ਅੰਮ੍ਰਿਤਸਰ 25 ਦਸੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 28 ਦਸੰਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ 27 ਦਸੰਬਰ 2014 ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਟਕਸਾਲਾਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਵੱਖ-ਵੱਖ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਤੇ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਸੰਗਤਾਂ ਸ਼ਾਮਲ ਹੋਣਗੀਆਂ। ਇਥੋਂ ਜਾਰੀ ਪ੍ਰੈਸ ਨੋਟ ’ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਦਰਸ਼ਨੀ ਡਿਊੜੀ, ਗੁਰੂ ਬਜ਼ਾਰ, ਚੌਂਕ ਚੁਰਸਤੀ ਅਟਾਰੀ, ਮਜੀਠ
ਮੰਡੀ, ਚੌਂਕ ਮਲ੍ਹਾ ਸਿੰਘ, ਬਜ਼ਾਰ ਮਿਸ਼ਰੀ, ਬਜ਼ਾਰ ਬਾਸਾਂ, ਚੌਂਕ ਛੱਤੀ ਖੂਹੀ, ਬਜ਼ਾਰ ਹੰਸਲੀ ਵਾਲਾ, ਢਾਬ ਵਸਤੀ ਰਾਮ, ਚੌਂਕ ਚਿੰਤਪੁਰਨੀ, ਜੌੜਾ ਪਿੱਪਲ, ਚੌਂਕ ਚਬੂਤਰਾ, ਚੌਂਕ ਜੈ ਸਿੰਘ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਮੰਨਾ ਸਿੰਘ, ਚੌਂਕ ਪ੍ਰਾਗਦਾਸ, ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ 28 ਦਸੰਬਰ 2014 ਦਿਨ ਐਤਵਾਰ ਨੂੰ ਸਵੇਰੇ 8.30 ਵਜੇ ਤੋਂ 12.00 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ।ਰਾਤ 7.00 ਵਜੇ ਤੋਂ 9.00 ਵਜੇ ਤੀਕ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ।ਰਾਤ 9.00 ਵਜੇ ਕਵੀ ਦਰਬਾਰ ਆਰੰਭ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਕਵੀ ਜਨ ਆਪਣੀਆਂ ਕਵਿਤਾਵਾਂ ਰਾਹੀਂ ਗੁਰੂ ਪਾਤਸ਼ਾਹ ਦੇ ਜੀਵਨ ਸਬੰਧੀ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਅੱਗੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ।ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਹੈ ਕਿ ਪਰਿਵਾਰਾਂ ਸਮੇਤ ਨਗਰ ਕੀਰਤਨ ਅਤੇ ਧਾਰਮਿਕ ਦੀਵਾਨ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ।



