ਸ੍ਰੀ ਫ਼ਤਹਿਗੜ੍ਹ ਸਾਹਿਬ 17 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਇਕੱਤਰਤਾ ਹਾਲ ਵਿਖੇ ਹੋਈ, ਜਿਸ ਵਿੱਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਜੂਨੀਅਰ ਮੀਤ ਪ੍ਰਧਾਨ ਸ. ਕੇਵਲ ਸਿੰਘ ਬਾਦਲ, ਜਨਰਲ ਸਕੱਤਰ ਸ. ਸੁਖਦੇਵ ਸਿੰਘ ਭੌਰ, ਅੰਤ੍ਰਿੰਗ ਮੈਂਬਰਾਨ ਸ. ਨਿਰਮੈਲ ਸਿੰਘ ਜੌਲਾਂ ਕਲਾਂ, ਸ. ਕਰਨੈਲ ਸਿੰਘ ਪੰਜੋਲੀ, ਸ. ਰਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮੰਗਲ ਸਿੰਘ, ਸ. ਭਜਨ ਸਿੰਘ ਸ਼ੇਰਗਿੱਲ ਤੇ ਸ. ਸੁਰਜੀਤ ਸਿੰਘ ਗੜ੍ਹੀ ਸ਼ਾਮਲ ਹੋਏ।
ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੇ ਗਏ ਫੈਸਲਿਆਂ ਸਬੰਧੀ ਦੱਸਿਆ ਕਿ ਅੱਜ ਦੀ ਇਕੱਤਰਤਾ ਵਿੱਚ ਪਿੰਡ ਜੋਧਪੁਰ ਤਰਨਤਾਰਨ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਸਬੰਧੀ ਵਾਪਰੀ ਦੁੱਖਦਾਈ ਘਟਨਾ ਤੇ ਡੂੰਘੇ ਅਫਸੋਸ ਦਾ ਇਜ਼ਹਾਰ ਕੀਤਾ ਗਿਆ ਤੇ ਇਥੇ ਪਛਤਾਵੇ ਵਜੋਂ ਪੰਜ ਸ੍ਰੀ ਅਖੰਡਪਾਠ ਸਾਹਿਬ ਕਰਵਾਏ ਗਏ ਹਨ ਜਿਨ੍ਹਾਂ ਦਾ ਸਾਰਾ ਖਰਚਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਹੈ ਤੇ ਨਾਲ ਹੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਘਟਨਾ ਪ੍ਰਤੀ ਮਜੀਦ ਪੜਤਾਲ ਕਰਵਾਈ ਜਾਵੇ।ਇਸ ਦੇ ਨਾਲ ਉਨ੍ਹਾਂ ਦੱਸਿਆ ਕਿ ਗੁਆਂਢੀ ਮੁਲਕ ਪਾਕਿਸਤਾਨ ਦੇ ਪਿਸ਼ਾਵਰ ਵਿਖੇ ਸੈਨਿਕ ਸਕੂਲ ਤੇ ਵਿਦਰੋਹੀਆਂ ਵੱਲੋਂ ਹਮਲਾ ਕਰਕੇ ਵੱਡੀ ਗਿਣਤੀ ਵਿੱਚ ਮਾਸੂਮ ਅਤੇ ਨਿਰਦੋਸ਼ ਬੱਚਿਆਂ ਨੂੰ ਮਾਰੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ ਤੇ ਮਾਰੇ ਗਏ ਬੱਚਿਆਂ ਅਤੇ ਸਕੂਲ ਸਟਾਫ ਦੀ ਆਤਮਿਕ ਸ਼ਾਂਤੀ ਪ੍ਰਤੀ ਮੂਲ ਮੰਤਰ ਦੇ ਪਾਠ ਕੀਤੇ ਗਏ।ਉਨ੍ਹਾਂ ਦੇਸ਼-ਵਿਦੇਸ਼ ਵਿੱਚ ਵਸਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਖੁਸ਼ੀ ਦੇ ਸਮਾਗਮਾਂ ਤੋਂ ਸੰਕੋਚ ਕੀਤਾ ਜਾਵੇ ਤੇ ਸਮਾਗਮ ਸਾਦਗੀ ਨਾਲ ਮਨਾਏ ਜਾਣ।ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਨੂੰ ਲੋਕ ਕਚਿਹਰੀ ਵਿੱਚ ਪੁੱਜਦਾ ਕਰਨ ਲਈ ਤੈ-ਮਾਸਿਕ ਪੱਤਰ ਸ਼ੁਰੂ ਕੀਤਾ ਜਾਵੇਗਾ ਜੋ 60 ਫੀਸਦੀ ਪੰਜਾਬੀ, 30 ਫੀਸਦੀ ਅੰਗਰੇਜ਼ੀ ਅਤੇ 10 ਫੀਸਦੀ ਹਿੰਦੀ ਭਾਸ਼ਾ ਵਿੱਚ ਹੋਵੇਗਾ।



