ਨਵੀਂ ਦਿੱਲੀ/ਗੁਰੂ ਰਸਹਾਏ 25 ਦਸੰਬਰ (ਰਮੇਸ਼ ਕੁਮਾਰ ਕੰਬੋਜ਼)- ਗਿਦੜਬਾਹਾ ਤੋ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕੁੱਲ ਹਿੰਦ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਵੱਡੀ ਜ਼ਿੰਮੇਵਾਰੀ ਸੌਪਦਿਆਂ ਉਨ੍ਹਾਂ ਨੂੰ ਆਲ ਇੰਡੀਆ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਜਨਾਰਦਨ ਦਿਵੇਦੀ ਨੇ ਦੱਸਿਆ ਕਿ ਵੜਿੰਗ ਨੂੰ ਰਾਜੀਵ ਸਤਵਾ ਦੀ ਥਾਂ ਆਲ ਇੰਡੀਆ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਇਸ ਦੌਰਾਨ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਆਪਣੀ ਨਿਯੁਕਤੀ ਲਈ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ ਤੇ ਕਿਹਾ ਹੈ ਕਿ ਉਹ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਯੂਥ ਕਾਂਗਰਸ ਦੀ ਮਜ਼ਬੂਤੀ ਲਈ ਰਾਤ ਦਿਨ ਇਕ ਕਰ ਦੇਣਗੇ। ਰਾਜ ਵੜਿੰਗ ਇਸ ਤੋਂ ਪਹਿਲਾਂ ਯੂਥ ਕਾਂਗਰਸ ਦੇ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਸਲਮ ਸੰਸਰ ਬੋਰਡ ਦੇ ਮੈਂਬਰ ਰਹਿ ਚੁੱਕੇ ਹਨ।
ਰਾਜਾ ਵੜਿੰਗ ਨੇ ਆਪਣਾ ਰਾਜਨੀਤਕ ਸਫਰ ਜਗਮੀਤ ਬਰਾੜ ਸਾਬਕਾ ਮੈਂਬਰ ਪਾਰਲੀਮੈਂਟ ਨਾਲ ਸ਼ੁਰੂ ਕੀਤਾ ਤੇ ਇਸ ਸਮੇਂ ਪੰਜਾਬ ਦੀ ਸਿਆਸਤ ਵਿਚ ਉਹ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਮੰਨੇ ਜਾਂਦੇ ਹਨ। ਗਾਂਧੀ ਪਰਿਵਾਰ ਨਾਲ ਉਨ੍ਹਾਂ ਦੇ ਬਹੁਤ ਪੁਰਾਣੇ ਨਿੱਜੀ ਸਬੰਧ ਹਨ। ਅਮਰਿੰਦਰ ਸਿੰਘ ਰਾਜ ਵੜਿੰਗ ਨੂੰ ਆਲ ਇੰਡੀਆ ਯੂਥ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਨਾਲ ਜਿਥੇ ਦੇਸ਼ ਭਰ ਅੰਦਰ ਕਾਂਗਰਸ ਪਾਰਟੀ ਮਜ਼ਬੂਤ ਹੋਵੇਗੀ, ਉਥੇ ਪੰਜਾਬ ਸੂਬੇ ਅੰਦਰ ਫਾਡੀ ਰਹਿ ਰਹੀ ਕਾਂਗਰਸ ਪਾਰਟੀ ਦਾ ਵੀ ਅਧਾਰ ਵਧੇਗਾ। ਅੱਜ ਪ੍ਰਧਾਨ ਬਣਨ ਉਪਰੰਤ ਰਾਜ ਵੜਿੰਗ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣਗੇ। ਰਾਜਾ ਵੜਿੰਗ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।



