ਮੁੱਖ ਮੰਤਰੀ ਨੇ ਅਟਾਰੀ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਕੀਤਾ ਐਲਾਨ
ਅਟਾਰੀ (ਅੰਮ੍ਰਿਤਸਰ), 12 ਦਸੰਬਰ (ਪਰਦੀਪ ਸ਼ਰਮਾ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਰਹੱਦੀ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦਾ ਐਲਾਨ ਕੀਤਾ। ਅੱਜ ਇੱਥੇ ਸੰਗਤ ਦਰਸ਼ਨ ਪ੍ਰੋਗਰਾਮ ਦੇ ਦੂਜੇ ਦਿਨ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸਰਹੱਦੀ ਖੇਤਰਾਂ ਵਿੱਚ ਬਿਜਲੀ ਦੀ 24 ਘੰਟੇ ਸਪਲਾਈ ਯਕੀਨੀ ਬਣਾਉਣ ਲਈ ਉਹ ਲੋੜੀਂਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕਰ ਚੁੱਕੇ ਹਨ। ਉਨ੍ਹਾਂ ਆਖਿਆ ਕਿ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ ਸਤਿਕਾਰ ਦੇ ਤੌਰ ’ਤੇ ਸ਼ਹਿਰੀ ਤਰਜ਼ ’ਤੇ ਘਰੇਲੂ ਬਿਜਲੀ ਸਪਲਾਈ ਸਕੀਮ ਤਹਿਤ ਡੇਰਿਆਂ ਅਤੇ ਢਾਣੀਆਂ ਵਿੱਚ ਵੀ ਇਹ ਸਹੂਲਤ ਦਿੱਤੀ ਜਾਵੇਗੀ ਕਿਉਂ ਜੋ ਸਰਹੱਦੀ ਇਲਾਕਿਆਂ ਦੇ ਬਾਸ਼ਿੰਦੇ ਸੱਚੇ ਦੇਸ਼ ਭਗਤ ਹੁੰਦੇ ਹਨ ਜਿਹੜੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਹਰ ਮੁਸੀਬਤ ਦਾ ਦਲੇਰੀ ਨਾਲ ਟਾਕਰਾ ਕਰਦੇ ਹਨ। ਸ. ਬਾਦਲ ਨੇ ਆਖਿਆ ਕਿ ਮੁਲਕ ਦੀ ਵੰਡ ਅਤੇ ਆਜ਼ਾਦੀ ਉਪਰੰਤ
ਪਾਕਿਸਤਾਨ ਨਾਲ ਹੋਈਆਂ ਜੰਗਾਂ ਦਾ ਪੰਜਾਬ ਦੇ ਸਰਹੱਦੀ ਸ਼ਹਿਰਾਂ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਬੁਰੀ ਤਰ੍ਹਾਂ ਢਾਅ ਲੱਗੀ ਹੈ। ਉਨ੍ਹਾਂ ਆਖਿਆ ਕਿ ਅੰਮ੍ਰਿਤਸਰ, ਕਲਾਨੌਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੋਰ ਨਾਲ ਲਗਦੇ ਸ਼ਹਿਰ ਅਣ-ਵੰਡੇ ਪੰਜਾਬ ਮੌਕੇ ਸਨਅਤ ਅਤੇ ਤਜ਼ਾਰਤ ਦਾ ਧੁਰਾ ਹੁੰਦੇ ਸਨ ਜੋ ਸਮੇਂ ਦੇ ਬੀਤਣ ਨਾਲ ਛੋਟੇ ਵਪਾਰਕ ਕੇਂਦਰਾਂ ਤੱਕ ਹੀ ਮਹਦੂਦ ਹੋ ਗਏ ਹਨ। ਇਸ ਤੋਂ ਇਲਾਵਾ ਬਦਕਿਸਮਤੀ ਨਾਲ ਸਰਹੱਦੀ ਇਲਾਕਿਆਂ ਦੇ ਲੋਕ ਹਰ ਵੇਲੇ ਭੈਅ, ਅਨਿਸ਼ਚਿਤਤਾ ਅਤੇ ਗੜਬੜ ਦੇ ਪਰਛਾਵੇਂ ਹੇਠ ਰਹਿੰਦੇ ਹਨ ਅਤੇ ਉਹ ਸਰਹੱਦ ਪਾਰ ਹੁੰਦੇ ਛੋਟੇ ਜਿਹੇ ਤਣਾਅ ਨਾਲ ਪੈਦਾ ਹੁੰਦੀਆਂ ਅਜਿਹੀਆਂ ਸਥਿਤੀਆਂ ਨੂੰ ਬਹਾਦਰੀ ਨਾਲ ਹੰਢਾਉਂਦੇ ਹਨ।
ਮੁੱਖ ਮੰਤਰੀ ਨੇ ਆਖਿਆ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰਖੱਣ ਵਿੱਚ ਇਨ੍ਹਾਂ ਬਹਾਦਰ ਲੋਕਾਂ ਦੇ ਲਾ-ਮਿਸਾਲ ਯੋਗਦਾਨ ਨੂੰ ਪੰਜਾਬ ਸਰਕਾਰ ਪੂਰੀ ਤਰ੍ਹਾਂ ਮਾਨਤਾ ਦਿੰਦੀ ਹੈ ਜਿਸ ਕਰਕੇ ਇਨ੍ਹਾਂ ਇਲਾਕਿਆਂ ਦੇ ਸਰਬਪੱਖੀ ਵਿਕਾਸ ਦਾ ਇਕ ਨਵਾਂ ਯੁੱਗ ਸ਼ੁਰੂ ਕਰਨ ਲਈ ਵਿਸ਼ੇਸ ਯਤਨ ਜੰਗੀ ਪੱਧਰ ’ਤੇ ਜਾਰੀ ਹਨ। ਉਨ੍ਹਾਂ ਆਖਿਆ ਕਿ ਇਨ੍ਹਾਂ ਇਲਾਕਿਆਂ ਵਿੱਚ ਮਿਆਰੀ ਸਿਹਤ ਸੇਵਾਂਵਾ ਅਤੇ ਸਿੱਖਿਆ ਸਹੂਲਤਾਂ ’ਤੇ ਵਿਸ਼ੇਸ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸ. ਬਾਦਲ ਨੇ ਆਖਿਆ ਕਿ ਇਨ੍ਹਾਂ ਇਲਾਕਿਆਂ ਦੇ ਕਿਸਾਨਾਂ ਨੂੰ ਵੀ ਰਾਹਤ ਦਿੱਤੀ ਜਾ ਰਹੀ ਜਿਸ ਤਹਿਤ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਸਰਹੱਦ ਤੋਂ ਪਾਰ ਪੈਂਦੀ ਹੈ, ਉਨ੍ਹਾਂ ਨੂੰ ਹੁੰਦੇ ਘਾਟੇ ਲਈ ਮੁਆਵਜ਼ਾ ਦਿੱਤਾ ਜਾਂਦਾ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਸੰਗਤ ਦਰਸ਼ਨ ਪ੍ਰੋਗਰਾਮ ਦਾ ਇਕੋ-ਇਕ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਵਿੱਚ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ਲੋਕਾਂ ਨੂੰ ਦਰਪੇਸ਼ ਸਮਸਿੱਆਵਾਂ ਦੇ ਹੱਲ ਲਈ ਇਹ ਵਿਲੱਖਣ ਢੰਗ ਅਪਣਾਇਆ ਜਾਂਦਾ ਹੈ। ਸ.ਬਾਦਲ ਨੇ ਆਖਿਆ ਕਿ ਸੂਬੇ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਸੰਗਤ ਦਰਸ਼ਨ ਪ੍ਰੋਗਰਾਮ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਵੀ ਸਹਾਈ ਹੁੰਦਾ ਹੈ।
ਇਸ ਤੋਂ ਪਹਿਲਾਂ ਪਿੰਡ ਰਾਜਾਤਾਲ ਵਿਖੇ ਮੁੱਖ ਮੰਤਰੀ ਨੇ ਪੁਲਿਸ ਵਿਭਾਗ ਨੂੰ ਆਖਿਆ ਕਿ ਬੀਤੇ ਸਮੇਂ ਵਿੱਚ ਸਮੱਗ¦ਿਗ ਦੀਆਂ ਸਰਗਰਮੀਆਂ ਵਿੱਚ ਸ਼ਾਮਲ ਸ਼ੱਕੀ ਲੋਕਾਂ ਦੀ ਸੂਚੀ ਦੀ ਸਮੀਖਿਆ ਕੀਤੀ ਜਾਵੇ ਤਾਂ ਕਿ ਇਨ੍ਹਾਂ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਜਿਹੜੇ ਅਜਿਹੀਆਂ ਅਨੈਤਿਕ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਛੱਡ ਕੇ ਹੁਣ ਚੰਗੇ ਨਾਗਰਿਕਾਂ ਵਜੋਂ ਅਮਨ ਨਾਲ ਆਪਣੀ ਜ਼ਿੰਦਗੀ ਬਸਰ ਕਰ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਖਿਆ ਕਿ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਠੋਸ ਵਿਧੀ ਵਿਧਾਨ ਤਿਆਰ ਕੀਤਾ ਜਾਵੇ ਤਾਂ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਖਤਮ ਕੀਤਾ ਜਾ ਸਕੇ। ਨਾਲ ਹੀ ਉਨ੍ਹਾਂ ਆਖਿਆ ਕਿ ਅਜਿਹੇ ਕਿਸੇ ਵੀ ਵਿਅਕਤੀ ਨੂੰ ਤੰਗ-ਪਰੇਸ਼ਾਨ ਨਾ ਕੀਤਾ ਜਾਵੇ, ਜਿਸ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ।
ਅਟਾਰੀ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਫਿਰਕੂ ਸਦਭਾਵਨਾ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦਾ ਸੱਦਾ ਦਿੰਦਿਆਂ ਆਖਿਆ ਕਿ ਸਾਨੂੰ ਸਾਰਿਆਂ ਨੂੰ ਮਹਾਨ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਅਪਣਾਉਣਾ ਚਾਹੀਦਾ ਹੈ ਜਿਨ੍ਹਾਂ ਨੇ ਬਰਾਬਰਤਾ ਅਤੇ ਪ੍ਰੇਮ ਦਾ ਮਾਰਗ ਦਿਖਾਇਆ। ਸ. ਬਾਦਲ ਨੇ ਅੱਗੇ ਆਖਿਆ ਕਿ ਬਹਾਦਰ ਪੰਜਾਬੀ ਫੁੱਟ ਪਾਊ ਤਾਕਤਾਂ ਨੂੰ ਮੂੰਹ ਤੋੜ ਜੁਆਬ ਦੇਣ ਜੋ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਉਣ ਦੀ ਤਾਕ ਵਿੱਚ ਹਨ। ਚੰਡੀਗੜ੍ਹ ਵਿਖੇ ਇਕ ਲੜਕੀ ਵਲੋਂ ਖੁਦਕਸ਼ੀ ਕਰਨ ਦੀ ਕੋਸ਼ਿਸ ਦੀ ਵਾਪਰੀ ਘਟਨਾ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਇਹ ਬਹੁਤ ਹੀ ਦੁਖਦਾਈ ਅਤੇ ਮੰਦਭਾਗੀ ਘਟਨਾ ਹੈ ਜਿਸ ਬਾਰੇ ਸੁਣ ਕੇ ਉਨ੍ਹਾਂ ਨੂੰ ਗਹਿਰਾ ਦੁੱਖ ਪਹੁੰਚਿਆ ਹੈ। ਸ. ਬਾਦਲ ਨੇ ਆਖਿਆ ਕਿ ਉਨ੍ਹਾਂ ਦੀ ਰਿਹਾਇਸ਼ ਦੇ ਬੂਹੇ ਹਰੇਕ ਲਈ ਹਮੇਸ਼ਾ ਵਾਸਤੇ ਖੁੱਲ੍ਹੇ ਹਨ ਅਤੇ ਕੋਈ ਵੀ ਵਿਅਕਤੀ ਆਪਣੇ ਕੰਮ ਜਾਂ ਸਮੱਸਿਆ ਦੇ ਨਿਪਟਾਰੇ ਲਈ ਉਨ੍ਹਾਂ ਨੂੰ ਆ ਕੇ ਮਿਲ ਸਕਦਾ ਹੈ।ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਸ੍ਰੀ ਗੁਲਜਾਰ ਸਿੰਘ ਰਾਣੀਕੇ, ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਸ਼ਰਮਾ, ਆਈ.ਜੀ ਸ੍ਰੀ ਈਸ਼ਵਰ ਚੰਦਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਹਾਜ਼ਰ ਸਨ।



