ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਜਲੰਧਰ/ਅੰਮ੍ਰਿਤਸਰ, 24 ਜਨਵਰੀ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਚੌਰ ਸਾਹਿਬ ਦੀ ਸੇਵਾ
ਕਰ ਰਹੇ ਸਨ।ਇਹ ਨਗਰ ਕੀਰਤਨ ਸਰਾਂ ਗੁਰੂ ਰਾਮਦਾਸ, ਜ਼ਲ੍ਹਿਆਂਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪੰਨ ਹੋਇਆ।
ਨਗਰ ਕੀਰਤਨ ਵਿੱਚ ਸ. ਦਲਮੇਘ ਸਿੰਘ ਤੇ ਸ.ਰੂਪ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾ ਤੇ ਸ. ਹਰਭਜਨ ਸਿੰਘ ਮਨਾਵਾਂ ਐਡੀ:ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ.ਹਰਮਿੰਦਰ ਸਿੰਘ ਮਧੂਲ, ਸ. ਬਿਜੈ ਸਿੰਘ ਤੇ ਸ. ਜਗਜੀਤ ਸਿੰਘ ਮੀਤ ਸਕੱਤਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸ.ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ.ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਟ, ਇੰਚਾਰਜ ਸ. ਸੁਖਬੀਰ ਸਿੰਘ ਤੇ ਸ.ਗੁਰਦਿਆਲ ਸਿੰਘ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ, ਸ. ਅਰਵਿੰਦਰ ਸਿੰਘ ਏ ਪੀ ਆਰ ੳ, ਸ. ਸੁਖਰਾਜ ਸਿੰਘ, ਸ. ਮਹਿੰਦਰ ਸਿੰਘ, ਸ. ਜਤਿੰਦਰ ਸਿੰਘ ਤੇ ਸ. ਗੁਰਾ ਸਿੰਘ ਐਡੀਸ਼ਨਲ ਮੈਨੇਜਰ ਤੋਂ ਇਲਾਵਾ ਸਮੂਹ ਧਾਰਮਿਕ ਸਭਾ-ਸੁਸਾਇਟੀਆਂ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਤੇ ਅਧਿਆਪਕ, ਵੱਖ-ਵੱਖ ਗੱਤਕਾ ਪਾਰਟੀਆਂ, ਧਾਰਮਿਕ, ਰਾਜਸੀ ਜਥੇਬੰਦੀਆਂ ਤੇ ਵੱਡੀ ਗਿਣਤੀ ਵਿੱਚ ਉਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ 26 ਜਨਵਰੀ ਦਿਨ ਸੋਮਵਾਰ ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਮੁਖਵਾਕ ਦੀ ਕਥਾ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰਨਗੇ। ਇਸੇ ਦਿਨ ਗੁਰਦੁਆਰਾ ਸ਼ਹੀਦ ਗੰਜ ਵਿਖੇ ਸਵੇਰੇ 9.00 ਵਜੇ ਅੰਮ੍ਰਿਤ ਸੰਚਾਰ ਹੋਵੇਗਾ।ਧਾਰਮਿਕ ਸਮਾਗਮ ਸਮੇਂ ਭਾਈ ਬਲਦੇਵ ਸਿੰਘ ਵਡਾਲਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਚਰਨ ਸਿੰਘ ਖਾਲਸਾ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਭਾਈ ਗੁਰਵਿੰਦਰ ਸਿੰਘ ਲੁਧਿਆਣਾ, ਭਾਈ ਗੁਰਚਰਨ ਸਿੰਘ ਰਸੀਆ (ਲੁਧਿਆਣਾ), ਭਾਈ ਦਵਿੰਦਰ ਸਿੰਘ ਤੇ ਭਾਈ ਗੁਲਬਾਗ ਸਿੰਘ ਜਲੰਧਰ, ਭਾਈ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਬੀਬੀ ਆਸ਼ੂਪ੍ਰੀਤ ਕੌਰ ਤੇ ਬੀਬੀ ਪਰਨੀਤ ਕੌਰ ਕਾਦੀਆਂ ਦੇ ਜਥੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਤੇ ਪ੍ਰਸਿੱਧ ਕਵੀ ਭਾਈ ਅਵਤਾਰ ਸਿੰਘ ਤਾਰੀ ਆਪਣੀ ਕਾਵਿ ਰਚਨਾ ਰਾਹੀਂ ਬਾਬਾ ਜੀ ਦੇ ਜੀਵਨ ’ਤੇ ਰੌਸ਼ਨੀ ਪਾਉਣਗੇ। ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਤੇ ਰਹਰਾਸਿ ਸਾਹਿਬ ਦੀ ਸਮਾਪਤੀ ਉਪਰੰਤ ਆਤਿਸ਼ਬਾਜੀ ਵੀ ਚਲਾਈ ਜਾਵੇਗੀ। ਸੰਗਤਾਂ ਨੂੰ ਅਪੀਲ ਹੈ ਕਿ ਮਹਾਨ ਸੂਰਬੀਰ ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋ ਰਹੇ ਧਾਰਮਿਕ ਸਮਾਗਮਾਂ ਮੌਕੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ।



