ਚੰਡੀਗੜ੍ਹ, 11 ਅਕਤੂਬਰ (ਪੀ. ਟੀ.)- ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਅਤੇ ਪੰਜਾਬ ਨੇ ਸਿੱਖਿਆ ਸਿਸਟਮ ਨੂੰ ਹੋਰ ਬਿਹਤਰ ਬਣਾਉਣ ਲਈ ਮਿਲ ਕੇ ਚੱਲਣ ਦਾ ਫੈਸਲਾ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਆਪਸੀ ਵਟਾਂਦਰਾ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਸਹਿਮਤੀ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਬ੍ਰਿਟਿਸ਼ ਕੋਲੰਬੀਆ ਦੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਅਮਰੀਕ ਸਿੰਘ ਵਿਰਕ ਵਿਚਾਲੇ ਅੱਜ ਇਥੇ ਹੋਈ ਮੀਟਿੰਗ ਦੌਰਾਨ ਪ੍ਰਗਟਾਈ ਗਈ। ਦੋਵਾਂ ਸੂਬਿਆਂ ਦੀ ਸਰਕਾਰਾਂ ਨੇ ਫੈਸਲਾ ਕੀਤਾ ਕਿ ਅਧਿਆਪਕਾਂ ਨੂੰ ਹੋਰ ਨਿਪੁੰਨ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਆਪਸੀ ਵਟਾਂਦਰਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇ। ਇਸ ਦੇ ਨਾਲ ਹੀ ਦੋਵਾਂ ਸੂਬਿਆਂ ਨੇ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦਾ ਆਪਸੀ ਵਟਾਂਦਰਾ ਪ੍ਰੋਗਰਾਮ ਵੀ ਸ਼ੁਰੂ ਕਰਨ ਦੀ ਲੋੜ ਨੂੰ ਸਮਝਦਿਆਂ ਫੈਸਲਾ ਕੀਤਾ ਵਿਦਿਆਰਥੀਆਂ ਦੇ ਸਿੱਖਿਆ ਟੂਰ ਪ੍ਰੋਗਰਾਮ ਸ਼ੁਰੂ ਕੀਤੇ ਜਾਣ। ਇਸ
ਨਾਲ ਵਿਦਿਆਰਥੀਆਂ ਨੂੰ ਜਿੱਥੇ ਨਵੀਂ ਤਕਨਾਲੋਜੀ ਦਾ ਪਤਾ ਲੱਗੇਗਾ ਉਥੇ ਵਿਚਾਰਾਂ, ਸਿੱਖਿਆ ਦੇ ਆਦਾਨ-ਪ੍ਰਦਾਨ ਨਾਲ ਉਨ੍ਹਾਂ ਦੇ ਬੌਧਿਕ ਗਿਆਨ ਦਾ ਘੇਰਾ ਵਿਸ਼ਾਲ ਹੋਵੇਗਾ। ਭਾਰਤ ਦੇ ਦੌਰੇ ’ਤੇ ਆਏ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਅਮਰੀਕ ਸਿੰਘ ਵਿਰਕ ਨੇ ਅੱਜ ਇਥੇ ਹੋਟਲ ਜੇ.ਡਬਲਿਊ ਮੈਰੀਅਟ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਵਿਰਕ ਨਾਲ ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਿੱਖਿਆ ਮੰਤਰੀ ਸ੍ਰੀ ਸੈਂਡਰਾ ਕੈਰੋਲ, ਸ੍ਰੀ ਦਲਜੀਤ ਸਿੰਘ ਥਿੰਦ ਨੇ ਵੀ ਡਾ. ਚੀਮਾ ਨਾਲ ਮੁਲਾਕਾਤ ਕੀਤੀ।



