ਅੰਮ੍ਰਿਤਸਰ, 3 ਨਵੰਬਰ (ਪੀ. ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਜਿੰਨੀ ਦੇਰ ਦਿੱਲੀ ਵਿੱਚ ਸਿੱਖ ਨਸਲਕੁਸ਼ੀ ਪੀੜ੍ਹਤ ਲੋਕਾਂ ਨੂੰ ਇਨਸਾਫ ਤੇ ਦੋਸ਼ੀਆਂ ਨੂੰ ਸਖਤ ਸਜਾਵਾਂ ਨਹੀਂ ਦਿੱਤੀਆਂ ਜਾਂਦੀਆਂ ਸ਼੍ਰੋਮਣੀ ਕਮੇਟੀ ਹਰ ਸਾਲ ਨਵੰਬਰ ਦੇ ਮਹੀਨੇ 1984 ਦੇ ਦੰਗਿਆਂ ਵਿੱਚ ਸਿੱਖ ਨਸਲਕੁਸ਼ੀ ਦਾ ਸ਼ਿਕਾਰ ਹੋਏ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਅਰਦਾਸ ਸਮਾਗਮ ਕਰਵਾਏਗੀ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ’ਚ ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਦਿੱਲੀ ਅਤੇ ਵੱਖ-ਵੱਖ ਸੂਬਿਆਂ ਵਿੱਚ ਸਿੱਖ ਨਸਲਕੁਸ਼ੀ ਤਹਿਤ ਪੀੜ੍ਹਤਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਓਨੀ ਦੇਰ ਸ਼੍ਰੋਮਣੀ ਕਮੇਟੀ ਹਰ ਸਾਲ ਨਵੰਬਰ 1984 ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਨਵੰਬਰ ਮਹੀਨੇ ’ਚ ਅਰਦਾਸ ਸਮਾਗਮ ਕਰਵਾਇਆ ਕਰੇਗੀ।ਉਨ੍ਹਾਂ ਕਿਹਾ ਕਿ ਭਾਵੇਂ ਮੋਦੀ ਸਰਕਾਰ ਨੇ ਦੰਗਾਂ ਪੀੜ੍ਹਤਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ,ਪਰ ਪੀੜ੍ਹਤਾਂ ਨਾਲ
ਅਸਲ ਇਨਸਾਫ ਉਦੋਂ ਹੀ ਹੋਵੇਗਾ, ਜਦੋਂ ਦੰਗਾਕਾਰੀਆਂ ਤੇ ਉਨ੍ਹਾਂ ਨੂੰ ਸ਼ਹਿ ਦੇਣ ਵਾਲਿਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਪਿਛਲੇ 30 ਸਾਲਾਂ ਤੋਂ ਆਪਣਿਆਂ ਦੇ ਵਿਛੜਨ ਦਾ ਦਰਦ ਝੱਲ ਰਹੇ ਸਿੱਖ ਨਸਲਕੁਸ਼ੀ ਦੇ ਪੀੜ੍ਹਤ ਲੋਕ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ, ਪਰ ਅਜੇ ਤੱਕ ਕਿਸੇ ਸਰਕਾਰ ਵੱਲੋਂ ਕੋਈ ਇਨਸਾਫ਼ ਨਹੀਂ ਮਿਲਿਆ।
ਉਨ੍ਹਾਂ ਕੇਂਦਰ ਦੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੰਗਾ ਪੀੜ੍ਹਤ ਪ੍ਰੀਵਾਰਾਂ ਦੇ ਅੱਲ੍ਹੇ ਜਖ਼ਮ ਤਾਂ ਹੀ ਭਰਨਗੇ ਜੇ ਉਨ੍ਹਾਂ ਤੇ ਹਮਲਾ ਕਰਨ ਤੇ ਕਰਵਾਉਣ ਵਾਲੇ ਸਾਜਿਸ਼ਕਾਰੀਆਂ ਤੇ ਦੰਗਾਕਾਰੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।ਉਨ੍ਹਾਂ ਕਿਹਾ ਕਿ ਨਵੰਬਰ 1984 ਦੀ ਨਸਲਕੁਸ਼ੀ ਦਾ ਕਾਂਡ ਬਹੁਤ ਹੀ ਵੱਡਾ ਤੇ ਸ਼ਰਮਨਾਕ ਕਾਰਾ ਸੀ, ਜਿਸ ਨੂੰ ਭੁਲਾਉਣਾ ਸਿੱਖਾਂ ਦੇ ਵੱਸ ਨਹੀਂ, ਪਰ ਅਫ਼ਸੋਸ ਹੈ ਕਿ ਜਿਨ੍ਹਾਂ ਲੋਕਾਂ ਨੇ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਉਨ੍ਹਾਂ ਨੂੰ ਸਜ਼ਾਵਾਂ ਦੇਣ ਦੀ ਬਜਾਏ ਵੱਡੇ-ਵੱਡੇ ਅਹੁਦਿਆਂ ਤੇ ਬਿਰਾਜਮਾਨ ਕੀਤਾ ਗਿਆ।



