ਨਵੀਂ ਦਿੱਲੀ, 24 ਅਗਸਤ (ਪੀ. ਟੀ)- ਚੋਣ ਕਮਿਸ਼ਨ ਅਗਲੇ ਹਫਤੇ ਅੱਧ ਤੱਕ ਮਹਾਂਰਾਸ਼ਟਰ ਅਤੇ ਹਰਿਆਣਾ ਵਿੱਚ ਵਿਧਾਨਸਭਾ ਦੀਆਂ ਚੋਣਾਂ ਦਾ ਪ੍ਰੋਗਰਾਮ ਐਲਾਨ ਕਰ ਸਕਦਾ ਹੈ। ਹਰਿਆਣਾ ਅਤੇ ਮਹਾਂਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ ਕ੍ਰਮਵਾਰ 27 ਅਕਤੂਬਰ ਅਤੇ 8 ਨਵੰਬਰ ਨੂੰ ਸਮਾਪਤ ਹੋ ਰਿਹਾ ਹੈ। ਇਸੇ ਦੌਰਾਨ ਝਾਰਖੰਡ ਅਤੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਅਗਲੇ ਸਾਲ ਕ੍ਰਮਵਾਰ 3 ਅਤੇ 19 ਜਨਵਰੀ ਨੂੰ ਸਮਾਪਤ ਹੋਵੇਗਾ। ਚੋਣ ਕਮਿਸ਼ਨ ਦੇ ਸੂਤਰਾਂ ਮੁਤਾਬਿਕ ਗਣੇਸ਼ ਚਤੁਰਥੀ, ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰ ਦੀਆਂ ਤਰੀਕਾਂ ਅਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਦੇ ਹਿਸਾਬ ਨਾਲ ਹੀ ਮਹਾਂਰਾਸ਼ਟਰ ਤੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਤੈਅ ਕੀਤੀਆਂ ਜਾਣਗੀਆਂ। ਉਧਰ ਜੰਮੂ ਕਸ਼ਮੀਰ ’ਚ ਸਰਦੀਆਂ ਦੇ ਮੌਸਮ ਅਤੇ ਝਾਰਖੰਡ ਵਿੱਚ ਨਕਸਲ ਪ੍ਰਭਾਵਿਤ ਖੇਤਰਾਂ ’ਚ ਸੁਰੱਖਿਆ ਦਲਾਂ ਦੀ ਤਾਇਨਾਤੀ ਅਤੇ ਸਿਤੰਬਰ ’ਚ ਬਾਰਿਸ਼ ਦੀ
ਸੰਭਾਵਨਾ ਆਦਿ ਨੂੰ ਧਿਆਨ ੱਿਵਚ ਰੱਖ ਕੇ ਹੀ ਇਨ੍ਹਾਂ ਦੋਵਾਂ ਰਾਜਾਂ ’ਚ ਵਿਧਾਨ ਸਭਾ ਚੋਣਾਂ ਦਾ ਪ੍ਰੋਗਰਾਮ ਤੈਅ ਕੀਤਾ ਜਾਵੇਗਾ। ਚੋਣ ਕਮਿਸ਼ਨ ਪਹਿਲਾਂ ਹੀ ਚਾਰੇ ਰਾਜਾਂ ਦੀਆਂ ਵੋਟਰ ਸੂਚੀਆਂ ਦੀ ਸੋਧਾਈ ਦਾ ਹੁਕਮ ਦੇ ਚੁੱਕਾ ਹੈ। ਮਹਾਂਰਾਸ਼ਟਰ, ਝਾਰਖੰਡ ਅਤੇ ਹਰਿਆਣਾ ਵਿੱਚ ਭਾਜਪਾ ਲਈ ਇਸ ਵਾਰ ਕਾਫੀ ਕੁਝ ਦਾਅ ’ਤੇ ਲੱਗਿਆ ਹੈ, ਕਿਉਂਕਿ ਇਨ੍ਹਾਂ ਰਾਜਾਂ ਵਿੱਚ ਪਾਰਟੀ ਅਤੇ ਉਸ ਦੇ ਸਹਿਯੋਗੀ ਦਲਾਂ ਵੱਲੋਂ ਹਾਲੀਆ ਲੋਕ ਸਭਾ ਚੋਣਾਂ ਵਿੱਚ ਭਾਰੀ ਜਿੱਤ ਹਾਸਲ ਕੀਤੀ ਗਈ ਸੀ। ਹਰਿਆਣਆ ਅਤੇ ਮਹਾਂਰਾਸ਼ਟਰ ਵਿੱਚ ਸਹਿਯੋਗੀਆਂ ਦੀ ਮਦਦ ਨਾਲ ਕਾਂਗਰਸ ਹੁਕਮਰਾਨ ਹੈ, ਜਦੋਂ ਕਿ ਝਾਰਖੰਡ ’ਚ ਝਾਰਖੰਡ ਮੁਕਤੀ ਮੋਰਚੇ ਦੀ ਘੱਟ ਗਿਣਤੀ ਸਰਕਾਰ ਨੂੰ ਕਾਂਗਰਸ ਸਮਰਥਨ ਦੇ ਹਹੀ ਹੈ।



