ਚੰਡੀਗੜ੍ਹ, ਅਕਤੂਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਅਤੇ ਹੋਰ ਮੰਤਰੀਆਂ ਨੇ ਅੱਜ ਦੁਸਹਿਰੇ ਮੌਕੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਅੱਜ ਸਮੂਹ ਦੇਸ਼ ਵਾਸੀਆਂ ਖਾਸ ਤੌਰ ’ਤੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦੁਸਹਿਰੇ ਅਤੇ ਦੁਰਗਾ ਪੂਜਾ ਦੇ ਤਿਉਹਾਰ ਦੇ ਸ਼ੁਭ ਮੌਕੇ ਦੀ ਵਧਾਈ ਦਿੱਤੀ ਹੈ। ਇੱਕ ਸੰਦੇਸ਼ ਰਾਹੀਂ ਸ. ਬਾਦਲ ਨੇ ਕਿਹਾ ਕਿ ਇਹ ਦੋਵੇਂ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉਠ ਕੇ ਲੋਕਾਂ ਨੂੰ ਭਾਈਚਾਰਾ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ।



