ਚੰਡੀਗੜ੍ਹ, 5 ਨਵੰਬਰ (ਪੀ. ਟੀ.)- ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨਵੇਂ ਨਿਯੁਕਤ ਕੀਤੇ ਗਏ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ, ਆਈ.ਏ.ਐਸ. ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਦਫਤਰ ਵਿਖੇ ਆਪਣੇ ਨਵੇਂ ਅਹੁਦੇ ਦਾ ਚਾਰਜ ਸੰਭਾਲਿਆ। 2000 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਤਿਵਾੜੀ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਸਕੱਤਰ ਹਨ ਅਤੇ ਉਨ੍ਹਾਂ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸ੍ਰੀ ਤਿਵਾੜੀ ਵੱਲੋਂ ਅਹੁਦਾ ਸੰਭਾਲਣ ਮੌਕੇ ਵਿਭਾਗ ਦੇ ਇਸ ਤੋਂ ਪਹਿਲੇ ਡਾਇਰੈਕਟਰ ਸ੍ਰੀ ਅਸ਼ਵਨੀ ਕੁਮਾਰ ਸ਼ਰਮਾ, ਵਿਭਾਗ ਦੇ ਵਧੀਕ ਡਾਇਰੈਕਟਰ (ਪ੍ਰਬੰਧ) ਸ੍ਰੀ ਗੁਰਵਰਿਆਮ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਅਹੁਦਾ ਸੰਭਾਲਣ ਉਪਰੰਤ ਸ੍ਰੀ ਤਿਵਾੜੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਪ੍ਰੈਸ ਸੈਕਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ
ਦਾ ਹੇਠਲੇ ਪੱਧਰ ’ਤੇ ਪ੍ਰਚਾਰ ਕਰਨ ਲਈ ਰਵਾਇਤੀ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਅਤੇ ਰੇਡੀਓ ਰਾਹੀਂ ਕਰਨ ਤੋਂ ਇਲਾਵਾ ਆਧੁਨਿਕ ਸੰਚਾਰ ਸਾਧਨਾਂ ਜਿਵੇਂ ਆਨ ਲਾਈਨ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਕੀਤਾ ਜਾਵੇ। 38 ਸਾਲਾਂ ਸ੍ਰੀ ਤਿਵਾੜੀ ਜੱਦੀ ਤੌਰ ’ਤੇ ਉਤਰ ਪ੍ਰਦੇਸ਼ ਦੇ ਸ਼ਹਿਰ ਕਾਨਪੁਰ ਦੇ ਰਹਿਣ ਵਾਲੇ ਹਨ। 2000 ਬੈਚ ਦੇ ਪੰਜਾਬ ਕਾਡਰ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਤਿਵਾੜੀ ਇਸ ਤੋਂ ਪਹਿਲਾਂ ਬਠਿੰਡਾ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਨਗਰਨਿਗਮ ਲੁਧਿਆਣਾ ਦੇ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।



