ਚੰਡੀਗੜ੍ਹ, 4 ਨਵੰਬਰ (ਪੀ. ਟੀ.)- ਸਿੰਜਾਈ ਵਿਭਾਗ ਦੇ ਸਕੱਤਰ ਸ. ਕਾਹਨ ਸਿੰਘ ਪੰਨੂੰ, ਆਈ.ਏ.ਐੱਸ. ਵੱਲੋਂ ਅੱਜ ਚੰਡੀਗੜ੍ਹ ਤੇ ਮੁਹਾਲੀ ਸਥਿਤ ਵਿਭਾਗ ਦੇ ਚੀਫ ਇੰਜੀਨੀਅਰਾਂ ਦੇ ਵੱਖ-ਵੱਖ ਦਫਤਰਾਂ ਦੀ ਅਚਨਚੇਤੀ ਚੈਕਿੰਗ ਦੌਰਾਨ 2 ਚੀਫ ਇੰਜੀਨੀਅਰਾਂ ਤੇ 2 ਨਿਗਰਾਨ ਇੰਜਨੀਅਰ ਅਤੇ12 ਐਕਸੀਅਨਾਂ ਸਣੇ 233 ਕਰਮਚਾਰੀ ਗੈਰਹਾਜ਼ਰ ਪਾਏ ਗਏ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ. ਪੰਨੂੰ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਚੈਕਿੰਗ ਲਈ 10 ਟੀਮਾਂ ਬਣਾਈਆਂ ਗਈਆਂ ਜਿਨ੍ਹਾਂ ਨੇ ਸਵੇਰੇ ਸਵਾ 9 ਵਜੇ ਸਾਰੇ ਅਧਿਕਾਰੀਆਂ ਤੇ ਕਰਮਚਾਰੀ ਦੀ ਹਾਜ਼ਰੀ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ ਵਿਭਾਗ ਦੇ ਕੁੱਲ 233 ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਗੈਰ ਹਾਜ਼ਰ ਪਾਏ ਜਾਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 2 ਚੀਫ ਇੰਜਨੀਅਰ, 2 ਐਸ.ਈ., 12 ਐਕਸੀਅਨ,
20 ਹੋਰ ਦਰਜਾ ਪਹਿਲਾ ਅਧਿਕਾਰੀ, 126 ਦਰਜਾ ਤੀਜਾ ਕਰਮਚਾਰੀ ਅਤੇ 71 ਦਰਜਾ ਚਾਰ ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਸ. ਪੰਨੂੰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਅਨੁਸਾਸ਼ਣ ਵਿੱਚ ਰਹਿੰਦਿਆਂ ਸਹੀ ਸਮੇਂ ’ਤੇ ਆਉਣ ਸਬੰਧੀ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਗੈਰ ਹਾਜ਼ਰ ਪਾਏ ਗਏ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਬਣਦੀ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਅਗਾਂਹ ਦੱਸਿਆ ਕਿ ਇਹ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ।



