ਬਰਨਾਲਾ, 9 ਫਰਵਰੀ : (ਸੱਤਬਚਨ/ਖੁੱਡੀ ਕਲਾਂ)- ਡਿਪਟੀ ਕਮਿਸ਼ਨਰ ਬਰਨਾਲਾ ਸ. ਗੁਰਲਵਲੀਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਟੇਟ ਬੈਂਕ ਆਫ਼ ਪਟਿਆਲਾ, ਲੀਡ ਬੈਂਕ ਬਰਨਾਲਾ ਦੀ 32ਵੀਂ ਜ਼ਿਲ੍ਹਾ ਸਲਾਹਕਾਰ ਕਮੇਟੀ, ਜ਼ਿਲ੍ਹਾ ਪੱਧਰੀ ਰੀਵਿਊ ਕਮੇਟੀ ਅਤੇ ਸਕਿਊਰਟੀ ਕਮੇਟੀ ਦੀ ਮੀਟਿੰਗ ਸਥਾਨਕ ਰੈਡ ਕਰਾਸ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ. ਸਿੱਧੂ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਸਰਕਾਰੀ ਸਹਿਕਾਰੀ ਅਤੇ ਗੈਰ-ਸਰਕਾਰੀ ਬੈਂਕਾਂ ਵੱਲੋਂ ਸਾਲ 2014-15 ਦੀ ਕਰਜ਼ਾ ਯੋਜਨਾ ਅਧੀਨ ਕਰਜ਼ਿਆਂ ਦੀ ਵੰਡ ਸਬੰਧੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਨਿਰਧਾਰਿਤ ਕੀਤੇ ਗਏ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੇ ਲੋੜਵੰਦ ਲੋਕਾਂ ਲਈ ਜਾਰੀ
ਕੀਤੀਆਂ ਜਾਂਦੀਆਂ ਭਲਾਈ ਸਕੀਮਾਂ ਤਹਿਤ ਸਪਾਂਸਰ ਕੀਤੇ ਗਏ ਕੇਸਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨਾ ਅਤੇ ਪੈਡਿੰਗ ਪਏ ਕੇਸਾਂ ਨੂੰ ਵੀ ਪਹਿਲ ਦੇ ਆਧਾਰ ਤੇ ਹੱਲ ਕਰਨਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਚੀਫ਼ ਮੈਨੇਜ਼ਰ ਲੀਡ ਬੈਂਕ ਨੂੰ ਆਦੇਸ਼ ਦਿੱਤਾ ਕਿ ਜੇਕਰ ਕੋਈ ਬੈਂਕ ਨਿਰਧਾਰਿਤ ਸਮੇਂ ਵਿੱਚ ਕੇਸਾਂ ਦਾ ਨਿਪਟਾਰਾ ਨਹੀਂ ਕਰਦਾ ਹੈ ਤਾਂ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇ।



