ਚੰਡੀਗੜ੍ਹ, 24 ਸਤੰਬਰ (ਪੀ. ਟੀ.)- ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਕੁਤਰ ਕੇ ਤੂੜੀ ਬਣਉਣ ਵਾਲੀਆਂ 4000 ਮਸ਼ੀਨਾਂ ਕੋਆਪਰੇਟਿਵ ਸੁਸਾਇਟੀਆਂ ਨੂੰ ਸਬਸਿਡੀ ’ਤੇ ਦਿੱਤੀਆਂ ਜਾਣਗੀਆਂ ਜੋ ਕਿਸਾਨਾਂ ਨੂੰ ਕਿਰਾਏ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਸਿੱਧੇ ਤੌਰ ਮਸ਼ੀਨਾਂ ਖਰੀਦਣ ਦੇ ਚਾਹਵਾਨ ਕਿਸਾਨਾਂ ਨੂੰ ਵੀ ਇਨਾਂ ਮਸ਼ੀਨਾ ਤੇ ਸਿਬਸਿਡੀ ਤੇ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵਲੋਂ ਇਹ ਉਪਰਾਲਾ ਪਰਾਲੀ ਨੂੰ ਅੱਗ ਲਾਉਣ ਕਾਰਨ ਹੁੰਦੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਕੀਤਾ ਗਿਆ ਹੈ। ਕਿਸਾਨ ਭਵਨ ਚੰਡੀਗੜ੍ਹ ਵਿਖੇ ਖੇਤੀ ਦੇ ਸੰਦ ਅਤੇ ਮਸ਼ੀਨਾਂ ਬਣਾਉਣ ਵਾਲੇ ਸਨਅਤਕਾਰਾਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਸੱਦਾ ਦਿੱਤਾ ਕਿ ਝੋਨੇ ਦੀ ਪਰਾਲੀ
ਕਾਰਨ ਹੁੰਦੇ ਨੁਕਸਾਨ ਨੂੰ ਰੋਕਣ ਲਈ ਨਵੀਂ ਤਕਨੀਕ ਦੀਆਂ ਮਸ਼ੀਨਾਂ ਪੰਜਾਬ ਵਿਚ ਹੀ ਬਣਾਈਆਂ ਜਾਣ, ਜਿਸ ਨਾਲ ਜਿੱਥੇ ਕਿਸਾਨ ਨੂੰ ਫਾਇਦਾ ਹੋਵੇਗਾ ੳੱਥੇ ਸਨਅਤਕਾਰਾਂ ਨੂੰ ਲਾਭ ਪੁੱਜੇਗਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਜਲਦ ਹੀ ਪੰਜਾਬ ਭਰ ਦੇ ਸੰਦ ਅਤੇ ਮਸ਼ੀਨਾਂ ਬਣਾਉਣ ਵਾਲੇ ਸਨਅਤਕਾਰਾਂ ਦੀ ਮੀਟਿੰਗ ਕਰਵਾਈ ਜਾਵੇਗੀ, ਜਿਸ ਵਿਚ ਮੌਜੂਦਾ ਸਮੇਂ ਦੀਆਂ ਲੋੜਾਂ ਅਨੁਸਾਰ ਪੰਜਾਬ ਵਿਚ ਹੀ ਨਵੀਂ ਤਕਨੀਕ ਦੀਆਂ ਮਸ਼ੀਨਾਂ ਇਜ਼ਾਦ ਕਰਨ ਬਾਰੇ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਬਣਾਏ ਐਕਟ ਨੂੰ ਸਖਤੀ ਨਾਲ ਲਾਗੂ ਤਾਂ ਹੀ ਕੀਤਾ ਜਾ ਸਕਦਾ ਹੈ ਜੇਕਰ ਪਰਾਲੀ ਨੂੰ ਖਤਮ ਕਰਨ ਦਾ ਬਦਲਵਾਂ ਪ੍ਰਬੰਧ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇ। ਇਸ ਲਈ ਪੰਜਾਬ ਸਰਕਾਰ ਨੇ ਪਰਾਲੀ ਨੂੰ ਬਿਨਾ ਅੱਗ ਲਾਏ ਖਤਮ ਕਰਨ ਲਈ ਪੰਜਾਬ ਵਿਚ ਹੀ ਇਜ਼ਾਦ ਕੀਤੀਆਂ ਘੱਟ ਕੀਮਤ ਵਾਲੀਆਂ ਨਵੀਂ ਤਕਨੀਕ ਦੀਆਂ ਮਸ਼ੀਨਾਂ ਸਬਸਿਡੀ ’ਤੇ ਕਿਸਾਨਾਂ ਨੂੰ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਖੇਤੀਬਾੜੀ ਦੇ 44 ਸੰਦਾ ’ਤੇ ਸਬਸਿਡੀ ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਤੂੜੀ ਬਣਾਉਣ ਵਾਲੀ ਮਸ਼ੀਨ, ਖੁੰਭਾ ਲਈ ਤੂੜੀ ਅਤੇ ਪਰਾਲੀ ਦੀਆਂ ਗੱਠਾਂ ਬਣਾਉਣ ਵਲੀਆਂ ਤਿੰਨ ਤਰਾਂ ਦੀਆਂ ਮਸ਼ੀਨਾਂ ਲਈ ਪੰਜਾਬ ਸਰਕਾਰ ਵਲੋਂ ਸਬਸਿਡੀ ਦਿੱਤੀ ਜਾਵੇਗੀ।



