ਚੰਡੀਗੜ੍ਹ, 5 ਨਵੰਬਰ (ਪੀ. ਟੀ.)- ਪੰਜਾਬ ਦੇ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ’ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਇਕ ਸੰਦੇਸ਼ ਵਿੱਚ ਉਪ-ਮੁੱਖ ਮੰਤਰੀ ਨੇ ਕਿਹਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਰੁਹਾਨੀ ਤ੍ਰਿਪਤੀ ਦਾ ਮਾਰਗ ਦਰਸਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਬਰਾਬਰਤਾ, ਆਪਸੀ ਪ੍ਰੇਮ- ਪਿਆਰ ਅਤੇ ਮਾਨਵੀ ਭਾਵਨਾ ਪ੍ਰਤੀ ਨਿਰੰਤਰ ਪ੍ਰੇਰਿਤ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਗੁਰੂ ਜੀ ਦੀ ਪ੍ਰਮਾਤਮਾ ਦੀ ਭਗਤੀ ਕਰਨ ਅਤੇ ਦਸਾਂ ਨਹੁੰਆਂ ਦੀ ਕਿਰਤ ਕਰਦਿਆਂ ਵੰਡ ਛਕਣ ਦੀ ਪ੍ਰੇਰਨਾ ਪ੍ਰਤੀ ਮੁੜ ਸੰਕਲਪ ਹੋਣ ਦਾ ਵੀ ਅਵਸਰ ਪ੍ਰਦਾਨ ਕਰਦਾ ਹੈ।ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸੱਚਾ-ਸੁੱਚਾ ਜੀਵਨ ਬਤੀਤ ਕਰਨ ਦਾ ਸੰਦੇਸ਼ ਆਉਣ ਵਾਲੇ ਸਮੇਂ ਵਿੱਚ ਵੀ ਮਨੁੱਖਤਾ ਦੀ ਸੁਚੱਜੀ ਅਗਵਾਈ ਕਰਦਿਆਂ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ।



