June 6, 2026 4:51 am

ਛੋਟੇਪੁਰ ਆਮ ਆਦਮੀ ਪਾਰਟੀ ਦੇ ਸੂਬਾਈ ਕਨਵੀਨਰ ਬਣੇ – ਭਗਵੰਤ ਮਾਨ ਨੂੰ ਪ੍ਰਚਾਰ ਕਮੇਟੀ ਦੀ ਕਮਾਨ

Page-3_38 ਚੰਡੀਗੜ੍ਹ, 30 ਅਗਸਤ (ਨਾਗਪਾਲ)-ਸੁੱਚਾ ਸਿੰਘ ਛੋਟੇਪੁਰ ਨੂੰ ਆਮ ਆਦਮੀ ਪਾਰਟੀ ਦਾ ਸੂਬਾਈ ਕਨਵੀਨਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਪਾਰਟੀ ਦੀ ਪ੍ਰਚਾਰ ਕਮੇਟੀ ਦਾ ਮੁਖੀ ਬਣਾਇਆ ਗਿਆ ਹੈ। ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਅੱਜ ਕੇਂਦਰੀ ਕਮੇਟੀ ਦੀ ਦਿੱਲੀ ਵਿੱਚ ਹੋਈ ਮੀਟਿੰਗ ’ਚ ਇਹ ਫ਼ੈਸਲਾ ਲਿਆ ਗਿਆ।ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਨਵੀਆਂ ਨਿਯੁਕਤੀਆਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਮੀਟਿੰਗ ਵਿੱਚ ਪਾਰਟੀ ਦੇ ਕੇਂਦਰੀ ਆਗੂ ਯੋਗਿੰਦਰ ਯਾਦਵ, ਸੰਜੇ ਸਿੰਘ, ਆਸ਼ੂਤੋਸ਼ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੀਟਿੰਗ ਵਿੱਚ ਸ੍ਰੀ ਛੋਟੇਪੁਰ ਤੋਂ ਇਲਾਵਾ ਪੰਜਾਬ ਦੇ ਤਿੰਨ ਸੰਸਦ ਮੈਂਬਰ ਭਗਵੰਤ ਮਾਨ, ਹਰਿੰਦਰ ਸਿੰਘ ਖਾਲਸਾ ਤੇ ਡਾ.

ਧਰਮਵੀਰ ਗਾਂਧੀ ਅਤੇ ਐਡਵੋਕੇਟ ਐਚ. ਐਸ. ਫੂਲਕਾ ਮੌਜੂਦ ਸਨ। ਇਸ ਦੌਰਾਨ ਰਾਜ ਵਿੱਚ ਪਾਰਟੀ ਦਾ ਜਥੇਬੰਦਕ ਢਾਂਚਾ ਜਲਦੀ ਉਸਾਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਲੋਕ ਮਸਲਿਆਂ ਨੂੰ ਲੈ ਕੇ ਲੋਕ ਲਹਿਰ ਖੜੀ ਕਰਨ ਅਤੇ ਰਾਜ ਪੱਧਰੀ ਰੈਲੀ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ। ਇਸ ਮੌਕੇ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ ਬਾਰੇ ਵੀ ਚਰਚਾ ਹੋਈ।ਨਵੇਂ ਬਣੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਲਈ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਅਤੇ 31 ਅਗਸਤ ਨੂੰ ਜਲੰਧਰ ਵਿੱਚ ਹੋਣ ਵਾਲੀ ਜ਼ਿਲ੍ਹਾ ਇੰਚਾਰਜਾਂ ਦੀ ਪਲੇਠੀ ਮੀਟਿੰਗ ਵਿੱਚ ਨਸ਼ੇ, ਭ੍ਰਿਸ਼ਟਾਚਾਰ, ਮਹਿੰਗਾਈ, ਬੇਰੁਜ਼ਗਾਰੀ, ਝੂਠੇ ਕੇਸ, ਰੇਤਾ ਬਜਰੀ ਅਤੇ ਹੋਰ ਮੰਗਾਂ ਸਬੰਧੀ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਖਿਆ ਕਿ ਉਹ ਪਾਰਟੀ ਵੱਲੋਂ ਲਾਈ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹ ਰਾਜ ਦੇ ਸਾਰੇ ਜ਼ਿਲ੍ਹਿਆਂ ਅਤੇ ਤਹਿਸੀਲ ਪੱਧਰ ਉੱਤੇ ਪਾਰਟੀ ਪ੍ਰੋਗਰਾਮਾਂ ਲਈ ਪ੍ਰਚਾਰ ਕਰਨਗੇ ਅਤੇ ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਵੀ ਆਰੰਭ ਕਰਨਗੇ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕ ਅਕਾਲੀ ਭਾਜਪਾ ਗਠਜੋੜ ਅਤੇ ਕਾਂਗਰਸ ਤੋਂ ਸਤੇ ਪਏ ਹਨ ਅਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਢੁਕਵਾਂ ਤੀਜਾ ਫਰੰਟ ਮੁਹੱਈਆ ਕਰਾਏਗੀ।

Send this to a friend