ਚੰਡੀਗੜ੍ਹ, 26 ਸਤੰਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸ੍ਰੋਮਣੀ ਅਕਾਲੀ ਦਲ- ਭਾਜਪਾ ਨੇਤਾਵਾਂ, ਕੈਬਨਿਟ ਮੰਤਰੀਆਂ, ਮੁੱਖ ਸੰਸਦੀ ਸਕੱਤਰਾਂ ਤੇ ਵਿਧਾਇਕਾਂ ਤੋਂ ਇਲਾਵਾ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਲੜੀਵਾਰ ਮੀਟਿੰਗਾਂ ਕਰਕੇ ਜ¦ਧਰ ਨੇੜੇ ਕਰਤਾਰਪੁਰ ਵਿਖੇ 25 ਏਕੜ ਰਕਬੇ ਵਿੱਚ 200 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਿਸ਼ਵ ਪੱਧਰੀ ਜੰਗ-ਏ-ਆਜ਼ਾਦੀ ਯਾਦਗਾਰ ਦਾ 12 ਅਕਤੂਬਰ ਨੂੰ ਨੀਂਹ ਪੱਥਰ ਰੱਖੇ ਜਾਣ ਮੌਕੇ ਕਰਵਾਏ ਜਾਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ। ਅੱਜ ਇੱਥੇ ਪੰਜਾਬ ਭਵਨ ਵਿਖੇ ਜ¦ਧਰ, ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਲੁਧਿਆਣਾ ਦੇ ਨੇਤਾਵਾਂ ਨਾਲ ਵਿਚਾਰ ਚਰਚਾ ਦੌਰਾਨ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਨੇਤਾਵਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਇਸ ਇਤਿਹਾਸਕ ਸਮਾਗਮ ਵਿੱਚ ਹਰੇਕ ਵਰਗ
ਦੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਸ. ਬਾਦਲ ਨੇ ਆਖਿਆ ਕਿ ਲੋਕਾਂ ਦੀ ਮੌਜੂਦਗੀ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਬਹਾਦਰ ਯੋਧਿਆਂ ਤੇ ਸ਼ਹੀਦਾਂ ਦੇ ਲਾਮਿਸਾਲ ਯੋਗਦਾਨ ਦੀ ਹਾਮੀ ਭਰੇਗੀ। ਉਨ੍ਹਾਂ ਆਖਿਆ ਕਿ ਇਹ ਯਾਦਗਾਰ ਸਾਡੇ ਪੁਰਖਿਆਂ ਵੱਲੋਂ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਕੀਤੇ ਕਰੜੇ ਸੰਘਰਸ਼ ਤੇ ਕੁਰਬਾਨੀਆਂ ਨੂੰ ਮੂਰਤੀਮਾਨ ਕਰੇਗੀ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਯਾਦਗਾਰ ਮੁਕੰਮਲ ਹੋ ਜਾਣ ਤੋਂ ਬਾਅਦ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਕੌਮੀਅਤ ਦੀ ਭਾਵਨਾ ਦੀ ਚਿਣਗ ਜਗਾਏਗੀ। ਸ. ਬਾਦਲ ਨੇ ਇਸ ਸਮਾਗਮ ਵਾਲੀ ਥਾਂ ’ਤੇ ਲੋਕਾਂ ਦੇ ਸੁਖਾਲੇ ਸਫ਼ਰ ਨੂੰ ਯਕੀਨੀ ਬਣਾਉਣ ਅਤੇ ਪ੍ਰਬੰਧਾਂ ਦੀ ਨਿਗਰਾਨੀ ਲਈ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਆਪਣੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ. ਐਸ. ਚੀਮਾ ਦੀ ਡਿਊਟੀ ਲਾਈ।



