ਅੰਮ੍ਰਿਤਸਰ, 23 ਜਨਵਰੀ (ਪਰਦੀਪ ਸ਼ਰਮਾ)- ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਵੀ ਭਗਤ ਨੇ ਜਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਦੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਪਤੰਗ/ਗੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਅਤੇ ਉਹ ਬਹੁਤ ਮਜਬੂਤ, ਨਾ ਗਲਣਯੋਗ ਅਤੇ ਨਾ-ਟੁੱਟਣਯੋਗ ਹੈ। ਇਹ ਡੋਰ ਪਤੰਗਬਾਜੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਂਣ, ਉਡਦੇ ਪੰਛੀਆਂ ਦੇ ਫਸਜਾਣ ਤੇ ਉਨਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ। ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋਣ ਤੇ ਉਨਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।



