ਡਿਊਟੀ ’ਚ ਕੁਤਾਹੀ ਕਰਨ ਦੇ ਮਾਮਲਿਆਂ ਵਿਚ ਸਬੰਧਿਤ ਜ਼ਿਲ੍ਹਾ ਪੁਲਿਸ ਮੁਖੀ ਜ਼ਿੰਮੇਵਾਰ ਹੋਣਗੇ
ਲੁਧਿਆਣਾ, 14 ਨਵੰਬਰ (ਮਨਿੰਦਰਪਾਲ ਸਿੰਘ ਮਿੱਡਾ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪੁਲਿਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਵਿਭਾਗ ਵਿੱਚ ਅਨੁਸ਼ਾਸਨਹੀਣਤਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਜੇਕਰ ਕੋਈ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਦੱਸੇ ਡਿਊਟੀ ਤੋਂ ਗੈਰ ਹਾਜ਼ਰ ਪਾਇਆ ਗਿਆ ਤਾਂ ਸਬੰਧਿਤ ਜਿਲ੍ਹਾ ਪੁਲਿਸ ਮੁਖੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਅੱਜ ਇਥੇ ਸਰਾਭਾ ਪਿੰਡ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 99ਵੇਂ ਸ਼ਹੀਦੀ ਦਿਵਸ ਮੌਕੇ ਕਰਵਾਏ ਗਏ ਖੇਡ ਮੇਲੇ ਵਿੱਚ ਸ਼ਿਰਕਤ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕੱਲ੍ਹ ਉਨ੍ਹਾਂ ਜਦ ਮੁਹਾਲੀ ਸ਼ਹਿਰ ਦਾ ਦੌਰਾ ਕੀਤਾ ਤਾਂ ਟ੍ਰੈਫਿਕ ਲਾਇਟਾਂ ’ਤੇ ਵੀ ਕੋਈ
ਕਰਮਚਾਰੀ ਨਜ਼ਰ ਨਹੀਂ ਆਇਆ ਅਤੇ ਥਾਣੇ ਵਿੱਚ ਵੀ ਸਿਰਫ ਮੁਨਸ਼ੀ ਹੀ ਹਾਜਿਰ ਸੀ। ਉਨ੍ਹਾਂ ਕਿਹਾ ਕਿ ਸਾਰੇ ਪੁਲਿਸ ਵਿਭਾਗ ਨੂੰ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਾਕੀ ਮੰਤਰੀਆਂ ਨੂੰ ਵੀ ਆਪੋ-ਆਪਣੇ ਵਿਭਾਗਾਂ ਵਿੱਚ ਅਚਨਚੇਤ ਜਾਂਚ ਕਰਨ ਲਈ ਕਿਹਾ ਗਿਆ ਹੈ। ਨਸ਼ੇ ਦੇ ਕਾਰੋਬਾਰੀਆਂ ਨੂੰ ਤਾੜਨਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਹੁਣ ਤੱਕ 30 ਹਜਾਰ ਤੋਂ ਵੱਧ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ। ਉਨ੍ਹਾਂ ਨੇ ਔਰਤਾਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਨੇੜੇ ਤੇੜੇ ਨਸ਼ੇ ਵੇਚਣ ਵਾਲਿਆਂ ਬ ਬਾਰੇ 181 ਹੈਲਪਲਾਈਨ ਨੰਬਰ ’ਤੇ ਜਾਣਕਾਰੀ ਦੇਣ ਲਈ ਮੋਹਰੇ ਆਉਣ।ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਉਣ ਲਈ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੀ ਸਥਾਪਨਾ ਬਾਰੇ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਸ ਦਾ ਹੈ¤ਡਕੁਆਰਟਰ ਮੁਹਾਲੀ ਵਿਖੇ ਹੋਵੇਗਾ ਜਦਕਿ ਇਸ ਦੀ ਇੱਕ ਬ੍ਰਾਂਚ ਜਲੰਧਰ ਵਿਖੇ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਭਰਦੇ ਖਿਡਾਰੀ ਨੂੰ ਅੰਤਰਰਾਸ਼ਟਰੀ ਕੋਚਾਂ ਵੱਲੋਂ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਅਤੇ 2020 ਔਲੰਪਿਕ ਤੱਕ ਭਾਰਤੀ ਦਲ ਵਿੱਚ ਸੱਭ ਤੋਂ ਵੱਧ ਖਿਡਾਰੀ ਪੰਜਾਬ ਤੋਂ ਹੋਣਗੇ। ਸ. ਬਾਦਲ ਨੇ ਨਾਲ ਹੀ ਐਲਾਨ ਕੀਤਾ ਕਿ ਕਬੱਡੀ ਵਿਸ਼ਵਕੱਪ ਦੇ ਕੁਝ ਮੈਚ ਸਰਾਭਾ ਪਿੰਡ ਵਿਖੇ ਵੀ ਕਰਵਾਏ ਜਾਣਗੇ। ਸ. ਬਾਦਲ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ ਗਏ ਅਤੇ ਨਾਲ ਹੀ ਸਰਾਭਾ ਪਿੰਡ ਨੂੰ ਜਾਂਦੀ ਸੜਕ ਨੂੰ ਚੌੜਾ ਕਰਨ ਦਾ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਸਿਰਫ 19 ਸਾਲ ਦੀ ਉਮਰ ਵਿੱਚ ਹੀ ਦੇਸ਼ ਲਈ ਕੁਰਬਾਨੀ ਦਿੱਤੀ ਅਤੇ ਅੱਜ ਦੀ ਪੀੜੀ ਨੂੰ ਉਨ੍ਹਾਂ ਤੋਂ ਸੇਧ ਲੈਣ ਦੀ ਲੋੜ ਹੈ। ਇਸ ਮੌਕੇ ਮੁੱਖ ਮੰਤਰੀ ਦੇ ਸਲਾਹਕਾਰ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਮਦਨ ਲਾਲ ਬੱਗਾ, ਐਸ.ਐਸ. ਬੋਰਡ ਦੇ ਚੇਅਰਮੈਨ ਸੰਤਾ ਸਿੰਘ ਉਮੈਦਪੁਰੀ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਰਜਤ ਅਗਰਵਾਲ, ਡੀ.ਆਈ.ਜੀ ਲੁਧਿਆਣਾ ਰੇਂਜ ਜੀ.ਐਸ. ਢਿੱਲੋਂ, ਐਸ.ਐਸ. ਪੀ. ਲੁਧਿਆਣਾ ਦਿਹਾਤੀ ਰਵਚਰਨ ਸਿੰਘ ਬਰਾੜ, ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਸਾਬਕਾ ਵਿਧਾਇਕ ਈਸ਼ਰ ਸਿੰਘ ਮੇਹਰਬਾਨ ਅਤੇ ਬਿਕਰਮਜੀਤ ਸਿੰਘ ਖਾਲਸਾ ਵੀ ਹਾਜ਼ਰ ਸਨ।



