ਅੰਮ੍ਰਿਤਸਰ, 19 ਦਸੰਬਰ (ਬਲਜੀਤ ਸਿੰਘ)- ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਜੀਵਨ ਸਿੰਘ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ 21 ਦਸੰਬਰ 2014 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਾਨਾਂਵਾਲਾ ਦੇ ਨਜ਼ਦੀਕ ਬਸ਼ੰਬਰਪੁਰਾ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸ਼ਹੀਦੀ ਸਮਾਗਮ ਵਿੱਚ ਵਧ ਚੜ ਕੇ ਹਿੱਸਾ ਲੈਣ ਲਈ ਲੋਕਾਂ ਨੂੰ ਅਪੀਲ ਕੀਤੀ ਹੈ। ਸ. ਮਜੀਠੀਆ ਨੇ ਦੱਸਿਆ ਕਿ ਵਿਸ਼ਾਲ ਪੱਧਰ ‘ਤੇ ਸ਼ਹੀਦੀ ਸਮਾਗਮ ਮੌਕੇ ਮਹਾਨ ਸ਼ਹੀਦ ਨੂੰ ਸਿਜਦਾ ਕਰਨ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਨੂੰ ਦੇਖਦਿਆਂ 100 ਏਕੜ ਜ਼ਮੀਨ ‘ਤੇ ਪੰਡਾਲ ਲਗਾਉਣ ਤੋਂ ਇਲਾਵਾ ਹੋਰਨਾਂ ਸਬੰਧਿਤ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤਿਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਪਸ਼ੂ-ਪਾਲਕ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹਠ ਮਨਾਏ ਜਾ ਰਹੇ ਉਕਤ ਸ਼ਹੀਦੀ ਸਮਾਗਮ ਨੂੰ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ , ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਸ਼ਖਸੀਅਤਾਂ ਸਮਾਗਮ ਵਿੱਚ ਪੁੱਜ ਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਨਗੀਆਂ।
ਸ. ਮਜੀਠੀਆ ਨੇ ਦੱਸਿਆ ਕਿ ਰਾਜ ਪੱਧਰੀ ਸ਼ਹੀਦੀ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਸ਼ਹੀਦ ਨੂੰ ਨਤਮਸਤਕ ਹੋਣ ਲਈ ਸਮਾਗਮ ਵਿੱਚ ਸ਼ਿਰਕਤ ਕਰਨ।
ਉਹਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਜਿੱਥੇ ਰਾਜ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਪੰਜਾਬ ਨੂੰ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਕੀਤਾ ਹੈ ਉੱਥੇ ਆਪਣੇ ਇਤਿਹਾਸ ਤੇ ਸਭਿਆਚਾਰ ਨੂੰ ਸਾਂਭਣ ਅਤੇ ਪ੍ਰਫੁੱਲਿਤ ਕਰਨ ਵਿੱਚ ਵੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ. ਪਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਸੁਯੋਗ ਅਗਵਾਈ ਹੇਠ ਨੌਜਵਾਨ ਪੀੜੀ ਨੂੰ ਆਪਣੀ ਪਰੰਪਰਾ ਅਤੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਯੋਧਿਆਂ ਤੇ ਸ਼ਹੀਦਾਂ ਦੀਆਂ ਯਾਦਗਾਰਾਂ ਸਥਾਪਿਤ ਕੀਤੀਆਂ ਤੇ ਉਹਨਾਂ ਨਾਲ ਸੰਬੰਧਿਤ ਦਿਹਾੜੇ ਵਿਸ਼ਾਲ ਪੱਧਰ ‘ਤੇ ਮਨਾਏ ਜਾ ਰਹੇ ਹਨ।



