ਦਿੱਲੀ ਦੀਆਂ ਸਾਰੀਆਂ 4 ਸੀਟਾਂ ਲਈ ਕੁਆਰਡੀਨੇਟਰ ਤੇ ਇੰਚਾਰਜ ਨਿਯੁਕਤ
ਜਲੰਧਰ/ਚੰਡੀਗੜ੍ਹ, 28 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਉ¤ਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਉਤਰਾਂਖੰਡ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਆਪਣੇ ਉਮੀਦਵਾਰ ਖੜ੍ਹੇ ਕਰਕੇ ਕੌਮੀ ਸਿਆਸਤ ’ਚ ਦਸਤਕ ਦੇਵੇਗਾ।ਅੱਜ ਇਥੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਸਬੰਧ ’ਚ ਹੋਈ ਪਾਰਟੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪਾਰਟੀ ਨੇ ਦਿੱਲੀ ਚੋਣਾਂ ਲਈ ਐਲਾਨ ਗਏ ਆਪਣੇ ਚਾਰੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਉਣ ਲਈ ਕਮਰਕੱਸੇ ਕੱਸ ਲਏ ਹਨ। ਉਨ੍ਹਾਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ ਅਕਾਲੀ ਉਮੀਦਵਾਰਾਂ ਨੂੰ ਹੀ ਨਹੀਂ ਬਲਕਿ ਪੰਜਾਬੀ ਵਸੋਂ ਵਾਲੇ ਇਲਾਕਿਆਂ ’ਚ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਵੀ ਦਿਨ-ਰਾਤ ਇੱਕ ਕਰ ਦੇਣ।
ਇਸ ਮੌਕੇ ਪਾਰਟੀ ਪ੍ਰਧਾਨ ਵੱਲੋਂ ਦਿੱਲੀ ਚੋਣਾਂ ਲਈ ਸਮੁੱਚੇ ਚੋਣ ਪ੍ਰਚਾਰ ਦੌਰਾਨ ਤਾਲਮੇਲ ਲਈ ਚਾਰ ਪਾਰਟੀ ਇੰਚਾਰਜਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਜਿੰਮੇਵਾਰੀ ਸ. ਸੁਖਦੇਵ ਸਿੰਘ ਢੀਂਡਸਾ, ਸ. ਰਣਜੀਤ ਸਿੰਘ ਬ੍ਰਹਮਪੁਰਾ, ਸ੍ਰੀ ਨਿਰੇਸ਼ ਗੁਜਰਾਲ ਅਤੇ ਸ. ਮਨਜੀਤ ਸਿੰਘ ਜੀ.ਕੇ. ਨੂੰ ਸੌਂਪੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੱਖ-ਵੱਖ ਸੀਟਾਂ ’ਤੇ ਚੋਣ ਪ੍ਰਚਾਰ ਲਈ ਵੀ ਪਾਰਟੀ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ। ਇਸ ਤਹਿਤ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਸੁਰਜੀਤ ਸਿੰਘ ਰੱਖੜਾ ਅਤੇ ਸ. ਚਰਨਜੀਤ ਸਿੰਘ ਬਰਾੜ ਨੂੰ ਕਾਲਕਾ ਸੀਟ, ਸ. ਬਲਵਿੰਦਰ ਸਿੰਘ ਭੂੰਦੜ, ਸ. ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਹਰੀ ਨਗਰ ਸੀਟ, ਸ. ਸੇਵਾ ਸਿੰਘ ਸੇਖਵਾਂ ਅਤੇ ਸ. ਜਨਮੇਜਾ ਸਿੰਘ ਸੇਖੋਂ ਨੂੰ ਸ਼ਾਹਦਰਾ ਸੀਟ ਅਤੇ ਸ. ਬਿਕਰਮ ਸਿੰਘ ਮਜੀਠੀਆ ਤੇ ਬੀਬੀ ਜਗੀਰ ਕੌਰ ਨੂੰ ਰਾਜੌਰੀ ਗਾਰਡਨ ਸੀਟ ਦੀ ਜਿੰਮੇਵਾਰੀ ਸੌਂਪੀ ਗਈ।
ਇਸੇ ਦੌਰਾਨ ਦਿੱਲੀ ’ਚ ਪਾਰਟੀ ਦੇ ਮੁੱਖ ਦਫਤਰ ਦਾ ਕੰਮਕਾਜ ਡ. ਦਲਜੀਤ ਸਿੰਘ ਚੀਮਾ ਦੇਖਣਗੇ ਅਤੇ ਸ. ਪਰਮਜੀਤ ਸਿੰਘ ਸਿਧਵਾਂ ਤੇ ਸ. ਗੁਰਚਰਨ ਸਿੰਘ ਚੰਨੀ ਉਨ੍ਹਾਂ ਦੇ ਸਹਾਇਕ ਵਜੋਂ ਕੰਮ ਕਰਨਗੇ।
ਮੀਟਿੰਗ ਦੌਰਾਨ ਪਾਸ ਕੀਤੇ ਇਕ ਮਤੇ ਰਾਹੀਂ ਸ੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਪਦਮਾ ਵਿਭੂਸ਼ਨ ਸਨਮਾਨ ਨਾਲ ਸਨਮਾਨਿਤ ਕਰਨ ਦੇ ਫੈਸਲੇ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਇਸ ਮਤੇ ਰਾਹੀਂ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਅਤੇ ਦੇਸ਼ ਦੇ ਹਿਤਾਂ ਵਿੱਚ ਨਿਭਾਈ ਗਈ ਸੇਵਾਵਾਂ ਦੀ ਪ੍ਰਸੰਸਾ ਕੀਤੀ।



