ਰੱਖੜਾ ਸਰਵੋਤਮ ਪੁਸਤਕ ਪੁਰਸਕਾਰ ਜੇਤੂ ਲੇਖਕਾਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ
ਚੰਡੀਗੜ੍ਹ, 5 ਦਸੰਬਰ (ਪੀ. ਟੀ.)- ਭਾਸ਼ਾ ਵਿਭਾਗ, ਪੰਜਾਬ ਵੱਲੋਂ ਸੂਬੇ ਭਰ ਵਿੱਚ ਕਰਵਾਏ ਗਏ ‘ਪੰਜਾਬੀ ਸਪਤਾਹ’ ਦੇ ਸਮਾਰੋਹਾਂ ਦੀ ਸਮਾਪਤੀ ਭਲਕੇ ਪਟਿਆਲਾ ਵਿਖੇ ਭਾਸ਼ਾ ਭਵਨ ਵਿਖੇ ਵਿਦਾਇਗੀ ਸਮਾਰੋਹ ਮੌਕੇ ਹੋਵੇਗੀ। ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ ਅਤੇ ਇਸ ਮੌਕੇ ਉਹ ਸਰਵੋਤਮ ਪੁਸਤਕ ਪੁਰਸਕਾਰ ਲਈ ਚੁਣੀਆਂ ਪੁਸਤਕਾਂ ਦੇ ਲੇਖਕਾਂ ਨੂੰ 21 ਹਜ਼ਾਰ ਰੁਪਏ ਦੀ ਨਗਦ ਇਨਾਮ ਰਾਸ਼ੀ ਅਤੇ ਇਕ ਸ਼ਾਨਦਾਰ ਪਲੇਕ ਨਾਲ ਸਨਮਾਨਤ ਕਰਨਗੇ।ਭਾਸ਼ਾ ਵਿਭਾਗ ਦੇ ਡਾਇਰੈਕਟਰ ਸ੍ਰੀ ਚੇਤੰਨ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਕਰਨਗੇ ਜਦੋਂ ਕਿ ਨਗਰ ਨਿਗਮ ਪਟਿਆਲਾ ਦੇ ਮੇਅਰ ਸ. ਅਮਰਿੰਦਰ ਸਿੰਘ ਬਜਾਜ ਵਿਸ਼ੇਸ਼ ਮਹਿਮਾਨ ਹੋਣਗੇ। ਸ਼੍ਰੋਮਣੀ ਬਾਲ ਸਾਹਿਤ ਸ੍ਰੀ ਮਨਮੋਹਨ ਸਿੰਘ ਦਾਊਂ ਮੁੱਖ ਬੁਲਾਰੇ ਦੇ ਤੌਰ ’ਤੇ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਮੌਕੇ ਭਾਸ਼ਾ ਵਿਭਾਗ ਦੇ ਵਿਹੜੇ ਵਿੱਚ ਵੱਖ-ਵੱਖ ਪ੍ਰਕਾਸ਼ਕਾਂ ਵੱਲੋਂ ਪੁਸਤਕਾਂ ਦੇ ਸਟਾਲ ਲਗਾਏ ਜਾਣਗੇ ਅਤੇ ਸਭਿਆਚਾਰਕ ਪ੍ਰੋਗਰਾਮ ਵੀ ਹੋਵੇਗਾ।



