ਚੰਡੀਗੜ੍ਹ, 24 ਦਸੰਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕ੍ਰਿਸਮਸ ਦੇ ਸ਼ੁੱਭ ਮੌਕੇ ’ਤੇ ਪੰਜਾਬ ਵਾਸੀਆਂ ਖਾਸ ਕਰਕੇ ਈਸਾਈ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਇਕ ਸੰਦੇਸ਼ ਵਿੱਚ ਸ. ਬਾਦਲ ਨੇ ਕਿਹਾ,‘‘ਕ੍ਰਿਸਮਸ ਜੋ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਦੇ ਤੌਰ ’ਤੇ ਮਨਾਇਆ ਜਾਂਦਾ ਹੈ, ਨੂੰ ਦੁਨੀਆ ਭਰ ਵਿੱਚ ਸਿਰਫ ਈਸਾਈ ਭਾਈਚਾਰੇ ਦੇ ਲੋਕਾਂ ਵੱਲੋਂ ਹੀ ਨਹੀਂ, ਸਗੋਂ ਹਰ ਵਰਗ ਦੇ ਲੋਕਾਂ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।’’ ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਸਾਨੂੰ ਸ਼ਾਂਤੀ, ਪਿਆਰ, ਏਕਤਾ, ਦਇਆ ਅਤੇ ਮਿਲਵਰਤਣ ਦਾ ਸੰਦੇਸ਼ ਦਿੰਦੀਆਂ ਹਨ ਜਿਨ੍ਹਾਂ ਦੀ ਮੌਜੂਦਾ ਸੰਦਰਭ ਵਿੱਚ ਵੀ ਓਨੀ ਹੀ ਸਾਰਥਕਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਸਾਨੂੰ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਪੀਡੀਆਂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਇਕ ਆਦਰਸ਼ ਸਮਾਜ ਦੇ ਸਿਰਜਣਾ ਲਈ ਮਨੁੱਖਤਾ ਦੀ ਸੇਵਾ ਵਿੱਚ ਸਮਰਪਿਤ ਹੋਣ
ਲਈ ਵੀ ਪ੍ਰੇਰਿਤ ਕਰਦੇ ਹਨ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਇਹ ਤਿਉਹਾਰ ਰਲ ਮਿਲ ਕੇ ਰਵਾਇਤੀ ਉਤਸ਼ਾਹ ਤੇ ਜੋਸ਼ ਨਾਲ ਮਨਾਉਣ ਦਾ ਸੱਦਾ ਦਿਤਾ ਹੈ ਤਾਂ ਜੋ ਸਮਾਜ ਵਿੱਚ ਸਾਂਝੀਵਾਲਤਾ ਰਾਹੀਂ ‘ਅਨੇਕਤਾ ਵਿੱਚ ਏਕਤਾ’ ਦੇ ਸਿਧਾਂਤ ਨੂੰ ਉਜਾਗਰ ਕੀਤਾ ਸਕੇ।
ਸੁਖਬੀਰ ਸਿੰਘ ਬਾਦਲ ਵਲੋਂ ਵਧਾਈ
ਪੰਜਾਬ ਦੇ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵਿਸ਼ਵ ਭਰ ਅੰਦਰ ਬੇਹੱਦ ਖੁਸ਼ੀ ਭਰੇ ਮਾਹੌਲ ਅਤੇ ਰਵਾਇਤੀ ਸ਼ਰਧਾ ਨਾਲ ਮਨਾਏ ਜਾਂਦੇ ਕ੍ਰਿਸਮਿਸ ਦੇ ਤਿਉਹਾਰ ਦੀ ਪੂਰਵ ਸੰਧਿਆਂ ’ਤੇ ਸਮੂਹ ਪੰਜਾਬੀਆਂ ਨੂੰ ਹਾਰਦਿਕ ਵਧਾਈ ਦਿੱਤੀ ਹੈ।
ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕ੍ਰਿਸਮਸ ਦੇ ਖੁਸ਼ੀਆਂ ਭਰੇ ਦਿਹਾੜੇ ਮੌਕੇ ਸਮੂਹ ਪੰਜਾਬੀਆਂ ਨੂੰ ਵਧਾਈ ਦਿਤੀ ਹੈ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਅਤੇ ਖੇਤੀ ਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਪ੍ਰਭੂ ਯਸ਼ੂ ਮਸੀਹ ਨੇ ਸਾਨੂੰ ਆਪਸੀ ਪਿਆਰ, ਭਾਈਚਾਰੇ ਅਤੇ ਅਮਨ-ਸ਼ਾਤੀ ਬਣਾਈ ਰੱਖਣ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਇਸ ਮੌਕੇ ਸਮੂਹ ਪੰਜਾਬੀਆਂ ਖਾਸਕਰ ਇਸਾਈ ਭਾਈਚਾਰੇ ਨੂੰ ਵਧਾਈ ਦਿੱਤੀ।



