ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ 28 ਦਸੰਬਰ ਨੂੰ ਆਰੰਭ ਹੋਵੇਗਾ ਨਗਰ ਕੀਰਤਨ
ਸ੍ਰੀ ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਪੀ. ਟੀ.)- ਸ਼ਾਹਿ ਸ਼ਾਹਨਸ਼ਾਹ, ਮਰਦ ਅਗੰਮੜਾ, ਸਾਹਿਬ-ਏ-ਕਮਾਲ, ਸਰਬੰਸਦਾਨੀ, ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਅਤੇ ਛੋਟੇ-ਛੋਟੇ ਲਾਲ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ 28 ਦਸੰਬਰ ਦਿਨ ਐਤਵਾਰ ਨੂੰ ਪੈਣਗੇ। ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਸਮੇਂ ਹੁਕਮਨਾਮਾ ਗਿਆਨੀ ਹਰਪਾਲ ਸਿੰਘ ਜੀ ਹੈਡ ਗ੍ਰੰਥੀ ਨੇ ਲਿਆ, ਉਪਰੰ
ਤ ਅਰਦਾਸ ਕੀਤੀ ਗਈ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਅਮਰਜੀਤ ਸਿੰਘ ਨੇ ਦੱਸਿਆ ਕਿ ਅੱਜ ਤੋਂ ਹੀ ਗੁਰਦੁਆਰਾ ਠੰਡਾ ਬੁਰਜ ਸਾਹਿਬ ਜੀ ਸਾਹਮਣੇ ਟੋਡਰ ਮੱਲ ਦੀਵਾਨ ਹਾਲ ਵਿਖੇ ਦਿਨ-ਰਾਤ ਧਾਰਮਿਕ ਦੀਵਾਨ ਸਜਾਏ ਜਾਣਗੇ।ਜਿਸ ਵਿੱਚ ਪੰਥ ਪ੍ਰਸਿੱਧ ਵਿਦਵਾਨ, ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ, ਕਵੀਸ਼ਰੀ, ਢਾਰੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ 27 ਦਸੰਬਰ ਰਾਤ 9 ਵਜੇ ਵਿਸ਼ੇਸ਼ ਕਵੀ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ 28 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਪਹੁੰਚੇਗਾ। ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਡਾਇਰੈਕਟਰ ਆਫ ਐਜੂਕੇਸ਼ਨ ਕਲਗੀਧਰ ਨਿਵਾਸ ਸੈਕਟਰ-26 ਚੰਡੀਗੜ੍ਹ ਵੱਲੋਂ ਸਿੱਖ ਇਤਿਹਾਸ ਅਤੇ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧਤ ਵੱਖ-ਵੱਖ ਕਾਲਜਾਂ ਦੇ ਕਵੀਸ਼ਰੀ, ਵਾਰ ਗਾਇਨ, ਕਵਿਤਾ, ਧਾਰਮਿਕ ਨਾਟਕ, ਗੱਤਕਾ, ਦਸਤਾਰਬੰਦੀ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵੱਲੋਂ ਸਿੱਖ ਇਤਿਹਾਸ ਨੂੰ ਦਰਸਾਉਂਦੀ ਹੋਈ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਦਲਮੇਘ ਸਿੰਘ ਸਕੱਤਰ, ਸ. ਭੁਪਿੰਦਰਪਾਲ ਸਿੰਘ ਮੀਤ ਸਕੱਤਰ, ਸ. ਪਰਮਦੀਪ ਸਿੰਘ ਇੰਚਾਰਜ, ਸ. ਅਮਰਜੀਤ ਸਿੰਘ ਮੈਨੇਜਰ, ਸ. ਮਨਜੀਤ ਸਿੰਘ ਮੀਤ ਮੈਨੇਜਰ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਸਨ।



