਈ। ਗੌਰਤਲਬ ਹੈ ਕਿ ਪ੍ਰਧਾਨ ਮੰਤਰੀ
ਨਰਿੰਦਰ ਮੋਦੀ ਕੱਲ੍ਹ ਧਰੂਵਾ ਸਥਿਤ ਪ੍ਰਭਾਤ ਤਾਰਾ ਮੈਦਾਨ ‘ਚ ਬਣੇ ਮੰਚ ਤੋਂ 6 ਯੋਜਨਾਵਾਂ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ ਪਰ ਉਨ੍ਹਾਂ ਦੇ ਭਾਸ਼ਣ ਤੋਂ ਪਹਿਲਾ ਜਦੋਂ ਝਾਰਖੰਡ ਦੇ ਮੁੱਖ ਮੰਤਰੀ ਹੇਂਮਤ ਸੋਰੇਨ ਭਾਸ਼ਣ ਦੇਣ ਲਈ ਉੱਠੇ ਤਾਂ ਰੈਲੀ ‘ਚ ਮੌਜੂਦ ਕੁਝ ਲੋਕਾਂ ਨੇ ਉਨ੍ਹਾਂ ਦੀ ਹੂਟਿੰਗ ਸ਼ੁਰੂ ਕਰ ਦਿੱਤੀ ਅਤੇ ਮੋਦੀ-ਮੋਦੀ ਦੇ ਨਾਅਰੇ ਲਗਾਉਣ ਲੱਗੇ।



