ਅੰਮ੍ਰਿਤਸਰ 19 ਸਤੰਬਰ (ਪੀ. ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿੱਢੀ ਗਈ ਮੁਹਿੰਮ ਦੇ ਅੰਤਰਗਤ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਜੈਕਾਰਿਆਂ ਦੀ ਗੂੰਜ ਵਿੱਚ ਸਿੱਖ ਮਿਸ਼ਨ ਨੇਪਾਲ ਦੀ ਸਥਾਪਨਾ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਬਿਆਨ ਵਿੱਚ ਜਾਣਕਾਰੀ ਦੇਂਦਿਆਂ ਹੋਇਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਰੂਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਸਤਬੀਰ ਸਿੰਘ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਦੀ ਸੁਹਿਰਦ ਅਗਵਾਈ ਹੇਠ ਸ਼ੁਰੂ ਕੀਤੀ ਗਈ ਧਰਮ ਪ੍ਰਚਾਰ ਦੀ ਮੁਹਿੰਮ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਪਹੁੰਚਾਉਣ ਦਾ ਉਪਰਾਲਾ ਅਰੰਭਿਆ
ਗਿਆ ਹੈ।ਉਸੇ ਕੜੀ ਦੇ ਅੰਤਰਗਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਆਪਣੇ ਗੁਆਂਢੀ ਮੁਲਕ ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਸਤਿਸੰਗ ਵਿਖੇ ਆਪਣੇ 12ਵੇਂ ਸਿੱਖ ਮਿਸ਼ਨ ਦੀ ਸਥਾਪਨਾ ਕਰਕੇ ਉਕਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਸ਼ਰਧਾਲੂਆਂ ਤੇ ਲਵਾਰਿਸ ਬੱਚਿਆਂ ਦੇ ਰਹਿਣ-ਸਹਿਣ ਦਾ ਉਚਿੱਤ ਪ੍ਰਬੰਧ ਕਰਨ ਹਿਤ ਗੁਰੂ ਨਾਨਕ ਨਿਵਾਸ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਅਤੇ 16 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮੌਕੇ ਤੇ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਇਕੱਤਰ ਹੋਈਆਂ ਨੇਪਾਲ ਦੀਆਂ ਸਿੱਖ ਸੰਗਤਾਂ ਤੇ ਪ੍ਰਮੁੱਖ ਸਖਸ਼ੀਅਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਕਿਹਾ ਕਿ ਕਾਠਮੰਡੂ (ਨੇਪਾਲ) ਵਿਖੇ ਸ਼੍ਰੋਮਣੀ ਕਮੇਟੀ ਨੇ ਸਿੱਖ ਮਿਸ਼ਨ ਦੀ ਸਥਾਪਨਾ ਕਰਕੇ ਜਿੱਥੇ ਆਪਣੇ ਪ੍ਰਚਾਰ ਦੀ ਮੁਹਿੰਮ ਨੂੰ ਵਿਦੇਸ਼ਾਂ ਵਿੱਚ ਫੈਲਾਉਣ ਦਾ ਉਪਰਾਲਾ ਕੀਤਾ ਹੈ ਉਥੇ ਨਾਲ ਹੀ ਨੇਪਾਲ ਦੀ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਸਿੱਖੀ ਦੇ ਫਲਸਫ਼ੇ ਤੇ ਸਿੱਖਿਆਵਾਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ।ਉਨ•ਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਕੀਤੇ ਗਏ ਉਕਤ ਸਿੱਖ ਮਿਸ਼ਨ ਅੰਦਰ ਵਿਸ਼ੇਸ਼ ਤੌਰ ਤੇ ਨੇਪਾਲ ਦੇ ਲਾਵਾਰਿਸ ਬੱਚਿਆਂ ਨੂੰ ਦੁਨਿਆਵੀ ਵਿਦਿਆ ਦੇ ਨਾਲ ਨਾਲ ਗੁਰਮਤਿ ਵਿਦਿਆ, ਗੁਰਮਤਿ ਸੰਗੀਤ ਦੀ ਸਿਖਲਾਈ ਦੇ ਨਾਲ-ਨਾਲ ਉਨ•ਾਂ ਦੇ ਰਹਿਣ-ਸਹਿਣ ਦਾ ਸਮੁੱਚਾ ਪ੍ਰਬੰਧ ਵੀ ਨਿਸ਼ਕਾਮ ਰੂਪ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ ਤਾਂ ਕਿ ਲਵਾਰਿਸ ਬੱਚੇ ਵੀ ਗੁਰਮਤਿ ਦੀ ਵਿਚਾਰਧਾਰਾ ਨਾਲ ਜੁੜ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ।ਇਸ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਐਲਾਨ ਕੀਤਾ ਕਿ ਸਿੱਖ ਮਿਸ਼ਨ ਨੇਪਾਲ ਵਿੱਚ ਗੁਰਮਤਿ ਦੀ ਵਿਦਿਆ ਪ੍ਰਾਪਤ ਕਰਨ ਵਾਲੇ ਸਮੁੱਚੇ ਬੱਚਿਆਂ ਦੇ ਯੋਗ ਪ੍ਰਬੰਧ ਦੇ ਲਈ ਸ਼੍ਰੋਮਣੀ ਕਮੇਟੀ ਹਰ ਮਹੀਨੇ 45000/- ਰੁਪਏ (ਨੇਪਾਲੀ ਕਰੰਸੀ) ਅਨੁਸਾਰ ਸਹਾਇਤਾ ਦੇ ਰੂਪ ਵਿੱਚ ਦੇਵੇਗੀ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਸਤਬੀਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕਾਠਮੰਡੂ ਵਿਖੇ ਸਥਾਪਿਤ ਕੀਤੇ ਗਏ ਸਿੱਖ ਮਿਸ਼ਨ ਅੰਦਰ ਸ. ਰਾਮ ਸਿੰਘ ਨੂੰ ਬਤੌਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜੋ ਕਿ ਓਥੋਂ ਦੇ ਸਾਰੇ ਪ੍ਰਬੰਧ ਦੀ ਦੇਖ-ਰੇਖ ਕਰਨਗੇ।ਇਸ ਦੌਰਾਨ ਗੁਰਦੁਆਰਾ ਗੁਰੂ ਨਾਨਕ ਸਤਿਸੰਗ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਪ੍ਰੀਤਮ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਤੇ ਉਨ•ਾਂ ਦੇ ਨਾਲ ਆਈਆਂ ਸਮੂਹ ਸਖਸ਼ੀਅਤਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਹੋਇਆਂ ਕਿਹਾ ਕਿ ਕਾਠਮੰਡੂ ਸ਼ਹਿਰ ਅੰਦਰ 35 ਦੇ ਕਰੀਬ ਸਿੱਖ ਪ੍ਰੀਵਾਰ ਬੜੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਉਕਤ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰ ਰਹੇ ਹਨ।ਉਨ•ਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ ਜੋਰਦਾਰ ਮੰਗ ਕੀਤੀ ਕਿ ੳੇਹ ਆਪਣਾ ਅਸਰ ਰਸੂਖ ਵਰਤ ਕੇ ਨੇਪਾਲ ਦੀ ਸਰਕਾਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸਮੁੱਚੇ ਮੱਠਾਂ ਦੀ ਸੇਵਾ ਸੰਭਾਲ ਦਾ ਪ੍ਰਬੰਧ ਸਿੱਖ ਸੰਗਤਾਂ ਨੂੰ ਦਿਵਾਉਣ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ।ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਨਮਾਨਿਤ ਵੀ ਕੀਤਾ ਗਿਆ।