ਜਲੰਧਰ, 12 ਦਸੰਬਰ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ. ਗੁਰਮੁਖ ਸਿੰਘ ਜਲੰਧਰੀ ਦੀ ਅਗਵਾਈ ਹੇਠ ਅੱਜ ਹਲਕਾ ਛਾਉਣੀ ਵਿਖੇ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪੰਥ ਨੂੰ ਪੇਸ਼ ਗੰਭੀਰ ਮੁੱਦਿਆਂ ਉਪਰ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਪਿਛਲੇ ਦਿਨੀਂ ਤਰਨਤਾਰਨ ਦੇ ਪਿੰਡ ਜੋਧਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼ਰਾਰਤੀ ਅਨਸਰਾਂ ਵੱਲੋਂ ਅਗਨ ਭੇਟ ਕੀਤੇ ਜਾਣ ਦੀ ਘੋਰ ਨਿੰਦਾ ਕੀਤੀ ਗਈ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾਵੇ। ਉਨ੍ਹਾਂ ਕਿਹਾ ਕਿ ਕੁਝ ਲੋਕ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ। ਇਸ ਲਈ ਅਜਿਹੇ ਅਨਸਰਾਂ ਨੂੰ ਨਥ ਪਾਉਣੀ ਜ਼ਰੂਰੀ ਹੈ।ਭਾਈ ਜਲੰਧਰੀ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਆਪਣੀ ਕੈਦ ਦੀ ਮਿਆਦ ਪੂਰੀ ਕਰ ਚੁੱਕੇ ਬੇਗੁਨਾਹ ਸਿੱਖਾਂ ਨੂੰ ਰਿਹਾਅ ਕਰਨ ਸਬੰਧੀ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਹਰਿਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਰੱਖੀ ਗਈ ਭੁੱਖ ਹੜਤਾਲ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਅਤੇ ਕੇਂਦਰ ਨੂੰ ਅਜਿਹੇ ਸਿੱਖ ਕੈਦੀਆਂ ਨੂੰ ਫੌਰੀ ਤੌਰ ’ਤੇ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ
ਕੁਝ ਕੈਦੀ ਤਾਂ ਉਮਰ ਦੇ ਉਸ ਪੜਾਅ ਵਿੱਚ ਹਨ ਜਿਸ ਵਿੱਚ ਉਨ੍ਹਾਂ ਨੂੰ ਕੈਦ ’ਚ ਰੱਖਣਾ ਇਨਸਾਨੀਅਤ ਪੱਖੋਂ ਵੀ ਜਾਇਜ਼ ਨਹੀਂ ਹੈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਚਰਨਜੀਤ ਸਿੰਘ ਪ੍ਰਧਾਨ ਵਾਰਡ 37, ਸੁਖਦੇਵ ਸਿੰਘ, ਰੇਸ਼ਮ ਸਿੰਘ, ਨਿਰਮਲ ਸਿੰਘ, ਲਖਵਿੰਦਰ ਸਿੰਘ, ਰਾਜਬੀਰ ਸਿੰਘ ਅਤੇ ਸਾਬ੍ਹੀ ਆਦਿ ਮੌਜੂਦ ਸਨ।



