ਚੰਡੀਗੜ੍ਹ, 17 ਅਕਤੂਬਰ (ਪੀ. ਟੀ.)- ਦਯਾਨੰਦ ਮੈਡੀਕਲ ਕਾਲਜ, ਲੁਧਿਆਣਾ ਦੀ ਪੋਸਟ ਗਰੈਜੂਏਸ਼ਨ ਵਿਦਿਆਰਥਣ ਸੁਪਰਿਆ ਵੱਲੋਂ ਕੀਤੀ ਗਈ ਆਤਮ ਹੱਤਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾ ਕੇ 7 ਦਿਨਾਂ ਅੰਦਰ ਰਿਪੋਰਟ ਸੌਂਪਣ ਦੇ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਸ੍ਰੀ ਜੋਸ਼ੀ ਨੇ ਵਿਦਿਆਰਥਣ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਸਾਂਝੀ ਕੀਤੀ। ਸ੍ਰੀ ਜੋਸ਼ੀ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਅਤੇ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਪੂਰੀ ਪਾਰਦਰਸ਼ਤਾ ਨਾਲ ਜਾਂਚ ਕੀਤੀ ਜਾਵੇਗੀ। ਮੰਤਰੀ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਜਿਸ ਦੇ ਮੁਖੀ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ.ਕੇ.ਡੀ. ਸਿੰਘ ਹੋਣਗੇ। ਉਨ੍ਹਾਂ ਕਮੇਟੀ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਪੂਰੀ ਪੜਤਾਲ ਕਰ ਕੇ ਆਪਣੀ ਰਿਪੋਰਟ 7 ਦਿਨਾਂ ਦੇ ਅੰਦਰ-ਅੰਦਰ ਪੇਸ਼ ਕੀਤੀ ਜਾਵੇ।