ਜੱਥੇਬੰਦਕ ਸਕੱਤਰ ਅਮਰੀਕ ਸਿੰਘ ਮੋਹਾਲੀ ਨੂੰ ਵੀ 3 ਸਾਲ ਦੀ ਸਜ਼ਾ
ਮੋਹਾਲੀ, 11 ਫਰਵਰੀ (ਪੀ. ਟੀ. ਲਾਇਵ)- ਪੰਜਾਬ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਖੇਤੀਬਾੜੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਬੁੱਧਵਾਰ ਨੂੰ ਮੋਹਾਲੀ ਦੀ ਇਕ ਅਦਾਲਤ ਨੇ 3 ਸਾਲ ਕੈਦ ਦੀ ਸਜ਼ਾ ਸੁਣਾਈ ਹੈ।ਇਸ ਦੇ ਨਾਲ ਹੀ ਅਦਾਲਤ ਨੇ ਸੁੱਚਾ ਸਿੰਘ ਲੰਗਾਹ ਨੂੰ ਇਕ ਕਰੋੜ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ।ਇਸ ਤੋਂ ਇਲਾਵਾ ਅਕਾਲੀ ਦਲ ਦੇ ਜੱਥੇਬੰਦਕ ਸਕੱਤਰ ਜੱਥੇਦਾਰ ਅਮਰੀਕ ਸਿੰਘ ਮੋਹਾਲੀ ਨੂੰ ਵੀ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਉਕਤ ਮੁਲਜ਼ਮਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਰੱਖਣ ਸੰਬੰਧੀ ਦਰਜ ਕੀਤਾ ਗਿਆ ਸੀ।ਇਸ ਮਾਮਲੇ ਦੀ ਸੁਣਵਾਈ ਜ਼ਿਲਾ
ਐੱਸ. ਏ. ਐੱਸ. ਨਗਰ ਅਦਾਲਤ ’ਚ ਚੱਲ ਰਹੀ ਸੀ।ਅਦਾਲਤ ਦੇ ਇਸ ਫੈਸਲੇ ਨਾਲ ਹੁਕਮਰਾਨ ਸ਼੍ਰੋਮਣੀ ਅਕਾਲੀ ਦਲ ਲਈ ਨਮੋਸ਼ੀ ਦੇ ਹਾਲਾਤ ਪੈਦਾ ਹੋ ਗਏ ਹਨ। ਸ੍ਰੀ ਲੰਗਾਹ ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਹਲਕੇ ਦਾ ਕੰਮ-ਕਾਜ ਵੀ ਦੇਖ ਰਹੇ ਸਨ। ਉਹ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਹਨ। ਮਾਝੇ ਵਿੱਚ ਉਨ੍ਹਾਂ ਦਾ ਨਾਮ ਵੱਡੇ ਅਕਾਲੀ ਲੀਡਰਾਂ ’ਚ ਲਿਆ ਜਾਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਉਹ ਕਾਫੀ ਨਜ਼ਦੀਕ ਹਨ। ਬੇਸ਼ੱਕ ਸ੍ਰੀ ਲੰਗਾਹ ਇਸ ਫੈਸਲੇ ਖਿਲਾਫ ਅਪੀਲ ਕਰਨਗੇ ਪ੍ਰੰਤੂ ਮੌਜੂਦਾ ਸਮੇਂ ਇਹ ਪੰਜਾਬ ਸਰਕਾਰ ਅਤੇ ਅਕਾਲੀ ਪਾਰਟੀ ਲਈ ਇੱਕ ਵੱਡਾ ਝਟਕਾ ਹੈ।



