ਚੰਡੀਗੜ੍ਹ, 15 ਸਤੰਬਰ (ਪੀ. ਟੀ)- ਪੰਜਾਬ ਦੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਅਤੇ ਵੱਖ-ਵੱਖ ਸਹਾਇਕ ਕਿੱਤਿਆਂ ਦੀ ਜਾਣਕਾਰੀ ਦੇਣ ਅਤੇ ਜਾਗਰੂਕਤਾ ਫੈਲਾਉਣ ਲਈ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਪਹਿਲਾ ਕਿਸਾਨ ਜਾਗਰੂਕਤਾ ਕੈਂਪ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਜੇਠੂਕੇ ਵਿਖੇ 20 ਸਤੰਬਰ, 2014 ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਅਜਿਹੇ ਕੁੱਲ ਇਕ ਹਜ਼ਾਰ ‘ਕਿਸਾਨ ਕੈਂਪ’ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਲਈ ਖਾਸ ਤੌਰ ‘ਤੇ ਇਕ ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਅਤੇ ਵੱਖ-ਵੱਖ ਵਿਭਾਗੀ ਸਕੀਮਾਂ ਦੀ ਜਾਣਕਾਰੀ ਇਨ੍ਹਾਂ ‘ਕਿਸਾਨ ਕੈਂਪਾਂ’ ‘ਚ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਜਿਵੇਂ ਪਸ਼ੂ ਪਾਲਣ ਤੇ
ਡੇਅਰੀ ਆਦਿ ਵੱਲ ਪ੍ਰੇਰਿਤ ਕਰਨ ਲਈ ਖਾਸ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨ ਕੈਂਪਾਂ ਲਈ ਹਰੇਕ ਪਿੰਡ ‘ਚ ਦਸ ਹਜ਼ਾਰ ਰੁਪਏ ਖਰਚੇ ਜਾਣਗੇ ਅਤੇ ਇਕ ਹਜ਼ਾਰ ਪਿੰਡਾਂ ਲਈ ਇਹ ਰਾਸ਼ੀ ਇਕ ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜ਼ਹਿਰੀਲੇ ਚਾਰੇ ਨਾਲ ਪਸ਼ੂਆਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਰੋਕਥਾਮ ਲਈ ਵੀ ਇਨ੍ਹਾਂ ਕੈਂਪਾਂ ਦੌਰਾਨ ਕਿਸਾਨਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਅਮਰੀਕਾ ਤੋਂ ਮੰਗਵਾਇਆ ਸੀਮਨ ਵੀ ਕਿਸਾਨਾਂ ਨੂੰ ਸਬਸਿਡੀ ਉੱਤੇ ਦਿੱਤਾ ਜਾਵੇਗਾ।