Skip to content
Independent perspectives. Global stories.
BREAKING

ਪੰਜਾਬ ਹੁਣ ‘ਚਿੱਟੀ ਕ੍ਰਾਂਤੀ’ ਤੇ ‘ਨੀਲੀ ਕ੍ਰਾਂਤੀ’ ਵਿੱਚ ਵੀ ਮੋਹਰੀ ਬਣੇਗਾ : ਮੁੱਖ ਮੰਤਰੀ

Share this story

ਪਸ਼ੂਧਨ ਚੈਂਪੀਅਨਸ਼ਿਪ ਨੇ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪਹਿਚਾਣ ਬਣਾਈ : ਸੁਖਬੀਰ ਬਾਦਲ

Page-1_03 ਜਲੰਧਰ/ਸ੍ਰੀ ਮੁਕਤਸਰ ਸਾਹਿਬ, 12 ਜਨਵਰੀ- ਦੇਸ਼ ਵਿੱਚ ‘ਹਰੀ ਕ੍ਰਾਂਤੀ’ ਦਾ ਮੁੱਢ ਬੰਨ੍ਹਣ ਵਾਲੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੂੰ ਪਸ਼ੂ ਧਨ ਤੇ ਸਹਾਇਕ ਧੰਦਿਆਂ ਨੂੰ ਮੁੱਖ ਕਿੱਤੇ ਵਜੋਂ ਅਪਨਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਬਹੁਤ ਛੇਤੀ ‘ਚਿੱਟੀ ਕ੍ਰਾਂਤੀ’ (ਦੁੱਧ ਉਤਪਾਦਨ) ਤੇ ‘ਨੀਲੀ ਕ੍ਰਾਂਤੀ’ (ਮੱਛੀ ਪਾਲਣ) ਵਿੱਚ ਵੀ ਦੇਸ਼ ਲਈ ਮਿਸਾਲ ਬਣ ਕੇ ਉੱਭਰੇਗਾ।ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਪੰਜ ਦਿਨਾਂ ਸੱਤਵੀਂ ਕੌਮੀ ਪਸ਼ੂ ਧਨ ਚੈਂਪੀਅਨਸ਼ਿਪ ਤੇ ਲਾਈਵ ਐਕਸਪੋ-2015 ਦੀ ਸਮਾਪਤੀ ਮੌਕੇ ਸ. ਬਾਦਲ ਨੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੇ ‘ਹਰੀ ਕ੍ਰਾਂਤੀ’ ਰਾਹੀਂ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ ਜਿਸ ਲਈ ਉਨ੍ਹਾਂ ਨੇ ਆਪਣੀ ਉਪਜਾਊ ਜ਼ਮੀਨ ਤੇ ਪਾਣੀ ਜਿਹੇ ਕੀਮਤੀ ਕੁਦਰਤੀ ਸੋਮਿਆਂ ਨੂੰ ਕੁਰਬਾਨ ਕਰ ਦਿੱਤਾ। ਉਨ੍ਹਾਂ ਆਖਿਆ ਕਿ ਬਦਲਦੇ ਦੌਰ ਵਿੱਚ ਹੁਣ ਇਕੱਲੀ ਖੇਤੀਬਾੜੀ ਦੇ ਸਿਰ ’ਤੇ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੁੰਦਾ ਜਾ ਰਿਹਾ ਹੈ ਜਿਸ ਲਈ ਕਿਸਾਨਾਂ

ਨੂੰ ਸਹਾਇਕ ਧੰਦੇ ਅਪਨਾਉਣ ਵਿੱਚ ਪਹਿਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਅਧੀਨ ਕਿਸਾਨਾਂ ਦੀ ਆਮਦਨ ਦਾ ਮੁੱਖ ਵਸੀਲਾ ਖੇਤੀ ਸਹਾਇਕ ਧੰਦਿਆਂ ਨੂੰ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਹ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਕਿਸਾਨਾਂ ਨੇ ਇਸ ਪ੍ਰਤੀ ਸਾਕਾਰਤਮਕ ਹੁੰਗਾਰਾ ਭਰਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਗੈਰ-ਸੁੰਮਦਰੀ ਸੂਬਿਆਂ ਵਿੱਚੋਂ ਪੰਜਾਬ, ਮੱਛੀ ਉਤਪਾਦਨ (ਨੀਲੀ ਕ੍ਰਾਂਤੀ) ਵਿੱਚ ਮੋਹਰੀ ਸੂਬਾ ਹੈ ਅਤੇ ਇਸ ਖੇਤਰ ਦੇ ਪਾਸਾਰ ਲਈ ਕੁਝ ਸਮਾਂ ਪਹਿਲਾਂ ਉਹ ਕਿਸਾਨਾਂ ਤੇ ਮਾਹਿਰਾਂ ਦਾ ਇਕ ਵਫ਼ਦ ਲੈ ਕੇ ਚੀਨ ਦਾ ਦੌਰਾ ਕਰਕੇ ਉਥੋਂ ਦੀ ਤਕਨਾਲੋਜੀ ਤੇ ਤਜਰਬੇ ਸਾਂਝੇ ਕਰਕੇ ਆਏ ਹਨ ਕਿਉਂਕਿ ਮੱਛੀ ਉਤਪਾਦਨ ਵਿੱਚ ਚੀਨ ਦੁਨੀਆ ਲਈ ਮਿਸਾਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੱਛੀ ਪਾਲਣ ਦਾ ਕਿੱਤਾ ਅਪਨਾਉਣ ਲਈ ਉਤਸ਼ਾਹਿਤ ਕਰਨ ਲਈ ਸੇਮਗ੍ਰਸਤ ਇਲਾਕਿਆਂ ਵਿੱਚ 100 ਫੀਸਦੀ ਜਦਕਿ ਬਾਕੀ ਇਲਾਕਿਆਂ ਵਿੱਚ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਪਸ਼ੂ ਧਨ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਦੇ ਪ੍ਰੋਗਰਾਮਾਂ ਤੇ ਸਕੀਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੁਆਣੀਆਂ ਨੂੰ ਡੇਅਰੀ ਫਾਰਮਿੰਗ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਡੇਅਰੀ ਫਾਰਮਿੰਗ ਦਾ ਕੰਮ ਸੁਰੂ ਕਰਨ ਲਈ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ ਤਾਂ ਕਿ ਕਿਸਾਨਾਂ ਦੇ ਨਾਲ-ਨਾਲ ਬਾਕੀ ਪਰਿਵਾਰਕ ਮੈਂਬਰਾਂ ਨਾਲ ਵੀ ਸਹਾਇਕ ਧੰਦਿਆਂ ਨਾਲ ਜੋੜਿਆ ਜਾ ਸਕੇ।
ਸਹਾਇਕ ਧੰਦਿਆਂ ਬਾਰੇ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮਧੂ ਮੱਖੀ ਪਾਲਣ, ਸੂਰ ਪਾਲਣ ਅਤੇ ਬੱਕਰੀ ਪਾਲਣ ਪ੍ਰਤੀ ਵੀ ਹੋਰ ਉਤਸ਼ਾਹਤ ਦਿਖਾਉਣਾ ਚਾਹੀਦਾ ਹੈ ਜਿਸ ਲਈ ਸੂਬਾ ਸਰਕਾਰ ਨੇ ਬਕਾਇਦਾ ਵੱਖਰੇ ਤੌਰ ’ਤੇ ਬੋਰਡ ਬਣਾ ਕੇ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤੇ ਹਨ।
ਇਸ ਮੇਲੇ ਵਿੱਚ ਕਰਵਾਏ 64 ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ 9 ਸੂਬਿਆਂ ਦੇ ਕਿਸਾਨਾਂ ਨੂੰ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਅਗਲੀ ਵਾਰ ਇਹ ਮੇਲਾ ਹੋਰ ਵੀ ਵੱਡੇ ਪੱਧਰ ’ਤੇ ਕਰਵਾਇਆ ਜਾਵੇਗਾ ਤਾਂ ਕਿ ਕਿਸਾਨਾਂ ਨੂੰ ਖੇਤੀਬਾੜੀ ਤੇ ਪਸ਼ੂ ਧਨ ਦੇ ਖੇਤਰ ਵਿੱਚ ਉੱਭਰਦੀ ਤਕਨਾਲੋਜੀ ਬਾਰੇ ਹੋਰ ਵਧੇਰੇ ਜਾਣਕਾਰੀ ਦਿੱਤੀ ਜਾ ਸਕੇ। ਇਸ ਮੇਲੇ ਵਿੱਚ ਦੁੱਧ ਉਤਪਾਦਨ ਵਿੱਚ ਪ੍ਰਤੀ ਦਿਨ 61.800 ਕਿਲੋ ਦੁੱਧ ਦੇ ਕੇ ਕੌਮੀ ਰਿਕਾਰਡ ਬਣਾਉਣ ਵਾਲੀ ਐਚ.ਐਫ. ਗਾਂ ਦੇ ਮਾਲਕ ਸ੍ਰੀ ਦਲਜੀਤ ਸਿੰਘ ਸਦਰਪੁਰਾ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਬਾਕੀ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਵਧਾਈ ਦਿੱਤੀ।
ਕੌਮੀ ਪਸ਼ੂ ਧਨ ਚੈਂਪੀਅਨਸ਼ਿਪ ਦੀ ਅਹਿਮੀਅਤ ਦਾ ਜ਼ਿਕਰ ਕਰਦਿਆਂ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜਿਵੇਂ ਕਬੱਡੀ ਨੇ ਵਿਸ਼ਵ ਪੱਧਰ ’ਤੇ ਪਛਾਣ ਬਣਾਈ ਹੈ, ਉਸੇ ਤਰ੍ਹਾਂ ਇਸ ਚੈਂਪੀਅਨਸ਼ਿਪ ਨੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਪਸ਼ੂ ਪਾਲਕਾਂ ਦਾ ਧਿਆਨ ਖਿੱਚਿਆ ਹੈ। ਉਨ੍ਹਾਂ ਕਿਹਾ ਕਿ ਇਸ ਚੈਂਪੀਅਨਸ਼ਿਪ ਵਿੱਚ ਗੁਜਰਾਤ, ਰਾਜਸਥਾਨ, ਹਿਮਾਚਲ ਪ੍ਰਦੇਸ਼, ਹਰਿਆਣਾ ਆਦਿ ਸੂਬਿਆਂ ਦੇ ਪਸ਼ੂ ਪਾਲਕਾਂ ਨੇ ਵੱਧ-ਚੜ੍ਹ ਕੇ ਸ਼ਿਰਕਤ ਕੀਤੀ ਹੈ ਜਿਸ ਨਾਲ ਇਸ ਚੈਂਪੀਅਨਸ਼ਿਪ ਦੀ ਮਹੱਤਤਾ ਦਾ ਪਤਾ ਲਗਦਾ ਹੈ। ਪਸ਼ੂ ਪਾਲਣ ਮਹਿਕਮੇ ਦੇ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੂੰ ਜੇਤੂ ਪਸ਼ੂ ਪਾਲਕਾਂ ਬਾਰੇ ਵੈੱਬਸਾਈਟ ਲਾਂਚ ਕਰਨ ਦਾ ਸੁਝਾਅ ਦਿੰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਹਰ ਪਸ਼ੂ ਪਾਲਕ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਇਸ ਤੋਂ ਪੰਜਾਬ ਦੇ ਨਾਲ-ਨਾਲ ਹੋਰਨਾਂ ਸੂਬਿਆਂ ਦੇ ਪਸ਼ੂ ਪਾਲਕ ਵੀ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਇਹ ਵੀ ਆਖਿਆ ਕਿ ਜੇਤੂ ਪਸ਼ੂ ਪਾਲਕਾਂ ਬਾਰੇ ਇਕ ਡਾਇਰੈਕਟਰੀ ਵੀ ਤਿਆਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਚੈਂਪੀਅਨ ਜਾਨਵਰਾਂ ਦੇ ਮਾਲਕਾਂ ਨੂੰ ਵੀ ਇਨਾਮ ਤਕਸੀਮ ਕੀਤੇ।
ਮੁੱਖ ਮੰਤਰੀ ਨੇ ਕੌਮਾਂਤਰੀ ਤੇ ਕੌਮੀ ਪੱਧਰ ਦੀਆਂ ਕੰਪਨੀਆਂ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਲਾਈਆਂ ਨੁਮਾਇਸ਼ਾਂ ਦਾ ਦੌਰਾ ਵੀ ਕੀਤਾ।
ਇਸ ਮੌਕੇ ਪਸ਼ੂ ਪਾਲਣ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਪੰਜ ਦਿਨ ਚੱਲੇ ਇਸ ਮੇਲੇ ਨੂੰ ਕਰਵਾਉਣ ਦੀ ਸੇਧ ਦੇਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਇਸ ਵਿੱਚ ਸ਼ਾਮਲ ਹੋਏ ਵੱਖ-ਵੱਖ ਸੂਬਿਆਂ ਦੇ ਕਿਸਾਨਾਂ, ਪ੍ਰਬੰਧਕਾਂ ਅਤੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ।
ਇਸ ਮੌਕੇ ਮੁੱਖ ਸੰਸਦੀ ਸਕੱਤਰ ਸ੍ਰੀ ਦੇਸ਼ ਰਾਜ ਧੁੱਗਾ, ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਮਨਦੀਪ ਸਿੰਘ ਸੰਧੂ, ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਸਕੱਤਰ ਪਸ਼ੂ ਪਾਲਣ ਸ੍ਰੀ ਵੀ.ਕੇ.ਮੀਣਾ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਸ੍ਰੀ ਐਚ.ਐਸ. ਸੰਧਾ, ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਸ. ਕੰਵਰਜੀਤ ਸਿੰਘ ਰੋਜੀ ਬਰਕੰਦੀ, ਚੇਅਰਮੈਨ ਤੇਜਿੰਦਰ ਸਿੰਘ ਮਿੱਡੂਖੇੜਾ, ਚੇਅਰਮੈਨ ਕੁਲਵਿੰਦਰ ਸਿੰਘ ਭਾਈ ਕਾ ਕੇਰਾ, ਸ੍ਰੀ ਮਨਜਿੰਦਰ ਸਿੰਘ ਬਿੱਟੂ, ਸ. ਸੁਖਦਰਸ਼ਨ ਸਿੰਘ ਮਰਾੜ, ਸ. ਬਸੰਤ ਸਿੰਘ ਕੰ, ਸ. ਸੰਤ ਸਿੰਘ ਬਰਾੜ, ਵਿਧਾਇਕ ਮਲੋਟ ਸ੍ਰੀ ਹਰਪ੍ਰੀਤ ਸਿੰਘ, ਸ: ਚਰਨਜੀਤ ਸਿੰਘ ਬਰਾੜ, ਡਿਪਟੀ ਕਮਿਸ਼ਨਰ ਸ੍ਰੀ ਜਸਕਿਰਨ ਸਿੰਘ, ਡੀ.ਆਈ.ਜੀ. ਸ: ਅਮਰ ਸਿੰਘ ਚਾਹਲ, ਐਸ.ਐਸ.ਪੀ. ਸ੍ਰੀ ਕੁਲਦੀਪ ਸਿੰਘ ਚਾਹਲ, ਏ.ਡੀ.ਸੀ. ਜਨਰਲ ਕੈਪਟਨ ਕਰੈਨਲ ਸਿੰਘ, ਏ.ਡੀ.ਸੀ ਵਿਕਾਸ ਸ੍ਰੀ ਰਾਮਵੀਰ, ਜੱਥੇਦਾਰ ਨਵੇਤਜ ਸਿੰਘ ਕਾਊੁਣੀ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ: ਕੁਲਵੰਤ ਸਿੰਘ ਆਦਿ ਵੀ ਹਾਜਰ ਸਨ।

WRITTEN BY